ਅਸ਼ੋਕ ਵਰਮਾ
ਬਠਿੰਡਾ, 20 ਅਪ੍ਰੈਲ 2020: ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜਮੀ ਕਰ ਦਿੱਤਾ ਹੈ। ਇਸ ਸਬੰਧ ’ਚ ਸਿਹਤ ਵਿਭਾਗ ਵਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਸਾਂਝੀ ਕੀਤੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕੋਵਿਡ-19 ਦੀ ਇਸ ਖ਼ਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ’ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਨਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਨਾਂ ਜਨਤਕ ਤੌਰ ’ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫ਼ੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਡਾ. ਸੰਧੂ ਨੇ ਦੱਸਿਆ ਕਿ ਐਪੀਡੈਮਿਕ ਡਿਜੀਜ ਐਕਟ 1897 ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ 5 ਮਾਰਚ 2020 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਸਿਹਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜੋ ਵਿਅਕਤੀ ਹਸਪਤਾਲਾਂ ਤੇ ਹੋਰ ਦਫਤਰਾਂ, ਉਦਯੋਗਾਂ ਜਾਂ ਹੋਰ ਥਾਵਾਂ ’ਤੇ ਕੰਮ ਕਰਦੇ ਹਨ, ਤੋਂ ਇਲਾਵਾ ਆਪਣੇ ਸਾਧਨ ’ਤੇ ਸਫ਼ਰ ਕਰਦੇ ਹੋਏ ਵੀ ਮਾਸਕ ਨੂੰ ਪਹਿਨਣਗੇ।
ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਹ ਮਨੁੱਖਤਾ ਦੀ ਭਲਾਈ ਲਈ ਹੀ ਕੀਤੀਆਂ ਹਨ। ਉਨਾਂ ਕਿਹਾ ਕਿ ਘਰਾਂ ’ਚ ਰਹਿ ਕੇ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਸਾਰੇ ਇਸ ਬਿਮਾਰੀ ’ਤੇ ਕਾਬੂ ਪਾ ਸਕਦੇ ਹਾਂ।