ਅਸ਼ੋਕ ਵਰਮਾ
ਬਠਿੰਡਾ, 10 ਅਗਸਤ 2020: ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ 10 ਕਿਸਾਨ ਜਥੇਬੰਦੀਆਂ ਵੱਲੋਂ ‘ਕਾਰਪੋਰੇਟੋ-ਭਾਰਤ ਛੱਡੋ‘ ਦੇ ਨਾਅਰੇ ਤਹਿਤ ਅੱਜ ਬਠਿੰਡਾ ‘ਚ ਵੀ ਕਿਸਾਨਾਂ ਨੇ ਮਾਰਚ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਪ੍ਰਦਰਸ਼ਨ ਕੀਤਾ ਗਿਆ। ਜਿਲੇ ਨਾਲ ਸਬੰਧਤ 7 ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਸੌਂਪਦਿਆਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਗਈ। ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੇਂਦਰ ਸਰਕਾਰ ਖ਼ਿਲਾਫ਼ ਖੜਨ, ਪੰਜਾਬ ਸਰਕਾਰ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਧਾਨ-ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਮੁੱਖ-ਮੰਤਰੀ ‘ਤੇ ਜ਼ੋਰ ਪਾਉਣ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਬਲਜਿੰਦਰ ਕੌਰ, ਸੁਖਦੇਵ ਸਿੰਘ ਕਮਾਲੂ, ਹਰਪ੍ਰੀਤ ਕੌਰ ਰੂਬੀ ਨੂੰ ਵਿਰੋਧੀ ਧਿਰ ਵਜੋਂ ਕਿਸਾਨਾਂ ਦੇ ਮੁੱਦੇ ਜ਼ੋਰ ਨਾਲ ਉਠਾਉਣ ਲਈ ਚਿਤਾਵਨੀ ਪੱਤਰ ਸੌਂਪੇ ।
ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਸੂਬਾ-ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਨਾਲੋਂ ਨਾਤਾ ਤੋੜਦਿਆਂ ਆਰਡੀਨੈਂਸਾਂ ਦਾ ਵਿਰੋਧ ਨਹੀਂ ਕਰਦਾ, ਤਾਂ ਆਉਣ ਵਾਲੇ ਸਮੇਂ ‘ਚ ਪਿੰਡਾਂ ‘ਚ ਬਾਦਲ ਪਰਿਵਾਰ ਸਮੇਤ ਸਮੂਹ ਆਗੂਆਂ ਦਾ ਬਾਈਕਾਟ ਕੀਤਾ ਜਾਵੇਗਾ। ਕਿਸਾਨ ਆਗੂਆਂ ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ, ਹਰਨੇਕ ਸਿੰਘ ਆਲੀਕੇ, ਜਮਹੂਰੀ ਕਿਸਾਨ ਸਭਾ ਦੇ ਦਰਸ਼ਨ ਸਿੰਘ, ਬਲਦੇਵ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਅਮਰਜੀਤ ਸਿੰਘ ਹਨੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੁਖਦੇਵ ਸਿੰਘ, ਜਗਦੀਸ਼ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਗੁਰਜੰਟ ਸਿੰਘ, ਭਾਰਤੀ ਕਿਸਾਨ ਯੂਨੀਅਨ-ਡਕੌਂਦਾ ਦੇ ਸੂਬਾ ਕਮੇਟੀ ਮੈਂਬਰ ਬਲਦੇਵ ਸਿੰਘ ਭਾਈਰੂਪਾ ਨੇ ਕਿਹਾ ਕਿ ਭਾਰਤ ਭਰ ਦੇ ਕਿਸਾਨਾਂ ਦੇ ਮਸਲਿਆਂ ਅਤੇ ਮੁੱਦਿਆਂ ਦਾ ਚਿੱਠਾ ਜੋ 9 ਸੂਤਰੀ ਮੰਗ ਪੱਤਰ ਜੋ ਪਹਿਲਾਂ ਹੀ ਇੱਕ ਚਿੱਠੀ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਮੋਦੀ ਵੀ ਨੂੰ ਭੇਜਿਆ ਜਾ ਚੁੱਕਾ ਹੈ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸੌਂਪਦਿਆਂ ਆਰਡੀਨੈਂਸਾਂ ਦੇ ਕਿਸਾਨੀ ਸਮੇਤ ਸਮੁੱਚੇ ਖੇਤੀਬਾੜੀ ਸੈਕਟਰ ਲਈ ਤਬਾਹਕੁੰਨ ਦੱਸਿਆ।
ਉਨਾਂ ਸਿਆਸੀ ਆਗੂਆਂ ਨੂੰ ਕਿਹਾ ਕਿ ਉਹ ਆਰਡੀਨੈਸਾਂ ਤੇ ਬਿਜਲੀ ਬਿੱਲ ਵਾਪਸ ਲੈਣ, ਡੀਜ਼ਲ ਪੈਟਰੋਲ ਦੀਆਂ ਕੀਮਤਾਂ ਘਟਾਉਣ, ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਤਹਿ ਕਰਵਾਉਣ, ਕਿਸਾਨਾਂ ਦੇ ਸਾਰੇ ਕਰਜ਼ਿਆਂ ‘ਤੇ ਲੀਕ ਤੇ ਕਿਸਾਨਾਂ ਨੂੰ 10 ਰੁਪਏ ਪ੍ਰਤੀ ਯੂਨਿਟ ਫੈਟ ਖਰੀਦਣ ਲਈ ਦਬਾਅ ਪਾਉਣ , ਗੰਨਾਂ ਉਤਪਾਦਕਾਂ ਦੀ ਬਕਾਇਆ ਰਕਮ ਵਿਆਜ ਸਮੇਤ ਦਿਵਾਉਣ ਅਤੇ ਕਿਸਾਨ ਮਸਲਿਆਂ ਨੂੰ ਹੱਲ ਕਰਵਾਉਣ ਲਈ ਮੋਦੀ ਸਰਕਾਰ ਨੂੰ ਮਜਬੂਰ ਨਹੀਂ ਕਰਦੇ, ਤਾਂ ਉਨਾਂ ਨੂੰ ਪਿੰਡਾਂ ਵਿੱਚ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ। ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ, ਹਰਨੇਕ ਸਿੰਘ ਆਲੀਕੇ, ਜਮਹੂਰੀ ਕਿਸਾਨ ਸਭਾ ਦੇ ਦਰਸ਼ਨ ਸਿੰਘ, ਬਲਦੇਵ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਅਮਰਜੀਤ ਸਿੰਘ ਹਨੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੁਖਦੇਵ ਸਿੰਘ, ਜਗਦੀਸ਼ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਗੁਰਜੰਟ ਸਿੰਘ, ਗੁਰਦੀਪ ਸਿੰਘ ਰਾਮਪੁਰਾ, ਅਤੇ ਬਲਦੇਵ ਸਿੰਘ ਭਾਈਰੂਪਾ ਨੇ ਵੀ ਸੰਬੋਧਨ ਕੀਤਾ।