ਬੁਢਲਾਡਾ ਵਿਖੇ ਆਏ 3 ਪਾਜ਼ਿਟੀਵ ਵਿਅਕਤੀਆਂ ਸਬੰਧੀ ਡਵੀਜ਼ਨਲ ਕਮਿਸ਼ਨਰ ਨੇ ਅਧਿਕਾੀਆਂ ਤੋਂ ਲਿਆ ਜਾਇਜ਼ਾ
ਮਾਨਸਾ, 05 ਅਪ੍ਰੈਲ 2020: ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ ਆਏ 3 ਕੋਰੋਨਾ ਵਾਇਰਸ ਪੋਜ਼ਿਟੀਵ ਵਿਅਕਤੀਆਂ ਸਬੰਧੀ ਅੱਜ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਮਾਨਸਾ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਹ ਵਿਅਕਤੀ ਦਿੱਲੀ ਨਿਜ਼ਾਮੂਦੀਨ ਮਰਕਜ਼ ਤੋਂ ਆਏ ਸਨ ਅਤੇ ਬੁਢਲਾਡਾ ਵਿਖੇ ਇੱਕ ਮਸਜਿਦ ਵਿੱਚ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਟੈਸਟ ਕਰਵਾਉਣ ਤੋਂ ਬਾਅਦ ਪਾਜ਼ਿਟੀਵ ਆਏ 3 ਵਿਅਕਤੀਆਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ 6 ਵਿਅਕਤੀਆਂ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਨੂੰ ਬੁਢਲਾਡਾ ਆਈ.ਟੀ.ਆਈ. ਵਿਖੇ ਇਹਤਿਆਤ ਦੇ ਤੌਰ 'ਤੇ ਰੱਖਿਆ ਗਿਆ ਹੈ।
ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਡਵੀਜ਼ਨਲ ਕਮਿਸ਼ਨਰ ਸ਼੍ਰੀ ਕੌਸ਼ਿਕ ਦੇ ਧਿਆਨ ਵਿੱਚ ਲਿਆਂਦਾ ਕਿ ਹਸਪਤਾਲ ਵਿੱਚ ਦਾਖਲ ਵਿਅਕਤੀਆਂ ਦਾ ਡਾਕਟਰਾਂ ਦੀ ਟੀਮ ਦੀ ਦੇਖ-ਰੇਖ ਹੇਠ ਇਲਾਜ ਚੱਲ ਰਿਹਾ ਹੈ ਅਤੇ ਬੁਢਲਾਡਾ ਵਿਖੇ ਇਕਾਂਤਵਾਸ ਵਿੱਚ ਰੱਖੇ ਗਏ ਵਿਅਕਤੀਆਂ ਦੀ ਵੀ ਰੋਜ਼ਾਨਾਂ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ।
ਡਵੀਜ਼ਨਲ ਕਮਿਸ਼ਨਰ ਸ਼੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹਦਾਇਤ ਕੀਤੀ ਜਦ ਤੱਕ ਕੋਰੋਨਾ ਵਾਇਰਸ ਦਾ ਇਹ ਖ਼ਤਰਾ ਪੂਰੀ ਤਰ੍ਹਾਂ ਟਲ ਨਹੀਂ ਜਾਂਦਾ, ਉਦੋਂ ਤੱਕ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਅਤੇ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਵਿੱਚ ਬਿਲਕੁੱਲ ਵੀ ਢਿੱਲ ਨਾ ਵਰਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ ਮੌਜੂਦ ਸਨ।