ਫਿਰੋਜ਼ਪੁਰ, 3 ਅਪ੍ਰੈਲ 2020 : ਪੰਜਾਬ ਵਿਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜ਼ਰੂਰੀ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੀ ਇਸ ਪ੍ਰਕਿਰਿਆ ਕਾਰਨ ਜ਼ਿਲ੍ਹੇ ਵਿਚ ਕਰਫ਼ਿਊ ਵੀ ਲਗਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਆਮ ਲੋਕਾਂ ਤੱਕ ਡਾਕਟਰੀ ਪਹੁੰਚ ਯਕੀਨੀ ਬਣਾਉਣ ਲਈ ਰਾਜ ਸਰਕਾਰ ਵੱਲੋਂ ਕੋਵਾ ਐਪ ਦੇ ਮਾਧਿਅਮ ਨਾਲ ਕੁਨੈਕਟ ਟੂ ਡਾਕਟਰ ਨਾਮ ਦਾ ਵਿਸ਼ੇਸ਼ ਹੈਲਪ ਲਾਈਨ ਨੰਬਰ 1800-180-4104 ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੁਵਿਧਾ ਨਾਗਰਿਕਾਂ ਨੂੰ ਦੇਸ਼ ਭਰ 'ਚ 1800 ਤੋਂ ਵੱਧ ਮਾਹਿਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜਨ ਵਿਚ ਮਦਦ ਕਰੇਗੀ ਅਤੇ ਜਨਤਾ ਕੋਵਿਡ-19 ਅਤੇ ਹੋਰ ਚਿੰਤਾਵਾਂ ਸਬੰਧੀ ਡਾਕਟਰੀ ਸਲਾਹ ਪ੍ਰਾਪਤ ਕਰ ਸਕਣਗੇ। ਉਨ੍ਹਾਂ ਇਸ ਸਬੰਧ 'ਚ ਜ਼ਿਲ੍ਹੇ ਦੇ ਮਾਹਿਰ ਡਾਕਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਵੈ-ਇੱਛੁਕ ਭਾਗੀਦਾਰੀ ਲਈ ਇਸ ਨੇਕ ਉਪਰਾਲੇ ਦਾ ਹਿੱਸਾ ਬਣ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਖਿਲਾਫ ਜੰਗ ਵਿਚ ਹਰੇਕ ਵਿਅਕਤੀ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕੋਵਾ ਐਪ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਰਾਹੀਂ ਕੋਈ ਵੀ ਵਿਅਕਤੀ ਜਾਂ ਸੰਸਥਾ ਸਵੈ-ਇੱਛਾ ਨਾਲ ਰਜਿਸਟ੍ਰੇਸ਼ਨ ਕਰਵਾ ਕੇ ਵਲੰਟੀਅਰ ਦੇ ਤੌਰ 'ਤੇ ਸੇਵਾਵਾਂ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਰਜਿਸਟਰਡ ਵਲੰਟੀਅਰਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਵਾ ਐਪ ਡਾਊਨਲੋਡ ਕਰ ਕੇ ਆਪਣੇ ਆਪ ਨੂੰ ਵਲੰਟੀਅਰ ਵਜੋਂ ਰਜਿਸਟਰਡ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਲੰਟੀਅਰ ਤੋਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਇਨ੍ਹਾਂ ਸੇਵਾਵਾਂ ਨੂੰ ਵੱਖ-ਵੱਖ ਕੈਟਾਗਰੀ ਵਿਚ ਵੰਡਿਆਂ ਗਿਆ ਹੈ। ਪਹਿਲੀ ਕੈਟਾਗਰੀ ਕਮਿਊਨਿਟੀ ਰਿਸਪਾਂਸ ਵਲੰਟੀਅਰ ਦੀ ਹੈ, ਜਿਸ ਦੀ ਭੂਮਿਕਾ ਦਵਾਈਆਂ, ਭੋਜਨ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਹੋਵੇਗਾ। ਇਸ ਤੋਂ ਇਲਾਵਾ ਜ਼ਰੂਰਤਮੰਦ ਲੋਕਾਂ ਲਈ ਖਾਣਾ ਬਣਾਉਣ ਦੀ ਸੇਵਾ ਵੀ ਲਈ ਜਾਵੇਗੀ। ਦੂਸਰੀ ਕੈਟਾਗਰੀ ਪੇਸੈਂਟਟਰਾਂਸਪੋਰਟ ਵਲੰਟੀਅਰ ਦੀ ਹੈ ਅਤੇ ਇਹ ਵਲੰਟੀਅਰ ਉਨ੍ਹਾਂ ਮਰੀਜ਼ਾਂ ਦੇ ਘਰਾਂ ਤੱਕ ਸੁਰੱਖਿਅਤ ਵਾਹਨ ਸੇਵਾਵਾਂ ਪ੍ਰਦਾਨ ਕਰਨਗੇ ਜਿਨ੍ਹਾਂ ਨੂੰ ਮੈਡੀਕਲ ਫਿੱਟ ਕਰਨ ਦੇ ਬਾਅਦ ਡਿਸਚਾਰਜ ਕੀਤਾ ਜਾਵੇਗੀ।