ਚੰਡੀਗੜ੍ਹ, 20 ਸਤੰਬਰ 2018 - ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਤਿੰਨ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੌਂ ਚੁਣੌਤੀ ਦੇਣ ਦੇ ਮਾਮਲੇ 'ਚ ਅੱਜ ਹਾਈ ਕੋਰਟ 'ਚ ਸੁਣਵਾਈ ਹੋਈ ਜਿਸ ਵਿਚ ਪੰਜਾਬ ਸਰਕਾਰ ਨੇ ਹਾਈ ਕੋਰਟ ਕੋਲ ਸਟੇਅ ਨੂੰ ਹਟਾਉਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਸ ਸਟੇਅ ਨਾਲ ਇਸ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਰਹੀ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਹਾਲੇ ਵੀ ਰਾਹਤ ਬਰਕਰਾਰ ਹੈ।
ਇਸ ਵਿਚਕਾਰ ਬਹਿਬਲ ਕਲਾਂ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਕੁਮਾਰ ਦਾ ਪਰਿਵਾਰ ਵੀ ਹਾਈ ਕੋਰਟ ਪਹੁੰਚਿਆ ਅਤੇ ਖੁਦ ਨੂੰ ਇਸ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਉਸਦੀ ਦਰਖਾਸਤ 'ਤੇ ਪੰਜਾਬ ਸਰਕਾਰ ਤੇ ਦੂਸਰੀ ਧਿਰ ਨੂੰ ਨੋਟਿਸ ਦਿੱਤਾ ਹੈ।
ਪੰਜਾਬ ਸਰਕਾਰ ਨੇ ਤਰਕ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ 90 ਪੇਜਾਂ ਦਾ ਆਪਣਾ ਜਵਾਬ ਫਾਈਲ ਕੀਤਾ ਹੈ। ਹਾਈ ਕੋਰਟ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 11 ਅਕਤੂਬਰ ਨੂੰ ਹੋਵੇਗੀ।