ਹਰਿੰਦਰ ਨਿੱਕਾ
- ਏਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਹਦਾਇਤ: ਡਿਪਟੀ ਕਮਿਸ਼ਨਰ
- ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ
ਸੰਗਰੂਰ, 31 ਮਾਰਚ 2020 - ਨੋਵਲ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚੋਂ ਟੈਸਟ ਲਈ ਭੇਜੇ ਗਏ ਸਾਰੇ 11 ਸ਼ੱਕੀ ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਬਾਹਰੋਂ ਆਏ 972 ਯਾਤਰੀਆਂ ਦੀ ਸੂਚੀ ਵਿੱਚੋਂ ਮੌਜੂਦਾ ਸਮੇਂ 121 ਵਿਅਕਤੀ ਹੀ ਏਕਾਂਤਵਾਸ ਵਿੱਚ ਹਨ ਜਦਕਿ ਬਾਕੀ ਯਾਤਰੀ ਏਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਹਨ ਅਤੇ ਕੋਰੋਨਾ ਵਾਇਰਸ ਦੇ ਸ਼ੱਕ ਦੇ ਘੇਰੇ 'ਚੋਂ ਬਾਹਰ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਿਅਕਤੀ ਮੌਜੂਦਾ ਸਮੇਂ ਏਕਾਂਤਵਾਸ ਵਿਚ ਹਨ, ਜੇਕਰ ਉਨ੍ਹਾਂ ਨੂੰ ਬੁਖ਼ਾਰ, ਖੰਘ, ਗਲੇ 'ਚ ਖਰਾਸ਼ ਅਤੇ ਸਾਹ ਲੈਣ ਵਿੱਚ ਮੁਸ਼ਕਲ ਆਦਿ ਲੱਛਣ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਆਪਣੀ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਏਕਾਂਤਵਾਸ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਆਪਣੇ ਘਰ ਵਿਚ ਹੀ ਰਹਿਣਾ ਚਾਹੀਦਾ ਹੈ ਅਤੇ ਬਾਹਰ ਨਹੀਂ ਜਾਣਾ ਚਾਹੀਦਾ। ਉਨ੍ਹਾਂ ਨੇ ਦੱਸਿਆ ਕਿ ਜੇਕਰ ਏਕਾਂਤਵਾਸ 'ਚ ਰੱਖਿਆ ਗਿਆ ਵਿਅਕਤੀ ਨਿਯਮਾਂ ਅਤੇ ਲੋੜੀਂਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਜਾਵੇਗਾ।
ਥੋਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਸਬੰਧੀ ਕਿਸੇ ਕਿਸਮ ਦੀ ਗ਼ਲਤ ਜਾਣਕਾਰੀ ਜਾਂ ਅਫ਼ਵਾਹ ਲੋਕਾਂ ਵਿਚ ਨਾ ਫੈਲਾਉਣ ਅਤੇ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਦੋਸ਼ੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।