ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 26 ਮਾਰਚ 2021 - ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਨੂੰ ਸੁਲਤਾਨਪੁਰ ਲੋਧੀ 'ਚ ਪੂਰਨ ਸਮਰਥਨ ਮਿਲ ਰਿਹਾ ਹੈ। ਸੁਲਤਾਨਪੁਰ ਲੋਧੀ ਦੇ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ। ਭਾਰਤ ਬੰਦ ਦੇ ਸੱਦੇ ਦੌਰਾਨ ਕਈ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਬਾੜੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਇਨ੍ਹਾਂ ਜਥੇਬੰਦੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਤਰ੍ਹਾਂ ਕਿਸਾਨੀ ਅੰਦੋਲਨ ਦਾ ਸਮਰਥਨ ਕਰਦੇ ਹਨ ਅਤੇ ਕਿਸਾਨ ਭਰਾਵਾਂ ਦੇ ਨਾਲ ਖੜ੍ਹੇ ਹਨ।
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੇ ਸਥਾਨਕ ਸ਼ਹਿਰ ਦੇ ਸਾਰੇ ਬਾਜ਼ਾਰ ਅਤੇ ਹੋਰ ਕਾਰੋਬਾਰ ਪੂਰੀ ਤਰ੍ਹਾਂ ਬੰਦ ਨਜ਼ਰ ਆਏ। ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਅੱਜ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਦੁਕਾਨਦਾਰਾਂ ਨੇ ਕੇਂਦਰ ਦੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸਾਰੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਵੱਖ-ਵੱਖ ਬਜ਼ਾਰਾਂ ਦੇ ਕੀਤੇ ਦੌਰੇ ਦੌਰਾਨ ਬਜ਼ਾਰਾਂ 'ਚ ਸਾਰੀਆਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ।