ਬਠਿੰਡਾ 15, ਦਸੰਬਰ, 2016 : ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਨੇ ਅੱਜ ਪ੍ਰਧਾਨ ਮੰਤਰੀ ਉਜਵਲਾ ਸਕੀਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਇੱਕ ਬੈਠਕ ਕੀਤੀ। ਬੈਠਕ ਦੌਰਾਨ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਗੈਸ ਕੁਨੈਕਸ਼ਨ ਵੰਡਣ ਦਾ ਕੰਮ ਸਮੇਂ-ਸਿਰ ਨੇਪਰੇ ਚਾੜਿਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਬਿਨ੍ਹਾਂ ਗੈਸ ਕੁਨੈਕਸ਼ਨ ਤੋਂ ਨਾ ਰਹੇ।
ਸ਼੍ਰੀ ਥੋਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ 18260 ਔਰਤਾਂ ਨੇ ਫ਼ਾਰਮ ਭਰੇ ਹਨ ਜਿਨ੍ਹਾਂ ਵਿੱਚੋਂ 12359 ਅਰਜ਼ੀਆਂ ਪਾਸ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ 'ਚ ਮੁਫ਼ਤ ਗੈਸ ਕੁਨੈਕਸ਼ਨ ਦੇ ਨਾਲ ਪੰਜਾਬ ਸਰਕਾਰ ਮੁਫ਼ਤ ਚੁੱਲ੍ਹੇ ਵੀ ਵੰਡ ਰਹੀ ਹੈ ਅਤੇ ਇਸ ਕਾਰਜ ਦੀ ਸ਼ੁਰੂਆਤ ਬਠਿੰਡਾ 'ਚ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਦੁਆਰਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਗੈਸ ਏਜੰਸੀਆਂ ਨੂੰ ਫ਼ਾਰਮ ਭਰਨ ਸਬੰਧੀ ਕੋਈ ਵੀ ਤਕਨੀਕੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਸਬੰਧਤ ਵਿਭਾਗ ਨਾਲ ਤੁਰੰਤ ਰਾਬਤਾ ਕਰਨ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਰਹਿੰਦੇ ਲਾਭਪਾਤਰੀਆਂ ਨੂੰ ਵੀ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ।
ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਲਾਭਪਾਤਰੀਆਂ ਦੀਆਂ ਰਸੋਈਆਂ ਦੀ ਨੁਹਾਰ ਬਦਲ ਜਾਵੇਗੀ ਕਿਉਂਕਿ ਰਸੋਈਆਂ ਵਿਚੋਂ ਧੂੰਆਂ ਖਤਮ ਕਰਕੇ ਸਵੱਛਤਾ ਦਾ ਫੈਲਾਅ ਹੀ ਇਸ ਯੋਜਨਾ ਦਾ ਮੁੱਖ ਮੰਤਵ ਹੈ।
ਇਸ ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ਼੍ਰੀ ਜੇ. ਐਸ. ਕਾਹਲੋਂ, ਜ਼ਿਲ੍ਹੇ ਦੀਆਂ 29 ਗੈਸ ਏਜੰਸੀਆਂ ਦੇ ਮਾਲਕ, ਵੱਖ-ਵੱਖ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।