ਖੇਤੀਬਾੜੀ ਵਿਭਾਗ ਵੱਲੋਂ ਨਦੀਨਾਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਕੀਤਾ ਰਿਹੈ ਜਾਗਰੂਕ
-ਬਿਜਾਈ ਸਮੇਂ, ਸਿੰਚਾਈ ਤੋਂ ਪਹਿਲਾਂ ਤੇ ਬਾਅਦ ਨਦੀਨ ਨਾਸ਼ਕਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 23 ਨਵੰਬਰ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ 'ਚ ਨਦੀਨਾਂ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ ਨੁੱਕੜ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ 'ਤੇ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਬਿਜਾਈ ਸਮੇਂ, ਸਿੰਚਾਈ ਤੋਂ ਪਹਿਲਾਂ ਤੇ ਸਿੰਚਾਈ ਤੋਂ ਬਾਅਦ ਨਦੀਨਾਂ ਦੀ ਰੋਕਥਾਮ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਣਕ 'ਚ ਨਦੀਨਾਂ ਦੀ ਰੋਕਥਾਮ ਲਈ ਦੋ ਗੋਡੀਆਂ, ਪਹਿਲੀ ਗੋਡੀ ਕਣਕ ਨੂੰ ਪਹਿਲਾਂ ਪਾਣੀ ਲਾਉਣ ਤੋਂ ਪਹਿਲਾਂ ਅਤੇ ਦੂਜੀ ਗੋਡੀ ਖੇਤ ਵਿੱਚ ਵੱਤਰ ਆਉਣ 'ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਬਿਜਾਈ ਸਮੇਂ (ਨਦੀਨ ਉੱਗਣ ਤੋਂ ਪਹਿਲਾਂ) ਨਦੀਨ ਨਾਸ਼ਕਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਇਸ ਲਈ ਸਟੌਂਪ, ਦੋਸਤ, ਮਾਰਕਪੈਂਡੀ, ਪੈਂਡਾ, ਪੈਂਡਿਨ, ਬੰਕਰ, ਜ਼ਾਕੀਯਾਮਾਂ 30 ਈ ਸੀ ਦੀ ਵਰਤੋਂ ਪ੍ਰਤੀ ਏਕੜ 1.5 ਲੀਟਰ ਕੀਤੀ ਜਾ ਸਕਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪਹਿਲੀ ਸਿੰਚਾਈ ਤੋਂ ਪਹਿਲਾਂ (ਨਦੀਨ ਉੱਗਣ ਤੋਂ ਬਾਅਦ) ਐਰੀਲੋਨ, ਡੈਲਰੋਨ, ਹਿਲਪਰੋਟਯੂਰਾਨ, ਰੋਨਕ, ਵੰਡਰ ਆਦਿ ਦੀ ਜਮੀਨ ਦੀ ਕਿਸਮ ਅਨੁਸਾਰ 300 ਗ੍ਰਾਮ ਤੋਂ 500 ਗ੍ਰਾਮ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪਹਿਲੀ ਸਿੰਚਾਈ ਤੋਂ ਬਾਅਦ (ਨਦੀਨ ਉੱਗਣ ਤੋਂ ਬਾਅਦ) ਆਈਸੋਪ੍ਰੋਟਯੂਰਾਨ 75 ਡਬਲਯੂ ਪੀ ਦੀ 500 ਗ੍ਰਾਮ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲ ਵਿੱਚ ਖਾਦਾਂ ਅਤੇ ਨਦੀਨ ਨਾਸ਼ਕਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਹੀ ਕੀਤੀ ਜਾਵੇ ਤਾਂ ਕਿ ਕਿਸਾਨਾਂ ਦਾ ਆਰਥਿਕ ਨੁਕਸਾਨ ਵੀ ਨਾ ਹੋਵੇ ਅਤੇ ਫ਼ਸਲ ਦੇ ਗੁਣਵੱਤਾ 'ਤੇ ਵੀ ਕੋਈ ਮਾੜਾ ਅਸਰ ਨਾ ਹੋਵੇ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਨਦੀਨਾਂ ਦੇ ਹਮਲੇ ਦਾ ਕੋਈ ਮਾਮਲਾ ਨਹੀਂ ਹੈ ਪਰ ਮਾਹਰਾਂ ਵੱਲੋਂ ਇਹਤਿਆਤ ਦੇ ਤੌਰ 'ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।