- ਅਧਿਕਾਰੀਆਂ ਨੂੰ ਲੈਵਲ-2 ਅਤੇ ਲੈਵਲ-3 ਦੀਆਂ ਸਹੂਲਤਾਂ ਨੂੰ ਵਧਾਉਣ ਦੀਆਂ ਹਦਾਇਤਾਂ
ਜਲੰਧਰ 18 ਮਾਰਚ 2021 - ਕੋਵਿਡ-19 ਮਹਾਂਮਾਰੀ ਦੇ ਤੀਜੀ ਲਹਿਰ ਦਾ ਪੂਰੀ ਸਮਰੱਥਾ ਨਾਲ ਟਾਕਰਾ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਵਿਖੇ ਕੋਵਿਡ ਕੇਅਰ ਸਹੂਲਤ ਦਾ ਦੌਰਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆ ਨੂੰ ਕਿਹਾ ਕਿ ਕੋਵਿਡ ਕੇਅਰ ਸੈਂਟਰ ਵਿਖੇ ਆਪਣੇ ਬੁਨਿਆਦੀ ਢਾਂਚੇ ਵਿੱਚ ਹੋਰ ਵਾਧਾ ਕਰਨ ਤਾਂ ਜੋ ਕੋਵਿਡ ਦੇ ਜ਼ਿਆਦਾ ਕੇਸ ਸਾਹਮਣੇ ਆਉਣ 'ਤੇ ਪੂਰੀ ਸਮਰੱਥਾ ਨਾਲ ਨਿਪਟਿਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਵਿਖੇ ਬੈਡਾਂ ਦੀ ਉਪਲਬੱਧਤਾ ਅਤੇ ਹੋਰ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾਣ।
ਸ੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਪ੍ਰਾਈਵੇਟ ਲੈਵਲ-2 ਸਹੂਲਤਾਂ ਦੀ ਕਾਰਜ ਸਮਰੱਥਾ ਦੀ ਜਾਂਚ ਕਰਨ ਲਈ ਕਿਹਾ ਗਿਆ ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਮੁੱਦਿਆਂ ਸਬੰਧੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਮੌਜੂਦਾ ਬੁਨਿਆਦੀ ਢਾਂਚੇ ਬਾਰੇ ਉਚ ਅਧਿਕਾਰੀਆਂ ਨੂੰ ਜਾਣੂੰ ਕਰਵਾਕੇ ਸਮੇਂ ਸਿਰ ਜਰੂਰੀ ਕਾਰਵਾਈ ਆਰੰਭੀ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਜਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਮਹਾਂਮਾਰੀ ਦੌਰਾਨ ਜ਼ਿਲ੍ਹਾ ਵਾਸੀਆ ਨੂੰ ਵਧੀਆ ਤੋਂ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ.ਬਲਵੰਤ ਸਿੰਘ, ਮੈਡੀਕਲ ਸੁਪਰਡੰਟ ਡਾ.ਪਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਜੋਤੀ ਸ਼ਰਮਾ, ਡਾ.ਅਸ਼ੋਕੇ, ਡਾ.ਪਰਮਜੀਤ, ਡਾ.ਭੁਪਿੰਦਰ ਸਿੰਘ, ਡਾ.ਗੁਰਮੀਤ ਲਾਲ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।