ਕੋਰੋਨਾ ਮਹਾਮਾਰੀ : ਕਾਂਗਰਸ ਵੱਲੋਂ ਡੀ ਸੀ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ
ਅਸ਼ੋਕ ਵਰਮਾ
ਬਠਿੰਡਾ,4ਜੂਨ2021: ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਜ਼ਰੂਰੀ ਜ਼ਰੂਰੀ ਕਦਮ ਉਠਾਏ ਜਾਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ ਕੇ ਅਗਰਵਾਲ ਅਤੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੀ ਅਗਵਾਈ ਹੇਠ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮਿੰਗ ਪੱਤਰ ਸੌਂਪਿਆ । ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਹਰ ਰੋਜ਼ ਦੇਸ਼ ਅੰਦਰ ਇੱਕ ਕਰੋੜ ਲੋਕਾਂ ਨੂੰ ਮੁਫਤ ਵੈਕਸੀਨ ਦਾ ਟੀਕਾ ਲਗਾਇਆ ਜਾਣਾ ਚਾਹੀਦਾ ਹੈ। ਕਾਂਗਰਸੀ ਆਗੂ ਅਰੁਣ ਵਧਾਵਨ,ਕੇ ਕੇ ਅਗਰਵਾਲ ਅਤੇ ਜੈਜੀਤ ਜੌਹਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਬਚਾਉਣ ਲਈ ਪ੍ਰਬੰਧ ਕਰਨ ਤੋਂ ਆਪਣਾ ਪੱਲਾ ਝਾੜ ਲਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਕੇਂਦਰ ਸਰਕਾਰ ਕੋਰੋਨਾ ਵੈਕਸੀਨ ਦਾ ਵੀ ਪੂਰਾ ਪ੍ਰਬੰਧ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਵੈਕਸੀਨ ਦਾ ਪਹਿਲਾ ਆਰਡਰ ਜਨਵਰੀ 2021 ਵਿੱਚ ਦਿੱਤਾ। ਉਹ ਵੀ ਦੇਸ਼ ਦੀ 140 ਕਰੋੜ ਜਨਤਾ ਦੇ ਮੁਕਾਬਲੇ 39 ਕਰੋੜ ਵੈਕਸੀਨ ਦੀਆਂ ਖੁਰਾਕਾਂ ਲਈ ਹੀ ਕਾਂਗਰਸੀ ਆਗੂਆਂ ਨੇ ਦੱਸਿਆ ਕਿ 31 ਮਈ 2021 ਤੱਕ ਕੇਵਲ 21.31 ਕਰੋੜ ਡੋਜ਼ਾਂ ਵੈਕਸੀਨ ਦੀਆਂ ਲਾਈਆਂ ਗਈਆਂ। ਜੈਜੀਤ ਜੌਹਲ ਨੇ ਕਿਹਾ ਕਿ ਪਿਛਲੇ 134 ਦਿਨਾਂ ਵਿਚ ਵੈਕਸੀਨੇਸ਼ਨ ਜਿਸ ਔਸਤ ਨਾਲ ਲੱਗ ਰਹੀ ਹੈ, ਉਸ ਹਿਸਾਬ ਨਾਲ ਦੇਸ਼ ਦੇ ਲੋਕਾਂ ਨੂੰ ਵੈਕਸੀਨ ਦਾ ਟੀਕਾ ਲਗਾਉਣ ਲਈ ਤਿੰਨ ਸਾਲ ਦਾ ਹੋਰ ਸਮਾਂ ਲੱਗ ਜਾਵੇਗਾ।
ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੀ ਡੋਜ਼ 4.45 ਕਰੋੜ ਲੋਕਾਂ ਨੂੰ ਮਿਲੀ ਹੈ। ਇਸ ਤਰ੍ਹਾਂ ਦੇਸ਼ ਦੀ 3.17 ਫ਼ੀਸਦੀ ਆਬਾਦੀ ਹੀ ਵੈਕਸੀਨੇਸ਼ਨ ਹੇਠ ਆਈ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇਸ ਦਾ ਫ਼ਿਕਰ ਨਹੀਂ ਜਦੋਂਕਿ 6.63 ਕਰੋੜ ਖੁਰਾਕਾਂ ਹੋਰਨਾਂ ਦੇਸ਼ਾਂ ਨੂੰ ਭੇਜ ਦਿੱਤੀਆਂ। ਆਗੂਆਂ ਨੇ ਕਿਹਾ ਕਿ ਭਾਵੇਂ ਵੈਕਸੀਨ ਦਾ ਰੇਟ ਸਰਕਾਰ ਨੇ ਤੈਅ ਕੀਤਾ ਹੈ ਪਰ ਨਿੱਜੀ ਹਸਪਤਾਲ ਕਈ ਕਈ ਗੁਣਾ ਰੇਟ ਵਸੂਲ ਕਰ ਰਹੇ ਹਨ। ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਹਰ ਰੋਜ਼ ਇੱਕ ਕਰੋੜ ਲੋਕਾਂ ਦੀ ਮੁਫਤ ਵੈਕਸੀਨੇਸ਼ਨ ਕੀਤੀ ਜਾਵੇ ਅਤੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਲੋੜੀਂਦੇ ਕਦਮ ਉਠਾਉਣ ਵਾਸਤੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤੇ ਜਾਣ।