ਫਿਰੋਜ਼ਪੁਰ, 21 ਅਪ੍ਰੈਲ 2020 : ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਲਗਾਏ ਗਏ ਕਰਫਿਊ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਅਤੇ ਮਹਾਂਮਾਰੀ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਜਾਰੀ ਕੀਤੇ ਜਾਂਦੇ ਪਾਸਾਂ ਰਾਹੀਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ ਕਣਕ ਦੀ ਆਮਦ, ਖਰੀਦ ਅਤੇ ਲਿਫ਼ਟਿੰਗ ਲਗਾਤਾਰ ਜਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਅਮਰਜੀਤ ਸਿੰਘ ਪਿੰਡ ਕਾਸੂ ਬੇਗੂ ਵਾਲੇ ਨੇ ਫਿਰੋਜ਼ਪੁਰ ਛਾਉਣੀ ਮੰਡੀ ਵਿਚ ਆਪਣੀ ਕਣਕ ਦੀ ਫਸਲ ਵੇਚਣ ਮੌਕੇ ਕੀਤਾ। ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਕਰੋਨਾ ਵਾਇਰਸ ਵਰਗੀ ਬਿਮਾਰੀ ਤੋਂ ਬਚਾਅ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਪੀਣ ਵਾਲੇ ਪਾਣੀ, ਲੇਬਰ ਤੇ ਬਾਰਦਾਨੇ ਦੀ ਕੋਈ ਵੀ ਘਾਟ ਨਹੀਂ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਲਗਾਈਆਂ ਪਾਣੀ ਦੀਆਂ ਟੂਟੀਆਂ ਨੂੰ ਪੈਰ ਨਾਲ ਦਬਾਉਣ 'ਤੇ ਪਾਣੀ ਨਿਕਲਣ ਲੱਗ ਪੈਂਦਾ ਹੈ ਤੇ ਨਲ ਨੂੰ ਹੱਥ ਲਗਾਉਣ ਦੀ ਜ਼ਰੂਰਤ ਨਹੀਂ ਪੈਂਦੀ।ਉਨ੍ਹਾਂ ਦੱਸਿਆ ਕਿ ਜਿਹੜਾ ਵੀ ਕਿਸਾਨ ਮੰਡੀ ਵਿੱਚ ਆਪਣੀ ਕਣਕ ਦੀ ਫ਼ਸਲ ਲੈ ਕੇ ਆਉਂਦਾ ਹੀ ਪਹਿਲਾ ਮੇਨ ਗੇਟ ਤੇ ਉਸ ਦੇ ਟਰੈਕਟਰ ਟਰਾਲੀ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ ਤੇ ਉਸ ਦੇ ਹੱਥ ਵੀ ਸੈਨੇਟਾਈਜ਼ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਮੰਡੀ ਵਿਚ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਲੋਕਾਂ ਨੂੰ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਤੇ ਮੂੰਹ ਨੂੰ ਮਾਸਕ ਜਾਂ ਰੁਮਾਲ ਨਾਲ ਢੱਕਣ ਲਈ ਜਾਗਰੂਕ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਸ ਨੂੰ ਪੂਰੇ ਕਰਦੇ ਹੋਏ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾ ਰਿਹਾ ਹੈ ਤੇ ਅਸੀਂ ਸਾਰੇ ਕਿਸਾਨ ਬਹੁਤ ਖ਼ੁਸ਼ ਹਾਂ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੀ ਸਰਕਾਰ ਵੱਲੋਂ ਸਾਡੇ ਕਿਸਾਨਾਂ ਲਈ ਇੰਨੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 20 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 98,264 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ 85,700 ਮੀਟ੍ਰਿਕ ਟਨ ਦੀ ਖ਼ਰੀਦ ਹੋਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 26,416 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,476 ਪਨਸਪ ਵੱਲੋਂ 17,207, ਪੰਜਾਬ ਵੇਅਰਹਾਊਸ ਵੱਲੋਂ 13,948 ਐਫਸੀਆਈ ਵੱਲੋਂ 1633 ਅਤੇ ਵਪਾਰੀਆਂ ਵੱਲੋਂ 20 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕਣਕ ਦੀ ਫ਼ਸਲ ਪੂਰੀ ਤਰਾਂ ਪਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।