ਲੋਕੇਸ਼ ਰਿਸ਼ੀ
- ਪੰਜਾਬ ਸਰਕਾਰ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਵਿਚ ਕੋਈ ਦਿੱਕਤ ਨਹੀਂ ਆਉਣ ਦੇਵੇਗੀ - ਕੈਬਨਿਟ ਮੰਤਰੀ ਸ. ਰੰਧਾਵਾ
ਗੁਰਦਾਸਪੁਰ, 28 ਮਾਰਚ 2020 - ਕਰਫ਼ਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਤੱਕ ਲੋੜੀਂਦੀਆਂ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋਕਾਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਸਰਕਾਰ ਵਚਨਬੱਧ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਉਸ ਸਮੇਂ ਕੀਤਾ ਗਿਆ। ਜਦੋਂ ਉਹ ਲੋਕਾਂ ਤਕ ਦਵਾਈਆਂ ਪੁੱਜਦਾ ਕਰਨ ਲਈ ਵਿਸ਼ੇਸ਼ ਮੋਬਾਈਲ ਵੈਨਾਂ ਨੂੰ ਰਵਾਨਾ ਕਰਨ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ, ਬਰਿੰਦਰ ਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਸਵਰਨਦੀਪ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਰੰਧਾਵਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਹਨ ਅਤੇ ਲੋਕ ਘਬਰਾਉਣ ਦੀ ਬਜਾਏ ਕਰਫ਼ਿਊ ਦੌਰਾਨ ਘਰਾਂ ਵਿਚ ਰਹਿਣ ਨੂੰ ਤਰਜੀਹ ਦੇਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਰੋਜ਼ਾਨਾ ਕੋਰੋਨਾ ਵਾਇਰਸ ਦੇ ਬਚਾਅ ਲਈ ਸੂਬੇ ਭਰ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਦੀ ਖ਼ੁਦ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋਕ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਮੰਤਰੀ ਰੰਧਾਵਾ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ-ਹਿਤ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੋਕ ਹਿਤ ਕਰਦਿਆਂ ਕਿਹਾ। ਕਿ ਇਸ ਸਮੇਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਵਜੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤਕ ਜ਼ਰੂਰੀ ਵਰਤੋਂ ਵਾਲੇ ਸਮਾਨ ਦੀ ਸਪਲਾਈ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਦਫ਼ਤਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਘਰਾਂ ਤਕ ਦਵਾਈਆਂ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਸਪਲਾਈ ਨਿਰੰਤਰ ਜਾਰੀ ਰਹੇਗੀ।
ਉੱਥੇ ਦੂਜੇ ਪਾਸੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਚਾਰ ਵਿਸ਼ੇਸ਼ ਮੋਬਾਈਲ ਵੈਨਾਂ ਸਥਾਪਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਲੋਕਾਂ ਦੀ ਸਹੂਲਤ ਸਬੰਧੀ ਲੋੜੀਂਦੀਆਂ ਦਵਾਈਆਂ ਦੇ ਨਾਲ ਨਾਲ ਇਕ ਫਾਰਮਾਸਿਸਟ ਤੇ ਡਾਕਟਰ ਵੀ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਆਮ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਨਿਰਧਾਰਿਤ ਮੁੱਲ ਨਾਲੋਂ 20 ਫ਼ੀਸਦੀ ਰਿਆਇਤ ਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣਗੀਆਂ। ਜਦੋਂ ਕਿ ਇਹਨਾਂ ਵੈਨਾਂ ਵਿਖੇ ਤਾਇਨਾਤ ਫਾਰਮਾਸਿਸਟ 'ਤੇ ਡਾਕਟਰ ਲੋਕਾਂ ਨੂੰ ਜ਼ਰੂਰਤ ਹੋਣ 'ਤੇ ਸਿਹਤ ਸੇਵਾਵਾਂ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਸੁਚਾਰੂ ਢੰਗ ਨਾਲ ਦੇਣ ਵਿਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਦੂਰ ਦੁਰਾਡੇ ਇਲਾਕੇ ਵਿਚ ਦਵਾਈਆਂ ਲੋਕਾਂ ਤਕ ਨਹੀਂ ਪਹੁੰਚ ਰਹੀਆਂ ਹਨ ਜਾਂ ਮੈਡੀਕਲ ਸਟੋਰਾਂ ਵੱਲੋਂ ਲੋਕਾਂ ਦੀ ਲੁੱਟ ਖਸੁੱਟ ਕੀਤੀ ਜਾ ਰਹੀ ਹੈ। ਇਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਰੈੱਡ ਕਰਾਸ ਰਾਹੀਂ ਲੋਕਾਂ ਤਕ ਦਵਾਈਆਂ ਦੀ ਸਪਲਾਈ ਭੇਜਣ ਦਾ ਫ਼ੈਸਲਾ ਲਿਆ ਗਿਆ ਅਤੇ ਰੋਜ਼ਾਨਾ ਕਰੀਬ 10 ਲੱਖ ਰੁਪਏ ਦੀਆਂ ਦਵਾਈਆਂ ਲੋਕਾਂ ਤਕ ਨਿਰੰਤਰ ਪਹੁੰਚਾਈਆਂ ਜਾਣਗੀਆਂ।