ਪਰਵਿੰਦਰ ਸਿੰਘ ਕੰਧਾਰੀ
- ਰਾਜ ਵਿੱਚ ਕਰੋਨਾ ਦੇ ਟੈਸਟਾਂ ਦੀ ਸਮੱਰਥਾ ਤਿੱਗਣੀ ਕੀਤੀ ਜਾਵੇਗੀ
- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਲੈਬ ਵਿੱਚ ਹੁਣ ਤੱਕ ਵੱਖ ਵੱਖ ਜਿਲ੍ਹਿਆਂ ਦੇ 5 ਹਜ਼ਾਰ ਸੈਂਪਲਾਂ ਦੇ ਟੈਸਟ ਹੋਏ ਜਿੰਨਾ ਵਿਚੋਂ 300 ਪਾਜਟਿਵ ਪਾਏ ਗਏ
- ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ, ਵੀ.ਸੀ. ਡਾ. ਰਾਜ ਬਹਾਦਰ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਅਤੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਤੋਂ ਇਲਾਵਾ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਫਰੀਦਕੋਟ, 6 ਮਈ 2020 - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਵਿਰੁੱਧ ਜੰਗ ਲੜੀ ਜਾ ਰਹੀ ਹੈ ਅਤੇ ਇਸ ਲੜਾਈ ਤੇ ਜਿੱਤ ਪ੍ਰਾਪਤ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਅਤੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ, ਉੱਪ ਕੁੱਲਪਤੀ ਡਾ. ਰਾਜ ਬਹਾਦਰ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਅਤੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਕਾਲਜ ਦੇ ਅਧਿਕਾਰੀਆਂ ਨਾਲ ਕਰੋਨਾ (ਕੋਵਿਡ-19) ਦੀ ਸਥਿਤੀ ਦਾ ਜਾਇਜ਼ਾ ਲੈਣ, ਜਿਲ੍ਹੇ ਵਿੱਚ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ, ਆਮ ਨਾਗਰਿਕਾਂ ਨੂੰ ਕਰਫਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ, ਦੂਜੇ ਰਾਜਾਂ ਤੋਂ ਆਏ ਲੋਕਾਂ ਦੇ ਸੈਂਪਲ ਲੈਣ, ਉਨ੍ਹਾਂ ਦੀ ਟੈਸਟਿੰਗ ਸਮੇਤ ਵੱਖ ਵੱਖ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰੋਨਾ ਵਿਰੁੱਧ ਜੰਗ ਪੂਰੀਆਂ ਤਿਆਰੀਆਂ ਅਤੇ ਜਜ਼ਬੇ ਨਾਲ ਲੜ ਰਹੀ ਹੈ। ਉਨ੍ਹਾਂ ਇਸ ਲੜਾਈ ਵਿੱਚ ਅੱਗੇ ਹੋ ਕੇ ਕੰਮ ਕਰਨ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੁਲਿਸ ਆਦਿ ਦੇ ਕੰਮਾਂ ਦੀ ਸਰਹਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪੂਰੇ ਰਾਜ ਵਿੱਚ ਕਰਫਿਊ ਚੱਲ ਰਿਹਾ ਹੈ ਪਰ ਇਸ ਦੇ ਬਾਵਜਦੂ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਗਰੀਬ ਤੇ ਲੋੜਵੰਦਾਂ ਨੂੰ ਸਰਕਾਰ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਲੋੜੀਂਦਾ ਰਾਸ਼ਨ, ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਤੇ ਦੂਜੇ ਰਾਜਾਂ ਤੋਂ ਆਏ ਪੰਜਾਬ ਦੇ ਵਸਨੀਕਾਂ ਨੂੰ ਇਕਾਂਤਵਾਸ ਕੇਂਦਰਾਂ ਵਿੱਚ ਰੱਖਿਆ ਗਿਆ ਹੈ, ਜਿੰਨਾ ਦੀ ਗਿਣਤੀ 7000 ਹੈ ਜੋ ਕਿ ਹਜ਼ਰੂ ਸਾਹਿਬ ਤੋਂ ਆਏ ਹਨ ਅਤੇ ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਆਈ ਲੇਬਰ ਵੀ ਹੈ। ਸਰਕਾਰ ਵੱਲੋਂ ਇਨ੍ਹਾਂ ਦੇ ਸੈਂਪਲ ਲੈ ਕੇ ਜੰਗੀ ਪੱਧਰ ਤੇ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਰਾਜ ਵਿੱਚ ਰੋਜ਼ਾਨਾ ਟੈਸਟਾਂ ਦੀ ਸਮਰੱਥਾ 2 ਹਜ਼ਾਰ ਤੱਕ ਪਹੁੰਚ ਚੁੱਕੀ ਹੈ ਤੇ ਇਸ ਨੂੰ ਆਉਂਦੇ ਦਿਨਾਂ ਵਿੱਚ ਤਿੱਗਣੀ ਕਰਨ ਦੀ ਯੋਜਨਾ ਹੈ, ਤੇ ਇਸ ਸਬੰਧੀ ਸਾਰੇ ਉਪਕਰਨ ਵਿਦੇਸ਼ਾਂ ਤੋਂ ਮੰਗਵਾਏ ਜਾ ਰਹੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਮੁਸ਼ਕਿਲ ਦੀ ਘੜੀ ਵਿੱਚ ਸਿਆਸਤ ਜਾਂ ਸਰਕਾਰ ਦੀ ਨੁਕਤਾਚੀਨੀ ਕਰਨ ਦੀ ਥਾਂ ਕਰੋਨਾ ਵਿਰੁੱਧ ਜੰਗ ਜਿੱਤਣ ਲਈ ਸਰਕਾਰ ਦਾ ਸਾਥ ਦੇਣ ਤਾਂ ਜੋ ਇਸ ਬਿਮਾਰੀ ਤੇ ਜਲਦੀ ਤੋਂ ਜਲਦੀ ਕਾਬੂ ਪਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਇਕਾਂਤਵਾਸ ਕੇਂਦਰਾਂ ਵਿੱਚ ਜਿੱਥੇ ਹਜ਼ੂਰ ਸਾਹਿਬ ਦੇ ਯਾਤਰੀ ਅਤੇ ਦੂਜੇ ਰਾਜਾਂ ਤੋਂ ਵਾਪਸ ਪਰਤੀ ਲੇਬਰ ਨੂੰ ਰੱਖਿਆ ਗਿਆ ਹੈ, ਵਿਖੇ ਲੰਗਰ, ਰਿਹਾਇਸ਼ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ ਤੇ ਉਨ੍ਹਾਂ ਦੀ ਸਮੇਂ ਸਮੇਂ ਤੇ ਮੈਡੀਕਲ ਜਾਂਚ ਅਤੇ ਸੈਪਲਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਫਿਊ ਦੌਰਾਨ ਲੋਕਾਂ ਦੀ ਸਹੂਲਤ ਲਈ ਰਾਸ਼ਨ ਦੀ ਸਪਲਾਈ, ਕਣਕ ਦੀ ਖਰੀਦ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਕਰੋਨਾ ਪਾਜੀਟਿਵ ਮਰੀਜ਼ਾਂ ਦੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਉੱਪ ਕੁੱਲਪਤੀ ਬਾਬਾ ਫਰੀਦ ਯੂਨੀਵਰਸਿਟੀ ਡਾ. ਰਾਜ ਬਹਾਦਰ ਨੇ ਸ੍ਰੀ ਸੋਨੀ ਨੂੰ ਦੱਸਿਆ ਕਿ ਯੂਨੀਵਰਸਿਟੀ ਦੀ ਵੀ.ਆਰ.ਡੀ.ਐਲ. ਲੈਬ ਵਿੱਚ ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮੁਕਤਸਰ, ਮਾਨਸਾ, ਫਰੀਦਕੋਟ ਸਮੇਤ ਹੋਰ ਕਈ ਜਿਲ੍ਹਿਆਂ ਦੇ ਵੀ ਕਰੋਨਾ ਮਰੀਜ਼ਾਂ ਦੇ ਸੈਂਪਲ ਆ ਰਹੇ ਹਨ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਸਟਾਫ ਵੱਲੋਂ ਦਿਨ ਰਾਤ ਟੈਸਟਿੰਗ ਜਾਰੀ ਹੈ ਅਤੇ ਹੁਣ ਤੱਕ 5 ਹਜ਼ਾਰ ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਫਰੀਦਕੋਟ ਜਿਲ੍ਹੇ ਵਿੱਚ ਪਹੁੰਚੇ ਹਜ਼ੂਰ ਸਾਹਿਬ ਤੋ ਸ਼ਰਧਾਲੂਆਂ, ਦੂਜੇ ਰਾਜਾਂ ਤੋਂ ਪਰਤੀ ਲੇਬਰ, ਜਿਲ੍ਹੇ ਵਿੱਚ ਜ਼ਰੂਰਤਮੰਦਾਂ ਅਤੇ ਲੋੜਵੰਦਾਂ ਨੂੰ ਜਿਲ੍ਹਾ ਪ੍ਰਸ਼ਾਸਨ, ਰੈੱਡ ਕਰਾਸ, ਸਮਾਜ ਸੇਵੀ ਸੰਸਥਾਵਾਂ ਵੱਲੋਂ ਮੁਹੱਈਆ ਕਰਵਾਏ ਗਏ ਅਤੇ ਕਰਵਾਏ ਜਾ ਰਹੇ ਰਾਸ਼ਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 1300 ਲੋਕ ਜੋ ਕਿ ਦੂਜੇ ਰਾਜ ਤੋਂ ਪਰਤੇ ਹਨ ਨੂੰ ਇਕਾਂਤਵਾਸ ਕੇਂਦਰਾਂ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਹਰ ਸਹੂਲਤ ਮੁੱਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਵਿੱਚ ਦੂਜੇ ਰਾਜਾਂ ਦੇ ਲੋਕਾਂ ਨੂੰ ਵਾਪਸ ਭੇਜਣ ਲਈ ਉਨ੍ਹਾਂ ਦੀ ਸਕਰੀਨਿੰਗ ਕਰਵਾਈ ਗਈ ਹੈ ਅਤੇ ਕਰੀਬ 2240 ਲੋਕਾਂ ਨੂੰ ਜਲਦੀ ਹੀ ਉਨ੍ਹਾਂ ਦੇ ਰਾਜਾਂ ਵਿੱਚ ਵਾਪਸ ਭੇਜਿਆ ਜਾਵੇਗਾ।
ਜਿਲ੍ਹਾ ਪੁਲਿਸ ਮੁੱਖੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪਿੰ੍ਰ: ਡਾ. ਦੀਪਕ ਜੋਹਨ ਭੱਟੀ ਅਤੇ ਹੋਰ ਸਟਾਫ ਵੀ ਹਾਜ਼ਰ ਸੀ।