ਫ਼ਤਹਿਗੜ੍ਹ ਸਾਹਿਬ, 26 ਦਸੰਬਰ, 2016 : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਰਾਜ ਪੱਧਰੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਝੂਠੇ ਅਤੇ ਬਨਾਵਟੀ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੱਤਾ ਦੀ ਲਾਲਸਾ ਵਿੱਚ ਲੋਕਾਂ ਨੂੰ ਝੂਠੇ ਲਾਰੇ ਤੇ ਸਬਜ਼ਬਾਗ ਵਿਖਾ ਰਹੀਆਂ ਹਨ।
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਵਾਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਦਕਿਸਮਤੀ ਨਾਲ ਪੰਜਾਬ ਵਿਰੋਧੀ ਤੇ ਸਿੱਖ ਵਿਰੋਧੀ ਰਾਜਨੀਤਿਕ ਪਾਰਟੀਆਂ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਨਾ ਕੇਵਲ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਖਤਮ ਕਰ ਦੇਣਗੀਆਂ ਸਗੋਂ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਨੂੰ ਵੀ ਵੱਡੀ ਢਾਹ ਲੱਗੇਗੀ। ਉਨ੍ਹਾਂ ਹੋਰ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਦੇ ਆਗੂ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਪੰਜਾਬ ਦੀ ਅਰਥ ਵਿਵਸਥਾ ਤੇ ਖੁਸ਼ਹਾਲੀ ਨੂੰ ਬੁਰੀ ਤਰ੍ਹਾਂ ਬਰਬਾਦ ਕਰਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਮੌਜੂਦਾ ਸਰਕਾਰ ਨੇ ਆਪਣੀ ਸਖਤ ਮਿਹਨਤ ਸਦਕਾ ਯੋਜਨਾਬੱਧ ਤਰੀਕੇ ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਹੈ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਜਾਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗਰੀਬਾਂ ਅਤੇ ਕਿਸਾਨਾਂ ਲਈ ਸ਼ੁਰੂ ਕੀਤੀਆਂ ਗਈਆਂ ਆਟਾ ਦਾਲ, ਸ਼ਗਨ ਸਕੀਮ, ਕਿਸਾਨਾਂ ਲਈ ਮੁਫਤ ਬਿਜਲੀ ਤੇ ਮੁਫਤ ਬੀਮਾ ਯੋਜਨਾ ਵਰਗੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਬੰਦ ਕਰ ਦੇਣਗੀਆਂ। ਮੁੱਖ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਗਲਤੀ ਨਾਲ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਵਿੱਚ ਲਿਆਂਦਾ ਤਾਂ ਉਹ ਮੌਜੂਦਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵਿਆਪਕ ਲੋਕ ਭਲਾਈ ਦੀਆਂ ਸਕੀਮਾਂ ਤੇ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਨੂੰ ਵੀ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਪੰਜਾਬ ਅੰਦਰ ਮੁੱਖ ਮੰਤਰੀ ਸੀ ਤਾਂ ਉਸ ਨੇ ਆਉੱਦਿਆਂ ਹੀ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਬਿਜਲੀ ਬੰਦ ਕਰ ਦਿੱਤੀ ਸੀ ਤੇ ਕਈ ਭਲਾਈ ਸਕੀਮਾਂ ਵੀ ਬੰਦ ਕਰ ਦਿੱਤੀਆਂ ਸਨ।
ਮੌਜੂਦਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਵੱਲੋਂ ਕਰਵਾਏ ਵਿਕਾਸ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ ਸਲਾਨਾ 5000 ਹਜਾਰ ਕਰੋੜ ਰੁਪਏ ਸਰਕਾਰ ਵੱਲੋਂ ਅਦਾ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਹੀ ਦੇਸ਼ ਦਾ ਇਕੋ ਇੱਕ ਅਜਿਹਾ ਸੂਬਾ ਹੈ ਜਿਥੇ ਕਿ ਗਰੀਬ ਪਰਿਵਾਰਾਂ ਨੂੰ ਆਟਾ ਤੇ ਦਾਲ ਮੁਹੱਈਆ ਕਰਵਾਉਣ ਲਈ ਆਟਾ ਦਾਲ ਸਕੀਮ ਲਾਗੂ ਕੀਤੀ ਹੈ ਅਤੇ ਕੈਂਸਰ ਤੇ ਹੈਪੇਟਾਈਟਸ-ਸੀ ਵਰਗੀਆਂ ਭਿਆਨਕ ਬਿਮਾਰੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਲਈ 50 ਹਜਾਰ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ ਅਤੇ ਜੇਕਰ ਕਿਸੇ ਹਾਦਸੇ ਵਿੱਚ ਪਰਿਵਾਰ ਦੇ ਮੁਖੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਪਰਿਵਾਰ ਨੂੰ 5 ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ ਹੈ ਨਾ ਹੀ ਐਸ.ਵਾਈ.ਐਲ. ਨਹਿਰ ਬਣਾਉਣ ਦੀ ਲੋੜ ਹੈ ਅਤੇ ਨਾ ਹੀ ਇਸ ਨਹਿਰ ਨੂੰ ਬਣਾਉਣ ਦੀ ਆਗਿਆ ਦਿੱਤੀ ਜਾਵੇਗੀ। ਸ. ਬਾਦਲ ਨੇ ਅੱਗੋਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਪੰਜਾਬ ਦੀ ਜਿੰਦ ਜਾਨ ਹਨ ਅਤੇ ਕਿਸੇ ਵੀ ਹੋਰ ਰਾਜ ਨੂੰ ਪਾਣੀ ਦੇਣ ਨਾਲ ਪੰਜਾਬ ਦੀ ਧਰਤੀ ਬੰਜਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਹਿਰ ਦੀ ਉਸਾਰੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਇਹ ਅਧਿਆਏ ਸਦਾ ਲਈ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਰਹੀ ਕਾਂਗਰਸ ਦੀ ਸਰਕਾਰ ਨੇ ਪੰਜਾਬ ਵਿੱਚੋਂ ਐਸ.ਵਾਈ.ਐਲ. ਨਹਿਰ ਕੱਢਣ ਦਾ ਸਮਝੌਤਾ ਕਰਕੇ ਦਰਿਆਈ ਪਾਣੀਆਂ ਦੇ ਰਿਪੇਰੀਅਨ ਸਿਧਾਂਤਾ ਨੂੰ ਕੇਵਲ ਅੱਖੋ ਪਰੋਖੇ ਹੀ ਨਹੀਂ ਕੀਤਾ ਸਗੋਂ ਪੰਜਾਬ ਨਾਲ ਵੱਡਾ ਧਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਆਪਣੇ ਦਰਿਆਈ ਪਾਣੀਆਂ ਦੀ ਰਖਵਾਲੀ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹੇ।
ਮੁੱਖ ਮੰਤਰੀ ਨੇ ਕਾਂਗਰਸ ਲੀਡਰਸ਼ਿਪ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ 1982 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਸਾਜਿਸ਼ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਤੋਂ ਕਪੂਰੀ ਵਿਖੇ ਐਸ.ਵਾਈ.ਐਲ. ਨਹਿਰ ਕੱਢਣ ਲਈ ਟੱਕ ਲਗਵਾਇਆ ਗਿਆ ਸੀ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਾਂਗਰਸ ਦੀ ਇਸ ਘਿਨਾਉਣੀ ਸਜਿਸ਼ ਦਾ ਮੋਰਚੇ ਲਗਾ ਕੇ ਵਿਰੋਧ ਕਰਦਾ ਆ ਰਿਹਾ ਹੈ।
ਸ. ਬਾਦਲ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਕੋਈ ਵੀ ਸੱਚਾ ਪੰਜਾਬੀ ਕਾਂਗਰਸ ਵੱਲੋਂ ਕਰਵਾਏ ਗਏ ਓਪਰੇਸ਼ਨ ਬਲਿਊ ਸਟਾਰ ਤੇ 1984 ਦੀ ਸਿੱਖ ਨਸਲਕੁਸ਼ੀ ਦੇ ਬੱਜਰ ਗੁਨਾਹਾਂ ਲਈ ਕਦੇ ਵੀ ਮੁਆਫ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬੀਆਂ ਨਾਲ ਕਈ ਵਾਰ ਧਰੋਹ ਕਮਾਉਂਦਿਆਂ ਪੰਜਾਬ ਦੀ ਰਾਜਧਾਨੀ ਖੋਹੀ, ਦਰਿਆਈ ਪਾਣੀਆਂ 'ਤੇ ਡਾਕਾ ਮਾਰਿਆ ਅਤੇ ਪੰਜਾਬੀ ਬੋਲਦੇ ਇਲਾਕੇ ਖੋਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੁਗਲਾਂ ਤੇ ਅੰਗਰੇਜਾਂ ਨਾਲੋਂ ਵੀ ਅੱਗੇ ਵੱਧ ਕੇ ਪੰਜਾਬੀਆਂ ਨਾਲ ਵਿਤਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਕਾਂਗਰਸ ਨੇ ਪੰਜਾਬ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਤੌਰ 'ਤੇ ਇਥੋਂ ਤੱਕ ਕੇ ਧਾਰਮਿਕ ਮਾਮਲਿਆਂ ਵਿੱਚ ਵੀ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ।
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਦੁਨੀਆਂ ਦੇ ਇਤਿਹਾਸ ਵਿੱਚ ਅਜਿਹੀ ਹੋਰ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਬਹਾਦਰ ਪੰਜਾਬੀਆਂ ਨੂੰ ਸਵੈ ਕੁਰਬਾਨ ਹੋਣ ਦਾ ਜਜ਼ਬਾ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਗੁੜਤੀ ਵਿੱਚ ਮਿਲਿਆ ਹੈ ਜਿਨ੍ਹਾਂ ਨੇ ਅਨਿਆਂ, ਦਮਨ ਅਤੇ ਜੁਲਮ ਦੇ ਖਿਲਾਫ ਆਵਾਜ਼ ਬੁਲੰਦ ਕਰਦਿਆਂ ਮਾਸੂਮ ਤੇ ਨਿਹੱਥੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ।
ਭਾਰਤੀ ਆਜਾਦੀ ਸੰਘਰਸ਼ ਵਿੱਚ ਪੰਜਾਬੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਸ. ਬਾਦਲ ਨੇ ਆਖਿਆ ਕਿ ਮੁਲਕ ਦੀ ਆਬਾਦੀ ਦਾ 2 ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬੀਆਂ ਨੇ ਆਜਾਦੀ ਸੰਘਰਸ਼ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ। ਸ. ਬਾਦਲ ਨੇ ਆਖਿਆ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਕੂਕਾ, ਗਦਰ, ਕਾਮਾਗਾਟਾਮਾਰੂ, ਗੁਰਦੁਆਰਾ ਸੁਧਾਰ ਅਤੇ ਬੱਬਰ ਅਕਾਲੀ ਲਹਿਰਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ।
ਇਸ ਮੌਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਸਿੱਖ ਕੌਮ ਨੇ ਮਿਹਨਤ ਸਦਕਾ ਅੱਜ ਵਿਸ਼ਵ ਭਰ ਵਿਚ ਇਕ ਵੱਖਰੀ ਥਾਂ ਬਣਾ ਲਈ ਹੈ ਅਤੇ ਨਾਮਣਾ ਖੱਟਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਸ਼ਵ ਭਰ ਦੇ ਪੰਜਾਬੀਆਂ ਖਾਸ ਤੌਰ 'ਤੇ ਸਿੱਖਾਂ ਦੀ ਨੁਮਾਇੰਦਾ ਪਾਰਟੀ ਹੈ ਅਤੇ ਅਕਾਲੀ ਦਲ ਨੇ ਹਮੇਸ਼ਾਂ ਗਰੀਬਾਂ, ਕਿਸਾਨਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਡੱਟਵੀਂ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੌਮ ਦੀ ਚੜ੍ਹਦੀ ਕਲਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮਨੋਰਥ ਅਤੇ ਨਿਸ਼ਾਨਾ ਹੈ।
ਇਸ ਮੌਕੇ ਸ. ਬਾਦਲ ਨੇ ਸਮੂਹ ਅਕਾਲੀਆਂ ਨੂੰ ਸੱਦਾ ਦਿੱਤਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਲਗਾਤਾਰ ਤੀਜੀ ਵਾਰ ਜਿੱਤ ਲਈ ਸਾਰਿਆਂ ਨੂੰ ਦਿਨ-ਰਾਤ ਇਕ ਕਰ ਦੇਣਾ ਚਾਹੀਦਾ ਹੈ ਅਤੇ ਉਦੋਂ ਤੱਕ ਦਮ ਨਾ ਲਿਓ ਜਦੋਂ ਤੱਕ ਪੰਜਾਬ ਫਤਿਹ ਨਹੀਂ ਕਰ ਲਿਆ ਜਾਂਦਾ। ਕਾਂਗਰਸ ਪਾਰਟੀ 'ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਅਫਸੋਸਨਾਕ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਜਿਨ੍ਹਾਂ ਨੇ ਆਪਣੀ ਸਾਰੀ ਉਮਰ ਪੰਜਾਬ ਵਿਚ ਸਿਆਸਤ ਕਰਨ 'ਤੇ ਲਾ ਦਿੱਤੀ ਉਹ ਅੱਜ ਇਕ ਬਾਹਰੀ ਵਿਅਕਤੀ (ਪ੍ਰਸ਼ਾਂਤ ਕਿਸ਼ੋਰ ਉਰਫ ਪੀ.ਕੇ) ਨੂੰ 20 ਕਰੋੜ ਰੁਪਏ ਦੇ ਕੇ ਉਸ ਤੋਂ ਸਿਆਸਤ ਸਿੱਖ ਰਹੇ ਹਨ।
ਸ. ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਕਾਂਗਰਸ ਪਾਰਟੀ ਉਸ ਨੂੰ ਮੁੱਖ ਮੰਤਰੀ ਅਹੁਦੇ 'ਤੇ ਬੈਠਣ ਵੀ ਦੇਵੇਗੀ ਜਾਂ ਨਹੀਂ। ਉਨ੍ਹਾਂ ਤਨਜ਼ ਕੱਸਿਦਿਆਂ ਕਿਹਾ ਕਿ 'ਕੌਫੀ ਵਿਚ ਕੈਪਟਨ' ਦੀ ਅਸਫਲਤਾ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਨੂੰ 'ਜੇਲ੍ਹ ਵਿਦ ਕੈਪਟਨ' ਸ਼ੁਰੂ ਕਰਨਾ ਚਾਹੀਦਾ ਹੈ। ਕਾਂਗਰਸ ਪਾਰਟੀ ਖਾਸ ਤੌਰ 'ਤੇ ਗਾਂਧੀ ਪਰਿਵਾਰ ਨੂੰ ਪੰਜਾਬ ਵਿਰੋਧੀ ਦੱਸਦਿਆਂ ਉਨ੍ਹਾਂ ਸੂਬੇ 'ਚੋਂ ਕਾਂਗਰਸ ਦੀਆਂ ਜੜ੍ਹਾਂ ਪੁੱਟ ਦੇਣ ਲਈ ਕਿਹਾ।
ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਸਾਧਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਪਾਰਟੀ ਨੂੰ ਧਰਮ ਤੇ ਗੁਰੂ ਘਰਾਂ ਦਾ ਸਤਿਕਾਰ ਨਹੀਂ ਉਸ ਪਾਰਟੀ ਨੂੰ ਲੋਕ ਪੰਜਾਬ 'ਚ ਵੜਨ ਨਾ ਦੇਣ। ਉਨ੍ਹਾਂ ਕਿਹਾ ਕਿ 'ਆਪ' ਨੂੰ ਪੰਜਾਬ ਪ੍ਰਤੀ ਕੋਈ ਦਰਦ ਨਹੀਂ ਅਤੇ ਇਹ ਪਾਰਟੀ ਝੂਠੇ ਵਾਅਦਿਆਂ ਨਾਲ ਸੱਤਾ ਪ੍ਰਾਪਤੀ ਦਾ ਲਾਲਚ ਕਰ ਰਹੀ ਹੈ ਪਰ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਸ ਪਾਰਟੀ ਨੂੰ ਕਰਾਰੀ ਹਾਰ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿੱਖ ਇਤਿਹਾਸ ਤੇ ਵਿਰਸੇ ਦੀ ਕੋਈ ਜਾਣਕਾਰੀ ਨਹੀਂ ਹੈ ਅਤੇ ਇਸ ਦੇ ਜ਼ਿਆਦਾਤਰ ਆਗੂ ਦਾਗੀ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਜ਼ਾਦੀ ਸੰਘਰਸ਼ ਦੌਰਾਨ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਸ ਨੇ ਸਿੱਖ ਵਿਰਸਾ ਸੰਭਾਲਿਆ ਅਤੇ ਧਾਰਮਿਕ ਤੇ ਇਤਿਹਾਸਕ ਥਾਂਵਾਂ ਦੀ ਉਸਾਰੀ ਕਰਵਾਈ ਤੇ ਸਾਂਭ-ਸੰਭਾਲ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਟਾਊਨ ਹਾਲ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੱਕ ਦੀ ਕਾਇਆ ਕਲਪ ਦੀ ਵਿਸ਼ਵ ਭਰ ਵਿਚ ਪ੍ਰਸੰਸਾ ਹੋ ਰਹੀ ਹੈ ਅਤੇ ਜਲਦ ਹੀ ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਦੁਨੀਆਂ ਦੇ ਖੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ ਕਰੇਗੀ।
ਇਸ ਮੌਕੇ ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਵੀ ਜ਼ਿਕਰ ਕੀਤਾ ਅਤੇ ਐਲਾਨ ਕੀਤਾ ਕਿ ਅਗਲੇ ਪੰਜ ਸਾਲਾਂ ਵਿਚ ਪੰਜਾਬ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ 'ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ 5 ਪਿੰਡਾਂ ਲਈ ਇਕ ਸਕਿੱਲ ਸੈਂਟਰ ਖੋਲ੍ਹਿਆ ਜਾਵੇਗਾ ਅਤੇ 10 ਲੱਖ ਨੌਜਵਾਨਾਂ ਨੂੰ ਖੁਦ ਦੇ ਪੈਰਾਂ 'ਤੇ ਖੜ੍ਹਾ ਕੀਤਾ ਜਾਵੇਗਾ।
ਇਸ ਮੌਕੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਇਸ ਲਾਸਾਨੀ ਸ਼ਹਾਦਤ ਦਾ ਦੁਨੀਆਂ ਭਰ ਦੇ ਇਤਿਹਾਸ ਵਿੱਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰੇ ਸ਼ਹਾਦਤ ਦੇ ਕੇ ਪੂਰੀ ਦੁਨੀਆਂ ਨੂੰ ਅਣਖ ਨਾਲ ਜਿਉਣ ਦਾ ਸਬਕ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਨੀਆਂ ਦੇ ਪਹਿਲੇ ਅਜਿਹੇ ਵਿਅਕਤੀ ਹਨ ਜਿਨ੍ਹਾਂ ਨੇ ਮਾਨਵਤਾ ਲਈ ਆਪਣਾ ਸਮੁੱਚਾ ਪਰਿਵਾਰ ਹੀ ਵਾਰ ਦਿੱਤਾ। ਉਨ੍ਹਾਂ ਹੋਰ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਸਿੱਖ ਧਰਮ ਵਰਗਾ ਧਰਮ ਦੁਨੀਆਂ ਵਿੱਚ ਹੋਰ ਕੋਈ ਨਹੀਂ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ, ਮੈਂਬਰ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਾਗੀਰ ਕੌਰ, ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ, ਬਸੀ ਪਠਾਣਾਂ ਦੇ ਹਲਕਾ ਇੰਚਾਰਜ ਸ. ਦਰਬਾਰਾ ਸਿੰਘ ਗੁਰੂ, ਅਮਲੋਹ ਦੇ ਹਲਕਾ ਇੰਚਾਰਜ ਸ੍ਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਸਵਰਨ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਸ੍ਰੀ ਅਜੇ ਸਿੰਘ ਲਿਬੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਦੀਪ ਗਰਗ, ਐਸ.ਜੀ.ਪੀ.ਸੀ. ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ ਅਤੇ ਸ੍ਰੀ ਅੰਮ੍ਰਿਤਪਾਲ ਸਿੰਘ ਰਾਜੂ ਨੇ ਵੀ ਸੰਬੋਧਨ ਕੀਤਾ।
ਇਸ ਸ਼ਹੀਦੀ ਕਾਨਫਰੰਸ ਵਿੱਚ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਵਿਧਾਇਕ ਬਸੀ ਪਠਾਣਾਂ ਜਸਟਿਸ ਨਿਰਮਲ ਸਿੰਘ, ਸਾਬਕਾ ਮੰਤਰੀ ਸ. ਰਣਧੀਰ ਸਿੰਘ ਚੀਮਾ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਗੁਰਵਿੰਦਰ ਸਿੰਘ ਭੱਟੀ, ਬੀਬੀ ਮਨਜੀਤ ਕੌਰ ਕਾਲੇਮਾਜਰਾ, ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ, ਸ. ਰਣਜੀਤ ਸਿੰਘ ਤਲਵੰਡੀ, ਸ. ਸਤਬੀਰ ਸਿੰਘ ਖਟੜਾ, ਸ. ਉਜਾਗਰ ਸਿੰਘ ਬਡਾਲੀ, ਕ੍ਰਿਪਾਲ ਸਿੰਘ ਸੇਠੀ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ. ਮੱਖਣ ਸਿੰਘ ਲਾਲਕਾ, ਸ. ਸ਼ਰਨਜੀਤ ਸਿੰਘ ਚਨਾਰਥਲ, ਸ. ਸਰਬਜੀਤ ਸਿੰਘ ਝਿੰਜਰ, ਸ. ਇੰਦਰਮੋਹਨ ਸਿੰਘ ਬਜਾਜ, ਸ. ਗੁਰਪ੍ਰੀਤ ਸਿੰਘ ਸੋਨੂੰ ਚੀਮਾ, ਸ. ਗੁਰਜੀਤ ਸਿੰਘ ਚੀਮਾ, ਰਸ਼ਪਿੰਦਰ ਸਿੰਘ ਢਿੱਲੋਂ, ਰੂਪੀ ਵਿਰਕ, ਗੁਰਚਰਨ ਸਿੰਘ ਹਰਬੰਸਪੁਰਾ, ਮਲਕੀਤ ਸਿੰਘ ਮਠਾੜੂ, ਸ. ਰਣਧੀਰ ਸਿੰਘ ਰੱਖੜਾ, ਸੁਰਿੰਦਰ ਸਿੰਘ ਪਹਿਲਵਾਨ, ਚੇਅਰਮੈਨ ਭੁਪਿੰਦਰ ਸਿੰਘ ਹੰਸ, ਰਣਬੀਰ ਸਿੰਘ ਬੀਬੀਪੁਰ, ਨਰਦੇਵ ਸਿੰਘ ਆਕੜੀ, ਅਜੈਬ ਸਿੰਘ ਚੰਡਿਆਲਾ, ਮੂਸਾ ਖਾਨ, ਅਨਿਲ ਕੁਮਾਰ ਧੰਨਾ, ਅਮਰੀਕ ਸਿੰਘ ਰੋਮੀ, ਸੁਰਜੀਤ ਸਿੰਘ ਕੋਹਲੀ, ਸੁਖਜੀਤ ਸਿੰਘ ਬਘੌਰਾ, ਹਰਵਿੰਦਰ ਸਿੰਘ ਬੱਬਲ, ਐਸ.ਜੀ.ਪੀ.ਸੀ. ਮੈਂਬਰ ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਗੁਰਦੀਪ ਸਿੰਘ ਘੁਮਾਣ, ਪਰਵਿੰਦਰ ਸਿੰਘ ਸੱਲ੍ਹ, ਪ੍ਰਧਾਨ ਸ਼ੇਰ ਸਿੰਘ, ਸਾਬਕਾ ਪ੍ਰਧਾਨ ਤਰਲੋਕ ਸਿੰਘ ਬਾਜਵਾ, ਨਰੇਸ਼ ਸਰੀਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਤੇ ਪਤਵੰਤੇ ਹਾਜਰ ਸਨ।