ਕੰਪਿਊਟਰ ਅਧਿਆਪਕ 9 ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਕਰਨਗੇ ਪ੍ਰਦਰਸ਼ਨ
ਰੋਹਿਤ ਗੁਪਤਾ
ਗੁਰਦਾਸਪੁਰ, 6 ਨਵੰਬਰ 2024 - ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 66 ਦਿਨਾਂ ਤੋਂ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ ਦੇ ਨਾਲ-ਨਾਲ ਵੱਖ-ਵੱਖ ਸੰਘਰਸ਼ ਕੀਤੇ ਜਾ ਰਹੇ ਹਨ। ਪਰ ਹੁਣ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾ ਨਹੀਂ ਮੰਨਿਆ ਜਾ ਰਹਿਆ। ਇਸੇ ਲੜੀ ਤਹਿਤ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 9 ਨਵੰਬਰ ਤੋਂ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਡੇਰਾ ਬਾਬਾ ਨਾਨਕ ਵਿਖੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਕਮੇਟੀ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ ਅਤੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ।
ਇਸ ਸੰਬੰਧੀ ਆਗੂ ਮਨਦੀਪ ਸਿੰਘ ਤੂਰ, ਗਗਨਦੀਪ ਸਿੰਘ, ਸਤੀਸ਼ ਮਾਹੀ, ਮਨਦੀਪ ਮੰਗੋਤਰਾ, ਕਰਮਜੀਤ ਪੁਰੀ, ਅਮਿਤ ਗੁਪਤਾ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀ ਤਰਫ਼ੋਂ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਚੌਕਾਂ ਅਤੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਇੱਕ ਵਿਸ਼ਾਲ ਮਸ਼ਾਲ ਮਾਰਚ ਵੀ ਕੱਢਿਆ ਜਾਵੇਗਾ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਅਧਿਆਪਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਘਰ ਪੁੱਜਣਗੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਆਗੂਆਂ ਨੇ ਦੋਸ਼ ਲਾਇਆ ਕਿ ਰੈਗੂਲਰ ਹੋਣ ਦੇ ਬਾਵਜੂਦ ਉਹ ਠੇਕਾ ਮੁਲਾਜ਼ਮਾਂ ਵਾਂਗ ਦੁਖੀ ਹਨ। ਉਨ੍ਹਾਂ ਨੂੰ ਰੈਗੂਲਰ ਮੁਲਾਜ਼ਮਾਂ ਵਾਂਗ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬਿਨਾਂ ਸ਼ਰਤ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇ ਕੇ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ, ਜਿਸ ਦਾ ਜ਼ਿਕਰ ਮੌਜੂਦਾ ਪੰਜਾਬ ਸਰਕਾਰ ਦੇ ਚੋਣ ਮਨੋਰਥ ਪੱਤਰ ਵਿੱਚ ਵੀ ਕੀਤਾ ਗਿਆ ਸੀ।