ਹਰਿੰਦਰ ਨਿੱਕਾ
- ਜ਼ਿਲ੍ਹੇ ਵਿਚ ਹੁਣ ਤੱਕ 68976 ਘਰਾਂ ਦੇ 3.25 ਲੱਖ ਵਿਅਕਤੀਆਂ ਦਾ ਕੀਤਾ ਜਾ ਚੁੱਕਾ ਹੈ ਸਰਵੇਖਣ
- ਸਿਹਤ ਵਿਭਾਗ ਦੀਆਂ ਟੀਮਾਂ ਤਨਦੇਹੀ ਨਾਲ ਡਟੀਆਂ
ਬਰਨਾਲਾ, 1 ਮਈ 2020 - ਜ਼ਿਲ੍ਹਾ ਬਰਨਾਲਾ ਵਿਚ ਕ-ਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹੇ ਵਿਚ ਸਿਹਤ ਅਮਲੇ ਵੱਲੋਂ ਘਰ ਘਰ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਖੰਘ, ਜੁਕਾਮ, ਬੁਖਾਰ ਆਦਿ ਲੱਛਣ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਜਾ ਸਕੇ।
ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਹ ਸਰਵੇਖਣ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 68,976 ਘਰਾਂ ਦਾ ਦੌਰਾ ਕਰ ਕੇ 3,25,796 ਵਿਅਕਤੀਆਂ ਦਾ ਸਰਵੇਖਣ ਕੀਤਾ ਜਾ ਚੁੱਕਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਅੰਦਰ ਘਰ ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਸਰਵੇਖਣ ਵਿਚ ਖੰਘ, ਜੁਕਾਮ ਜਾਂ ਬੁਖਾਰ ਆਦਿ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾਂਦੀ ਹੈ। ਜੇਕਰ ਕਿਸੇ ਨੂੰ ਖੰਘ, ਜੁਕਾਮ ਜਾਂ ਬੁਖਾਰ ਆਦਿ ਲੱਛਣ 7 ਦਿਨ ਪੁਰਾਣੇ ਹਨ ਤਾਂ ਉਸ ਨੂੰ ਸਬੰਧਤ ਸਿਹਤ ਬਲਾਕ ਦੇ ਫਲੂ ਕਾਰਨਰ ਵਿਚ ਅਗਲੇਰੀ ਜਾਂਚ ਲਈ ਭੇਜਿਆ ਜਾਂਦਾ ਹੈ।
ਉਨ੍ਹ੍ਹਾਂ ਕਿ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਟੀਮਾਂ ਵੱਲੋਂ ਇਹ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਸਰਵੇਖਣ ਦੌਰਾਨ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ ਕਿ ਲੋਕ ਮਾਸਕ ਲਾਜ਼ਮੀ ਪਾਉਣ, ਸਮੇਂ ਸਮੇਂ ’ਤੇ ਹੱਥ ਧੋਣ, ਹੋਰ ਲੋੜੀਂਦੇ ਇਹਤਿਆਤ ਵਰਤਣ ਅਤੇ ਕਰੋਨਾ ਵਾਇਰਸ ਦੇ ਲੱਛਣ ਮਹਿਸੂਸ ਹੋਣ ’ਤੇ ਜਾਂ ਕਿਸੇ ਵੀ ਤਰ੍ਹਾਂ ਦੀ ਲੋੜ ਪੈਣ ’ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਸਿਹਤ ਸਬੰਧੀ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੰਬਰ 011 2397 8046 ਜਾਂ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰਾਂ 01679-234777, 98721-95649, 76528-95649 ਤੇ 99153-05649 ’ਤੇ ਸੰਪਰਕ ਕੀਤਾ ਜਾ ਸਕਦਾ ਹੈ।