ਪਰਵਿੰਦਰ ਸਿੰਘ ਕੰਧਾਰੀ
- ਜ਼ਿਲ੍ਹੇ ਵਿਚ ਟੀਕਾਕਰਨ ਲਈ 86 ਸਥਾਨ ਬਣਾਏ ਗਏ, 35 ਹਜ਼ਾਰ ਤੋਂ ਵੱਧ ਲੋਕਾਂ ਦਾ ਟੀਕਾਕਰਨ
- ਡੀ ਸੀ ਦਫਤਰ ਵਿਖੇ ਵੀ ਲੱਗਿਆ ਵਿਸ਼ੇਸ਼ ਟੀਕਾਕਰਨ ਕੈਂਪ
ਫ਼ਰੀਦਕੋਟ ,9 ਅਪ੍ਰੈਲ - ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ , ਕਰੋਨਾ ਟੈਸਟਿੰਗ ,ਟ੍ਰੈਕਿੰਗ ਅਤੇ ਟ੍ਰੀਟਮੈਂਟ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਤੋ ਬਚਾਓ ਦਾ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਸਰੀਰ ਤੇ ਕੋਈ ਵੀ ਮਾਰੂ ਪ੍ਰਭਾਵ ਨਹੀਂ ਪੈਂਦਾ ,ਬਲਕਿ ਕੋਰੋਨਾ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਅੰਦਰ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜਿਲ੍ਹੇ ਅੰਦਰ ਅੱਜ ਤੱਕ ਤਕਰੀਬਨ 35465 ਡੋਜਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਦੇ ਦਰ 'ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ 86 ਸਥਾਨਾਂ ਸਾਰੇ ਸਰਕਾਰੀ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਹਸਪਤਾਲਾਂ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸ ਤੋ ਇਲਾਵਾ ਜਿਲ੍ਹੇ ਵਿੱਚ ਲੋੜ ਅਨੁਸਾਰ ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ।
ਜਿਲ੍ਹੇ ਵਿੱਚ ਕਰੋਨਾ ਦੇ ਵੱਧ ਰਹੇ ਕੇਸਾਂ ਤੇ ਚਿੰਤਾ ਜ਼ਾਹਿਰ ਕਰਦਿਆਂ ਉਨਾਂ ਕਿਹਾ ਕਿ ਮੁਹਿੰਮ ਦੇ ਤਹਿਤ ਸਾਰੀਆਂ ਗਤੀਵਿਧੀਆਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਬਹੁਤ ਜ਼ਰੂਰੀ ਹੈ।ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ।
ਉਨਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ।
ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ 250 ਰੁਪਏ ਫੀਸ ਤੈਅ ਕੀਤੀ ਹੈ। ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ selfregistration.cowin.gov.in' ਜਾਂ ਆਰੋਗਿਆ ਸੇਤੂ ਐਪ 'ਤੇ ਰਜਿਸਟਰ ਕਰ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਕਰਵਾਉਣ ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ 'ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਮੁਲਾਜ਼ਮਾਂ / ਅਧਿਕਾਰੀਆਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ।
ਇਸ ਮੌਕੇ ਸਿਵਲ ਸਰਜਨ ਡਾ.ਸੰਜੇ ਕਪੂਰ, ਡਿਪਟੀ ਐਸ.ਐਮ.ਓ ਡਾ.ਚੰਦਰ ਸ਼ੇਖਰ ਕੱਕੜ, ਫਲੈਗ ਚਾਵਲਾ ਮਾਸ ਮੀਡੀਆ ਅਫਸਰ ਵੀ ਹਾਜ਼ਰ ਸਨ।