ਜਾਂਚ ਏਜੰਸੀਆਂ ਦੀ ਦੁਰਵਰਤੋਂ ਰਾਹੀਂ ‘ਆਪ’ ਨੂੰ ਖਤਮ ਕਰਨਾ ਚਾਹੁੰਦੀ ਮੋਦੀ ਸਰਕਾਰ: ਨੀਲ ਗਰਗ
ਅਸ਼ੋਕ ਵਰਮਾ
ਬਠਿੰਡਾ,28 ਜੂਨ 2024: ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਚੇਅਰਮੈਨ ਨੀਲ ਗਰਗ ਨੇ ਆਖਿਆ ਹੈ ਕਿ ਮੋਦੀ ਸਰਕਾਰ ਦੇਸ਼ ਦੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਭਾਜਪਾ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ । ’ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਰਾਤ ਨੂੰ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ’ਤੇ ਆਮ ਆਦਮੀ ਪਾਰਟੀ ਤਰਫੋਂ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਨੀਲ ਗਰਗ ਨੇ ਕਿਹਾ ਕਿ 2 ਸਾਲਾਂ ਵਿੱਚ ਸੀਬੀਆਈ ਨੂੰ ਕਦੇ ਵੀ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਯਾਦ ਨਹੀਂ ਆਇਆ ਪਰ ਜਦੋਂ ਜ਼ਮਾਨਤ ਮਿਲਣ ਦੀ ਸੰਭਾਵਨਾ ਸੀ ਤਾਂ ਉਸ ਨੂੰ ਅਚਾਨਕ ਗ੍ਰਿਫਤਾਰੀ ਯਾਦ ਆ ਗਈ।
ਭਾਰਤੀ ਜਨਤਾ ਪਾਰਟੀ ’ਤੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਭਾਜਪਾ ਸਰਕਾਰ ਦਾ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਆਸੀ ਬਦਲਾਖੋਰੀ ਤਹਿਤ ਆਮ ਆਦਮੀ ਪਾਰਟੀ ਖਿਲਾਫ ਕੰਮ ਕਰ ਰਹੀ ਹੈ। ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਜੋ ਬਰਦਾਸ਼ਤ ਨਹੀਂ ਕੀਤਾ ਜਾਏਗਾ। ਇਸ ਲਈ ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਖਿਲਾਫ ਦੇਸ਼ ਦੀਆਂ ਜਾਂਚ ਏਜੰਸੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਾ ਕਿਹਾ ਕਿ ਇਤਿਹਾਸ ਗਵਾਹ ਹੈ, ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਹਰਾਇਆ ਨਹੀਂ ਜਾ ਸਕਦਾ। ਬੀਜੇਪੀ ਜਿਨ੍ਹਾਂ ਮਰਜ਼ੀ ਜ਼ੋਰ ਲਾ ਲਵੇ, ਜਿੰਨਾ ਮਰਜ਼ੀ ਅੱਤਿਆਚਾਰ ਕਰ ਲਵੇ, ਨਾ ਉਹ ਅਰਵਿੰਦ ਕੇਜਰੀਵਾਲ ਨੂੰ ਤੋੜ ਸਕੇਗੀ ਨਾ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਸਕੇਗੀ।
ਨੀਲ ਗਰਗ ਨੇ ਕਿਹਾ ਕਿ ਅਪ੍ਰੈਲ 2022 ਵਿੱਚ ਸੀਬੀਆਈ ਪਹਿਲਾਂ ਵੀ ਪੁੱਛ ਗਿੱਛ ਕਰ ਚੁੱਕੀ ਹੈ ਪਰ 2 ਸਾਲਾਂ ਵਿੱਚ ਸੀਬੀਆਈ ਨੂੰ ਕਦੇ ਵੀ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਯਾਦ ਨਹੀਂ ਆਇਆ ਪਰ ਜਦੋਂ ਜ਼ਮਾਨਤ ਮਿਲਣ ਦੀ ਸੰਭਾਵਨਾ ਸੀ ਤਾਂ ਅਰਵਿੰਦ ਕੇਜਰੀਵਾਲ ਜੀ ਨੂੰ ਗ੍ਰਿਫਤਾਰ ਕਰ ਲਿਆ। ਨੀਲ ਗਰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿਸ ਤਰ੍ਹਾਂ ਈ.ਡੀ ਨੇ ਫ਼ੌਰੀ ਤੌਰ ’ਤੇ ਫ਼ੈਸਲੇ ਦੀ ਕਾਪੀ ਨਾ ਮਿਲਣ ’ਤੇ ਵੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਾਘਵ ਰੈਡੀ ਅਤੇ ਸ਼ਰਦ ਚੰਦਰ ਰੈਡੀ ਨਾਲ ਭਾਜਪਾ ਦੇ ਸਬੰਧ ਹਨ।
ਨੀਲ ਗਰਗ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 60 ਕਰੋੜ ਰੁਪਏ ਦੇ ਚੋਣ ਫੰਡ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਫੰਡ ਦੇਣ ਵਾਲੇ ਵਿਅਕਤੀ ਦੇ ਬਿਆਨ ਦੇ ਆਧਾਰ ’ਤੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਰਾਘਵ ਰੈਡੀ ਦੇ ਪਿਤਾ ਨੂੰ ਲੋਕ ਸਭਾ ਟਿਕਟ ਵੀ ਦਿੱਤੀ ਹੈ। ਇਸ ਤੋਂ ਉਨ੍ਹਾਂ ਦੇ ਇਰਾਦੇ ਸਾਫ਼ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕੁਝ ਵੀ ਕਰ ਲਵੇ, ਪਰ ਸਾਨੂੰ ਪੂਰਾ ਭਰੋਸਾ ਹੈ ਕਿ ਸਾਨੂੰ ਅਦਾਲਤ ਤੋਂ ਨਿਆਂ ਜ਼ਰੂਰ ਮਿਲੇਗਾ । ਉਨ੍ਹਾਂ ਕਿਹਾ ਕਿ ਜਲਦੀ ਹੀ ਅਰਵਿੰਦ ਕੇਜਰੀਵਾਲ ਇਸ ਮਾਮਲੇ ’ਚ ਬੇਕਸੂਰ ਸਾਬਤ ਹੋ ਜਾਣਗੇ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ ਤੇ ਭਾਜਪਾ ਦੀ ਸਾਜ਼ਿਸ਼ ਲੋਕਾਂ ਸਾਹਮਣੇ ਆ ਜਾਵੇਗੀ।