ਤਰਨਤਾਰਨ, 20 ਜਨਵਰੀ, 2017 : ਆਉਣ ਵਾਲੀ 4 ਫਰਵਰੀ ਨੂੰ ਹੋਣ ਵੱਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਹਰ ਮੁਲਾਜ਼ਮ, ਕਾਮਾ ਜਾਂ ਵਰਕਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕੇ। ਇਸ ਦੇ ਨਾਲ ਹੀ ਚੋਣ ਡਿਊਟੀ ‘ਚ ਤਾਇਨਾਤ ਅਮਲੇ ਲਈ 4 ਫਰਵਰੀ ਦੀ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡੀ. ਸੀ. ਇੰਜੀਨੀਅਰ ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ 4 ਫਰਵਰੀ ਨੂੰ ਸ਼ਨੀਵਾਰ ਦਾ ਦਿਨ ਹੋਣ ਕਾਰਨ ਤਰਨਤਾਰਨ ਜ਼ਿਲ੍ਹੇ ‘ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਉਥੇ ਹੀ ਡੀ. ਸੀ. ਨੇ ਦੱਸਿਆ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਕ ਦੇਸ਼ ਹੈ ਅਤੇ ਵੋਟ ਪਾਉਣ ਦਾ ਹੱਕ ਸਾਨੂੰ ਵੱਡੇ ਸੰਘਰਸ਼ ਤੋਂ ਬਾਅਦ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ 18 ਸਾਲ ਦਾ ਹੈ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰ ਵਿਅਕਤੀ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਕਰੇ ਅਤੇ ਸਾਫ ਸੁਥਰੇ ਅਕਸ ਵਾਲੇ ਉਮੀਦਵਾਰ ਦੀ ਚੋਣ ਕਰੇ।