ਨਿਰਵੈਰ ਸਿੰਘ ਸਿੰਧੀ
ਮਮਦੋਟ, 5 ਜਨਵਰੀ 2021 - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਖਿਲਾਫ ਫਿਰੋਜ਼ਪੁਰ ਦੇ ਕਿਸਾਨਾਂ ਵਲੋਂ 6 ਜਨਵਰੀ ਨੂੰ ਇਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਅਤੇ ਕਿਸਾਨ ਆਗੂ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ ਖੇਤੀ ਕਨੂੰਨਾਂ ਦੇ ਵਿਰੋਧ 'ਚ ਅਤੇ ਦਿੱਲੀ ਵਿਚ ਧਰਨੇ ਤੇ ਬੈਠੇ ਕਿਸਾਨਾਂ ਦੇ ਸਮਰਥਨ ਚ ਕੱਢਿਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਟਰੈਕਟਰ ਮਾਰਚ 6 ਜਨਵਰੀ ਨੂੰ ਸਵੇਰੇ 11 ਵਜੇ ਗੁਰੂਦੁਆਰਾ ਸਾਰਾ ਗੜ੍ਹੀ ਸਾਹਿਬ ਤੋਂ ਸ਼ੁਰੂ ਹੋ ਕੇ ਬਸਤੀ ਟੈਂਕਾਂ ਵਾਲੀ, ਗੋਬਿੰਦ ਨਗਰੀ, ਬਾਬਾ ਨਾਮ ਦੇਵ ਚੌਕ ਤੋਂ ਹੁੰਦਾ ਹੋਇਆ ਸ਼ਹੀਦ ਊਧਮ ਸਿੰਘ ਚੌਕ 'ਚ ਸਮਾਪਤ ਹੋਵੇਗਾ। ਸਮਾਪਤੀ ਤੇ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਫੁੱਲ ਮਾਲਾਵਾਂ ਪਾ ਕੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਸੋਚ ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾਵੇਗਾ ਤੇ ਅੰਦੋਲਨ ਦਰਮਿਆਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਅਰਦਾਸ ਕੀਤੀ ਜਾਵੇਗੀ।