ਮੌੜ ਮੰਡੀ (ਬਠਿੰਡਾ) , 30 ਦਸੰਬਰ, 2016 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਸ਼ੁਰੂ ਹੋਈ 'ਵਿਜੇ ਸੰਕਲਪ ਰਥ ਯਾਤਰਾ' ਦਾ ਬਠਿੰਡਾ ਤੇ ਮੌੜ ਮੰਡੀ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਮੌੜ ਮੰਡੀ ਵਿਖੇ ਕੈਬਨਿਟ ਮੰਤਰੀ ਸ੍ਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਸੈਂਕੜਿਆਂ ਦੀ ਤਾਦਾਦ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਰਕਰਾਂ ਨੇ ਸਵਾਗਤ ਕੀਤਾ। ਸ੍ਰੀ ਵਿਜੇ ਸਾਂਪਲਾ ਨੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਕੇਂਦਰ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੇ ਸੂਬੇ ਵਿਚ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਕੀਤੇ ਵਿਕਾਸ ਕੰਮਾਂ ਨੂੰ ਵੇਖਦੇ ਹੋਏ ਸੂਬੇ 'ਚ ਲਗਾਤਾਰ ਤੀਸਰੀ ਵਾਰ ਸਰਕਾਰ ਬਣਾਉਣ ਦਾ ਪੱਕਾ ਮਨ ਬਣਾ ਲਿਆ ਹੈ। ਇਸ ਤੋਂ ਪਹਿਲਾਂ ਬਠਿੰਡਾ ਦੇ ਰੋਜ਼ ਗਾਰਡਨ ਤੇ ਪਾਵਰ ਹਾਊਸ ਰੋੜ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਨੇ 'ਵਿਜੇ ਸੰਕਲਪ ਰਥ ਯਾਤਰਾ' ਦਾ ਸਵਾਗਤ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਥੇਬੰਦਕ ਸਕੱਤਰ ਦਿਨੇਸ਼ ਕੁਮਾਰ, ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੂਬਾ ਜਨਤਰ ਸਕੱਤਰ ਮਨਜੀਤ ਸਿੰਘ ਰਾਏ ਤੇ ਕੇਵਲ ਕੁਮਾਰ, ਸੂਬਾ ਸਕੱਤਰ ਵਿਨੀਤ ਜੋਸ਼ੀ, ਭਾਜਪਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਮੱਖਣ ਜਿੰਦਲ, ਜਿਲ੍ਹਾ ਇੰਚਾਰਜ ਰਾਕੇਸ਼ ਜੈਨ, ਸੂਬਾ ਬੁਲਾਰੇ ਨਵੀਨ ਸਿੰਗਲਾ, ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਦਿਆਲ ਸਿੰਘ ਸੋਢੀ, ਭਾਜਪਾ ਯੁਵਾ ਮੋਰਚਾ ਦੇ ਸੁੂਬਾ ਪ੍ਰਧਾਨ ਸ਼ਿਵਵੀਰ ਰਾਜਨ ਤੇ ਜਨਰਲ ਸਕੱਤਰ ਅਮਿਤ ਸਾਂਪਲਾ ਵੀ ਮੌਜੂਦ ਸਨ।