ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸਿੰਘੂ ਬਾਰਡਰ ਦਿੱਲੀ ਵਿਖੇ ਕੀਤਾ ਵਿਸ਼ਾਲ ਰੋਸ ਮਾਰਚ
ਦਲਜੀਤ ਕੌਰ ਭਵਾਨੀਗੜ੍ਹ
- ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ਦਾ ਗਰੰਟੀ ਕਾਨੂੰਨ ਬਨਵਾਉਣ ਤੱਕ ਡੱਟੇ ਰਹਾਂਗੇ: ਮਹਿਮਾ ਸਿੰਘ
ਸਿੰਘੂ ਬਾਰਡਰ ਦਿੱਲੀ, 14 ਸਤੰਬਰ, 2021: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਵੱਡਾ ਜੱਥੇ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਅੱਜ ਦੇ ਇਸ ਵਿਸ਼ਾਲ ਮਾਰਚ ਦੀ ਅਗਵਾਈ ਪ੍ਰਧਾਨ ਡਾ. ਦਰਸ਼ਨਪਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਕਾਰਜਕਾਰੀ ਸੂਬਾ ਖਜ਼ਾਨਚੀ ਗੁਰਮੀਤ ਸਿੰਘ ਦਿੱਤੂਪੁਰ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਆਗੂਆਂ ਨੇ ਕੀਤੀ। ਕੇਐੱਫਸੀ ਮੌਲ ਦੇ ਨਜ਼ਦੀਕ ਤੋਂ ਸ਼ੁਰੂ ਕਰਕੇ ਸਿੰਘੂ ਬਾਰਡਰ ਦੀ ਸਟੇਜ ਤੱਕ ਮਾਰਚ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਦੁਹਰਾਇਆ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੋਂ ਇਲਾਵਾ ਹੋਰ ਚਾਰ ਸੂਬਿਆਂ ਵਿੱਚ ਵੀ ਕਿਸਾਨਾਂ ਨੂੰ ਲਾਮਬੰਦ ਕਰਕੇ ਮੋਰਚੇ ਨਾਲ ਜੋੜ ਰਹੀ ਹੈ ਅਤੇ ਪਹਿਲੇ ਦਿਨ ਤੋਂ ਮੋਰਚੇ ਦੀ ਮਜ਼ਬੂਤੀ ਵਿੱਚ ਪੂਰੀ ਸਮਰੱਥਾ ਨਾਲ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਜ਼ਿਲ੍ਹਾਵਾਰ ਲਗਾਤਰ ਜਥੇ ਲਿਆ ਕੇ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਨਾਲ ਨਾਲ ਹਰੇਕ ਫ਼ਸਲ ਦਾ ਐੱਮਐੱਸਪੀ ਦਾ ਗਰੰਟੀ ਐਕਟ ਬਣਾਉਣਾ ਸਾਡੀ ਸਭ ਤੋਂ ਵੱਧ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਖੇਤੀ ਕਾਨੂੰਨ ਰੱਦ ਕਰਕੇ ਐੱਮਐੱਸਪੀ ਦਾ ਗਾਰੰਟੀ ਐਕਟ ਨਹੀਂ ਬਣਾ ਦਿੱਤਾ ਜਾਂਦਾ। ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ ਅਤੇ ਵਾਤਾਵਰਣ ਦੀ ਸੁਰੱਖਿਆ ਦੇ ਨਾਮ ਤੇ ਕਿਸਾਨਾਂ ਦੀਆਂ ਫਸਲਾਂ ਦੀ ਪਰਾਲੀ ਵਾਲੇ ਪ੍ਰਸਤਾਵਤ ਬਿਲ ਤੋਂ ਕਿਸਾਨਾਂ ਨੂੰ ਮੁਕਤ ਕਰਵਾਉਣਾ ਵੀ ਅਤਿ ਜ਼ਰੂਰੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਦੇ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਦੀ, ਅਮਿਤ ਸ਼ਾਹ ਅਤੇ ਅੰਬਾਨੀ ਅਡਾਨੀ ਨਾਲ ਆਪਣੀ ਮਿੱਤਰਤਾ ਦਾ ਪ੍ਰਗਟਾਵਾ ਕੀਤਾ ਹੈ। ਜਿਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨੂੰ ਭੁਗਤਣਾ ਪਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜੰਗ ਸਿੰਘ ਭਟੇੜੀ, ਅਵਤਾਰ ਸਿੰਘ ਕੌਰਜੀਵਾਲਾ, ਸੁਖਵਿੰਦਰ ਸਿੰਘ ਤੁੱਲੇਵਾਲ, ਨਿਰਮਲ ਸਿੰਘ, ਨਿਸ਼ਾਨ ਸਿੰਘ ਧਰਮਹੇਡ਼ੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਗੁਰਚਰਨ ਸਿੰਘ ਮਲਸੀਆਂ ਕਲਾਂ, ਨਛੱਤਰ ਸਿੰਘ ਮਲਸੀਹਾਂ ਗੁਰਪ੍ਰੀਤ ਸਿੰਘ ਮਾਛੀਵਾੜਾ, ਬਲਦੇਵ ਸਿੰਘ ਮਾਛੀਵਾਡ਼ਾ, ਬਿਕਰਮ ਬਾਰੇ ਕੇ ਅਰਜਿੰਦਰ ਸਿੰਘ ਮਿਸ਼ਰੀਵਾਲਾ, ਜ਼ਿਲ੍ਹਾ ਫਤਹਿਗੜ੍ਹ ਤੋਂ ਹਰਨੇਕ ਸਿੰਘ ਭੱਲਮਾਜਰਾ, ਜ਼ਿਲ੍ਹਾ ਗੁਰਦਾਸਪੁਰ ਤੋਂ ਗੁਰਮੀਤ ਸਿੰਘ ਡਡਿਆਲਾ, ਬਚਨ ਸਿੰਘ ਭੰਬੋਈ ਆਦਿ ਤੋਂ ਇਲਾਵਾ ਸੈਕੜੇ ਕਿਸਾਨਾਂ ਨੇ ਅੱਜ ਦੇ ਮਾਰਚ ਵਿੱਚ ਹਿੱਸਾ ਲਿਆ