ਭਾਵਨਾ ਗੁਪਤਾ, ਗੈਸਟ ਰਿਪੋਰਟਰ
- ਡਾਕਟਰਾਂ ਤੇ ਕੋਰੋਨਾ ਯੋਧਿਆਂ ਬਾਰੇ ਲੋਕਾਂ 'ਚ ਭਰਮ ਪੈਦਾ ਕਰਨ ਲਈ ਸੋਸ਼ਲ ਮੀਡੀਆ 'ਤੇ ਪੋਸਟਾਂ ਕੀਤੀਆਂ ਸਨ ਅਪਲੋਡ
- ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਐਸ.ਐਸ.ਪੀ
- ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ - ਦੁੱਗਲ
ਪਟਿਆਲਾ, 30 ਅਗਸਤ 2020 - ਪਟਿਆਲਾ ਪੁਲਿਸ ਨੇ ਆਮ ਲੋਕਾਂ ਦੇ ਮਨਾਂ 'ਚ ਕੋਰੋਨਾ ਮਹਾਂਮਾਰੀ ਅਤੇ ਕੋਰੋਨਾ ਯੋਧਿਆਂ ਬਾਰੇ ਭਰਮ ਪੈਦਾ ਕਰਨ ਅਤੇ ਅਫ਼ਵਾਹਾਂ ਫੈਲਾਉਣ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਅਜਿਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ 'ਤੇ ਵੀਡੀਓ ਅਤੇ ਪੋਸਟਾਂ ਅਪਲੋਡ ਕਰਕੇ ਗ਼ਲਤ ਪ੍ਰਚਾਰ ਕੀਤਾ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ੍ਰੀ ਵਿਕਰਮਜੀਤ ਦੁੱਗਲ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਕੋਰੋਨਾ ਮਹਾਂਮਾਰੀ ਸਬੰਧੀਂ ਭਰਮ ਭੁਲੇਖੇ ਪੈਦਾ ਕਰਨ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਤ੍ਰਿਪੜੀ ਵਿਖੇ ਆਈ.ਪੀ.ਸੀ. ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਦਰਜ ਕੀਤੇ ਗਏ ਪਹਿਲੇ ਮਾਮਲੇ 'ਚ ਗਰੀਸ਼ ਭੱਟ ਪੁੱਤਰ ਪਰਮਾਨੰਦ ਭੱਟ ਵਾਸੀ ਰਣਜੀਤ ਨਗਰ ਨੂੰ ਨਾਮਜਦ ਕੀਤਾ ਗਿਆ ਹੈ। ਇਸ ਵਿਅਕਤੀ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਅਪਲੋਡ ਕਰਕੇ ਕੋਰੋਨਾ ਮਹਾਂਮਾਰੀ ਅਤੇ ਡਾਕਟਰਾਂ ਅਤੇ ਕੋਰੋਨਾ ਯੋਧਿਆਂ ਬਾਰੇ ਝੂਠੇ ਦੋਸ਼ ਲਗਾਉਂਦਿਆਂ ਕਾਫ਼ੀ ਭਰਮ ਭੁਲੇਖੇ ਪੈਦਾ ਕਰਦੇ ਹੋਏ ਅਫ਼ਵਾਹਾਂ ਫੈਲਾਈਆਂ ਸਨ। ਪੁਲਿਸ ਨੇ ਇਸ ਨੂੰ ਗ੍ਰਿਫ਼ਤਾਰ ਕਰਕੇ ਇਸਦਾ ਫੋਨ ਆਦਿ ਜਬਤ ਕਰ ਲਿਆ ਹੈ।
ਦੁੱਗਲ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਿਵਲ ਲਾਈਨਜ ਵਿਖੇ ਆਈ.ਪੀ.ਸੀ. ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਦਰਜ ਕੀਤੇ ਗਏ ਪਹਿਲੇ ਮਾਮਲੇ 'ਚ ਸਰਬਜੋਤ ਸਿੰਘ ਸੋਨੂ ਪੁੱਤਰ ਘੁਲਵਿੰਦਰ ਸਿੰਘ ਵਾਸੀ ਗੋਬਿੰਦ ਨਗਰ ਨੂੰ ਨਾਮਜਦ ਕਰਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨੇ ਪਟਿਆਲਾ ਦੇ ਇਕ ਫੇਸਬੁਕ ਗਰੁੱਪ ਵਿੱਚ ਪੋਸਟ ਪਾ ਕੇ ਪਿੰਡਾਂ ਵਿੱਚ ਕੋਵਿਡ-19 ਦੇ ਟੈਸਟ ਕਰਨ ਲਈ ਸੈਂਪਲ ਲੈਣ ਅਤੇ ਕੋਵਿਡ ਬਾਰੇ ਪ੍ਰਚਾਰ ਜਾਂਦੀਆਂ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਕੋਰੋਨਾ ਯੋਧਿਆਂ ਬਾਰੇ ਭਰਮ ਭੁਲੇਖੇ ਪੈਦਾ ਕਰਕੇ ਅਫ਼ਵਾਹਾਂ ਫੈਲਾਈਆਂ ਸਨ। ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਡੀ.ਐਸ.ਪੀ. ਸਿਟੀ-2 ਸੌਰਵ ਜਿੰਦਲ ਕਰ ਰਹੇ ਹਨ।
ਦੁੱਗਲ ਨੇ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਦਰਜ ਹੋਣ ਵਾਲੇ ਮਾਮਲੇ ਉਨ੍ਹਾਂ ਲਈ ਵੱਡੀ ਸਮੱਸਿਆ ਦਾ ਕਾਰਨ ਬਣ ਸਕਦੇ ਹਨ, ਇਸ ਲਈ ਲੋਕ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ, ਜਿਸ ਨਾਲ ਲੋਕਾਂ 'ਚ ਕਿਸੇ ਕਿਸਮ ਦੀ ਕੋਈ ਗ਼ਲਤ ਧਾਰਨਾ ਪੈਦਾ ਹੋਵੇ ਜਾਂ ਭਰਮ-ਭੁਲੇਖੇ ਪੈਦਾ ਹੋਣ। ਐਸ.ਐਸ.ਪੀ. ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਅਜਿਹੇ ਅਨਸਰਾਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ, ਜਿਹੜੇ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ਦੀ ਵਰਤੋਂ ਕਰਕੇ ਕੋਵਿਡ-19 ਮਹਾਂਮਾਰੀ ਅਤੇ ਕੋਰੋਨਾ ਯੋਧਿਆਂ, ਜਿਨ੍ਹਾਂ 'ਚ ਡਾਕਟਰ, ਪੈਰਾ ਮੈਡੀਕਲ, ਪੁਲਿਸ, ਆਸ਼ਾ ਵਰਕਰਜ਼ ਅਤੇ ਹੋਰ ਕੋਰੋਨਾ ਯੋਧੇ ਸ਼ਾਮਲ ਹਨ, ਬਾਰੇ ਕਿਸੇ ਕਿਸਮ ਦੀਆਂ ਅਫ਼ਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ।
ਵਿਕਰਮ ਜੀਤ ਦੁੱਗਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਵਿਡ-19 ਖ਼ਿਲਾਫ਼ ਲੜੀ ਜਾ ਰਹੀ ਜੰਗ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਦਿਤੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕੀਤਾ ਜਾਵੇ।