ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 27 ਸਤੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗਾਇਕ ਗੁਰਦਾਸ ਮਾਨ ਨੂੰ ਸਿਰੋਪਾ ਦੇਣ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਦਾਸ ਮਾਨ ਵੱਲੋਂ ਪੰਜਾਬੀ ਮਾਂ-ਬੋਲੀ ਨਾਲ ਕਮਾਏ ਗਏ ਧ੍ਰੋਹ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਰਦਾਸ ਮਾਨ ਆਪਣੀ ਗ਼ਲਤੀ ਦਾ ਅਹਿਸਾਸ ਕਰਕੇ ਸਮੁੱਚੇ ਪੰਜਾਬੀਆਂ ਕੋਲੋਂ ਮਾਫ਼ੀ ਨਹੀਂ ਮੰਗ ਲੈਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਉਸ ਖ਼ਿਲਾਫ਼ ਆਪਣੇ ਸਪੱਸ਼ਟ ਸਟੈਂਡ 'ਤੇ ਕਾਇਮ ਰਹੇਗੀ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਗੁਰਦਾਸ ਮਾਨ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਸਿਰੋਪਾ ਦੇਣ ਦਾ ਸਬੰਧ ਹੈ, ਉਸ ਦੀ ਉੱਚ ਪੱਧਰੀ ਜਾਂਚ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ 85 ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਸੌਂਪੀ ਗਈ ਹੈ। ਜਿਸ ਦੀ ਵੀ ਅਣਗਹਿਲੀ ਸਾਹਮਣੇ ਆਈ ਸ਼੍ਰੋਮਣੀ ਕਮੇਟੀ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਮਰਯਾਦਾ ਦੀ ਤਰਜ਼ਮਾਨ ਹੁੰਦਿਆਂ ਸਿੱਖ ਸਿਧਾਂਤਾਂ ਤੇ ਸਿੱਖ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਹੈ। ਜੇਕਰ ਪ੍ਰਬੰਧਕੀ ਪੱਧਰ 'ਤੇ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਕੋਈ ਅਜਿਹੀ ਗ਼ਲਤੀ ਕਰਦਾ ਹੈ, ਜਿਸ ਨਾਲ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲੱਗਦੀ ਹੋਵੇ, ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ