← ਪਿਛੇ ਪਰਤੋ
ਫਿਰੋਜ਼ਪੁਰ(ਦਿਹਾਤੀ), 29 ਜਨਵਰੀ, 2017 : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਗਰਮ ਖਿਆਲੀ ਧਿਰਾਂ ਨਾਲ ਮਿਲ ਕੇ ਇੱਕ ਖਤਰਨਾਕ ਗੇਮ ਖੇਡ ਰਿਹਾ ਹੈ। ਇੱਥੇ ਪਾਰਟੀ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੇ ਹੱਕ ਵਿਚ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ ਬਾਦਲ ਨੇ ਕਿਹਾ ਕਿ ਆਪ ਦੇ ਪੰਜਾਬ ਵਿਚ ਵੜਣ ਮਗਰੋਂ ਇੱਥੇ ਬੇਅਦਬੀ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋਈਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੇ ਲਗਭਗ 30 ਮਾਮਲਿਆਂ ਨੂੰ ਸੁਲਝਾ ਚੁੱਕੀ ਹੈ। ਸਿਰਫ ਬਹਿਬਲ ਕਲਾਂ ਵਾਲਾ ਮਾਮਲਾ ਨਹੀਂ ਸੁਲਝਿਆ। ਹੁਣ ਇਸ ਮਾਮਲੇ ਨੂੰ ਸੀਬੀਆਈ ਵੇਖ ਰਹੀ ਹੈ ਅਤੇ ਮੈਨੂੰ ਉਮੀਦ ਹੈ ਕਿ ਜਲਦੀ ਹੀ ਇਹ ਮਾਮਲਾ ਵੀ ਸੁਲਝ ਜਾਵੇਗਾ। ਸ਼ ਬਾਦਲ ਨੇ ਕਿਹਾ ਕਿ ਆਪ ਕਨਵੀਨਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਇਸ ਹੱਦ ਤੱਕ ਤੁਲਿਆ ਹੋਇਆ ਹੈ ਕਿ ਉਹ ਪਿਛਲੀ ਰਾਤ ਮੋਗਾ ਵਿਖੇ ਖਾਲਿਸਤਾਨ ਕਮਾਂਡੋ ਫੋਰਸ ਦੇ ਆਗੂ ਗੁਰਿੰਦਰ ਸਿੰਘ ਦੇ ਘਰ ਠਹਿਰਿਆ ਹੋਇਆ ਸੀ। ਉਹਨਾਂ ਕਿਹਾ ਕਿ ਗੁਰਿੰਦਰ ਸਿੰਘ ਇੱਕ ਪੁਜਾਰੀ ਦੇ ਕਤਲ ਲਈ ਜਿੰਮੇਵਾਰ ਸੀ। ਉਸ ਨੇ ਮੰਦਿਰਾਂ ਵਿਚ ਗਊਆਂ ਦੀਆਂ ਪੂਛਾਂ ਸੁੱਟ ਕੇ ਫਿਰਕੂ ਨਫਰਤ ਫੈਲਾਈ ਸੀ। ਬੇਅਦਬੀ ਬਾਰੇ ਬੋਲਦਿਆਂ ਸ਼ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਤੋਪਾਂ ਅਤੇ ਟੈਂਕ ਵਾੜ ਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਸੀ। ਉਹਨਾਂ ਕਿਹਾ ਕਿ ਆਪ ਵੀ ਘੱਟ ਨਹੀਂ ਹੈ। ਆਪ ਸਰਕਾਰ ਨੇ ਦਿੱਲੀ ਵਿਚ ਗੁਰਦੁਆਰਾ ਸੀਸ ਗੰਜ ਵਿਖੇ ਇਤਿਹਾਸਕ 'ਪਿਆਊ' ਨੂੰ ਬੁਲਡੋਜ਼ਰ ਨਾਲ ਤੁੜਵਾ ਦਿਤਾ ਸੀ। ਇਸ ਤੋਂ ਇਲਾਵਾ ਆਪ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆਪਣੇ ਚੋਣ ਮਨੋਰਥ ਪੱਤਰ ਨਾਲ ਤੁਲਨਾ ਕਰਕੇ ਪਵਿੱਤਰ ਗ੍ਰੰਥ ਦਾ ਅਪਮਾਨ ਕੀਤਾ ਸੀ। ਅਕਾਲੀ ਦਲ ਬਾਰੇ ਬੋਲਦਿਆਂ ਸ਼ ਬਾਦਲ ਨੇ ਕਿਹਾ ਕਿ ਅਸੀਂ ਸਾਰੇ ਗੁਰੂਆਂ ਨਾਲ ਸੰਬੰਧਿਤ ਸ਼ਤਾਬਦੀਆਂ ਮਨਾਈਆਂ ਹਨ। ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਗਲਿਆਰਿਆਂ ਦਾ ਸੁੰਦਰੀਕਰਨ ਕੀਤਾ ਹੈ। ਅਸੀਂ ਕੁਰਾਲਗੜ੍ਹ ਵਿਖੇ ਰਾਮ ਤੀਰਥ ਅਤੇ ਰਵੀਦਾਸ ਮੰਦਿਰ ਦਾ ਵੀ ਸੁੰਦਰੀਕਰਨ ਕੀਤਾ ਹੈ। ਸਾਡੇ ਕੀਤੇ ਕੰਮਾਂ ਵੱਲ ਝਾਤੀ ਮਾਰੋ। ਕੀ ਤੁਹਾਨੂੰ ਲੱਗਦਾ ਹੈ ਕਿ ਬਾਹਰਲੇ ਵਿਅਕਤੀ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੀ ਭਲਾਈ ਲਈ ਕਦੇ ਵੀ ਕੰਮ ਕਰਨਗੇ? ਅਕਾਲੀ ਦਲ ਨੇ ਸਦਾ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੀ ਰਾਖੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਬਾਰੇ ਬੋਲਦਿਆਂ ਸ਼ ਬਾਦਲ ਨੇ ਕਿਹਾ ਕਿ ਸਾਡੀ ਪਾਰਟੀ ਨੇ ਹਮੇਸ਼ਾਂ ਹੀ ਆਪਣੇ ਕੀਤੇ ਵਾਅਦੇ ਨਿਭਾਏ ਹਨ। ਹੁਣ ਅਸੀਂ ਸਾਰੇ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਕਣਕ ਅਤੇ ਝੋਨੇ ਉੱਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਵੀ ਵਾਅਦਾ ਕੀਤਾ ਹੈ। ਅਸੀਂ ਬੇਘਰੇ ਲੋਕਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ ਅਤੇ ਗਰੀਬ ਤਬਕਿਆਂ ਨੂੰ 5 ਕਿਲੋ ਖੰਡ 10 ਰੁਪਏ ਕਿਲੋ ਅਤੇ 2 ਕਿਲੋ ਘਿਓ 25 ਰੁਪਏ ਕਿਲੋ ਦੇਣ ਦਾ ਵੀ ਫੈਸਲਾ ਲਿਆ ਹੈ। ਅਸੀਂ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਸਮੇਂ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਲੋਕਾਂ ਤੋਂ ਵਿਕਾਸ ਦੇ ਨਾਂ 'ਤੇ ਵੋਟ ਮੰਗਦੇ ਹੋਏ ਸ਼ ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਿਰਫ ਆਪਣੀ ਕਾਰਗੁਜ਼ਾਰੀ ਦੇ ਸਿਰ 'ਤੇ ਲੋਕਾਂ ਦੀਆਂ ਵੋਟਾਂ ਮੰਗ ਰਿਹਾ ਹੈ।
Total Responses : 267