ਕੋਰੋਨਾ ਅਤੇ ਬਲੈਕ ਫੰਗਸ ਨਾਲ ਨਜਿੱਠਣ ਲਈ ਪ੍ਰਬੰਧ ਕਰੇ ਸਰਕਾਰ: ਨੀਲ ਗਰਗ
ਅਸ਼ੋਕ ਵਰਮਾ
ਬਠਿੰਡਾ,23ਮਈ 2021: ਆਮ ਆਦਮੀ ਪਾਰਟੀ (ਆਪ)ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੀਲ ਗਰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਕੋਰੋਨਾ ਮਹਾਮਾਰੀ ਦੀ ਤੀਜੀ ਲ਼ਹਿਰ ਅਤੇ ਬਲੈਕ ਫੰਗਸ ਦੀ ਮਾਰ ਨਾਲ ਨਜਿੱਠਣ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਮੌਤ ਦੇ ਮੂੰਹ ਚ ਜਾਣ ਤੋਂ ਬਚਾਇਆ ਜਾ ਸਕੇ। ਨੀਲ ਗਰਗ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਪੰਜਾਬ ਦੇ ਵਸਨੀਕਾਂ ਲਈ ਬਹੁਤ ਮਾਰੂ ਸਿੱਧ ਹੋਈ ਹੈ ਅਤੇ ਹੁਣ ਬਲੈਕ ਫੰਗਸ ਦੀ ਆ ਰਹੀ ਸਮੱਸਿਆ ਨੇ ਮੌਤਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੀ ਚੇਤਾਵਨੀ ਦੇ ਬਾਵਜੂਦ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਸਮੇਤ ਤਕਨੀਕੀ ਪ੍ਰਣਾਲੀ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸੂਬਾ ਭਰ ’ਚ ਕੋਰੋਨਾ ਨਾਲ ਪੀੜਤ ਗੰਭੀਰ ਮਰੀਜ਼ਾਂ ਦਾ ਜੀਵਨ ਬਚਾਉਣ ਲਈ ਜਿਥੇ ਦਵਾਈਆਂ ਦੀ ਘਾਟ ਰਹੀ, ਉਥੇ ਹੀ ਵੈਂਟੀਲੇਟਰ ਅਤੇ ਆਕਸੀਜਨ ਦੀ ਘਾਟ ਕਾਰਨ ਹਜ਼ਾਰਾਂ ਪੰਜਾਬੀਆਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ ।ਨੀਲ ਗਰਗ ਨੇ ਕਿਹਾ ਕਿ ਦੇਸ਼ ਦੇ ਵਿਗਿਆਨੀ ਤੇ ਮਾਹਰ ਡਾਕਟਰਾਂ ਨੇ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਤੋਂ ਬਚਣ ਲਈ ਕੋਰੋਨਾ ਖ਼ਿਲਾਫ਼ ਟੀਕਾਕਰਨ ਮੁਹਿੰਮ ਤੇਜੀ ਨਾਲ ਚਲਾਉਣ ਦੇ ਆਦੇਸ਼ ਦਿੱਤੇ ਹਨ, ਪਰ ਕੈਪਟਨ ਸਰਕਾਰ ਅਜੇ ਤੱਕ ਟੀਕੇ ਦੀ ਲੋੜੀਂਦੀ ਮਾਤਰਾ ਦਾ ਪ੍ਰਬੰਧ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਟੀਕਿਆਂ ਦੀ ਘਾਟ ਕਾਰਨ ਪੰਜਾਬ ਵਿੱਚ ਟੀਕਾ ਕੇਂਦਰ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ ਅਤੇ ਹੁਣ ਕੋਰੋਨਾ ਮਹਾਮਾਰੀ ਪਿੰਡਾਂ ਵਿੱਚ ਵੀ ਪੈਰ ਪਸਾਰ ਚੁੱਕੀ ਹੈ, ਪਰ ਸਰਕਾਰ ਨੇ ਪਿੰਡਾਂ ਵਿੱਚ ਟੀਕਾਕਰਨ ਮੁਹਿੰਮ ਵੱਲ ਕੋਈ ਕਦਮ ਨਹੀਂ ਪੁੱਟਿਆ। ਨੀਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਟੀਕਾ ਕੇਂਦਰ ਖੋਲ੍ਹਣੇ ਜਾਣ ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਟੀਕਾਕਰਨ ਦਾ ਲਾਭ ਸਮੇਂ ਸਿਰ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਤੇ ਹੋਰ ਸਟਾਫ਼, ਦਵਾਈਆਂ, ਵੈਂਟੀਲੇਟਰ, ਮੈਡੀਕਲ ਆਕਸੀਜਨ ਅਤੇ ਹੋਰ ਜੀਵਨ ਰੱਖਿਅਕ ਉਪਕਰਨਾਂ ਦਾ ਪ੍ਰਬੰਧ ਕੀਤਾ ਜਾਵੇ।