ਅਸ਼ੋਕ ਵਰਮਾ
ਮਾਨਸਾ, 10 ਅਪ੍ਰੈਲ 2020 - ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਿਟੀਵ ਆਉਣ ਤੋਂ ਬਾਅਦ ਬੁਢਲਾਡਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਐਸ.ਡੀ.ਐਮ. ਬੁਢਲਾਡਾ ਆਦਿਤਯ ਡੇਚਲਵਾਲ ਅਤੇ ਡੀ.ਐਸ.ਪੀ. ਬੁਢਲਾਡਾ ਸ਼੍ਰੀ ਜਸਪਿੰਦਰ ਸਿੰਘ ਗਿੱਲ ਨਾਲ ਮੀਟਿੰਗ ਕੀਤੀ।
ਇਸ ਮੌਕੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁਢਲਾਡਾ ਵਿਖੇ ਪਹਿਲਾਂ 5 ਵਿਅਕਤੀ ਕੋਰੋਨਾ ਪਾਜ਼ਿਟੀਵ ਪਾਏ ਗਏ ਸਨ ਅਤੇ ਹੁਣ 6 ਹੋਰ ਕੋਰੋਨਾ ਪਾਜ਼ਿਟੀਵ ਪਾਏ ਗਏ ਹਨ। ਉਨਾਂ ਦੱਸਿਆ ਕਿ ਇਨਾਂ 11 ਵਿਅਕਤੀਆਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਲਾਜ਼ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਅਤੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬੁਢਲਾਡਾ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਚਹਿਲ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਇਨਾਂ ਪੋਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ, ਉਨਾਂ ਸਬੰਧੀ ਜਾਣਕਾਰੀ ਇਕੱਤਰ ਕਰਨ ਵਿੱਚ ਜ਼ਿਲਾ ਪ੍ਰਸਾਸ਼ਨ ਦਾ ਸਹਿਯੋਗ ਕੀਤਾ ਜਾਵੇ। ਉਨਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨਾਂ ਪੋਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਖੁਦ ਅੱਗੇ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਲਿਆਵੇ, ਤਾਂ ਜੋ ਉਨਾਂ ਦੇ ਸੈਂਪਲ ਲਏ ਜਾ ਸਕਣ।
ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਉਨਾਂ ਦੇ ਪਰਿਵਾਰ ਦੀ ਸਿਹਤ ਸਬੰਧੀ ਵੀ ਪੁੱਛਿਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਇਨਾਂ 11 ਪਾਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ, ਉਹ ਖੁਦ ਅੱਗੇ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ, ਤਾਂ ਜੋ ਉਨਾਂ ਦੀ ਜਾਂਚ ਕੀਤੀ ਜਾ ਸਕੇ। ਉਨਾਂ ਕਿਹਾ ਕਿ ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਬਹੁਤ ਹੀ ਚੰਗੀ ਗੱਲ ਹੈ ਅਤੇ ਜੇਕਰ ਪਾਜ਼ੀਟਿਵ ਆ ਵੀ ਜਾਂਦੀ ਹੈ ਤਾਂ ਤੁਰੰਤ ਉਨਾਂ ਦਾ ਇਲਾਜ ਕੀਤਾ ਜਾ ਸਕੇ।