ਕਰੋਨਾ ਵਾਇਰਸ ਕਾਰਨ ਪੰਜਾਬ ਦੀ ਆਰਥਿਕ ਸਥਿਤੀ ‘ਤੇ ਹੋਏ ਅਸਰ ਬਾਰੇ ਹੋਇਆ ਵਿਚਾਰ ਵਟਾਂਦਰਾ
ਐਸ.ਏ.ਐਸ. ਨਗਰ, 22 ਜੁਲਾਈ 2020: ਪੰਜਾਬ ਦੇ ਵਿੱਤ ਯੋਜਨਾ ਬੰਦੀ ਅਤੇ ਆਰਥਿਕ ਪੈਕੇਜ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਪੰਜਾਬ ਦੇ ਸਮੂਹ ਜਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨਾਂ ਦੀ ਵੀਡੀਓ ਕਾਨਫਰੰਸ ਰਾਹੀਂ ਇਕ ਅਹਿਮ ਮੀਟਿੰਗ ਹੋਈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਟਿੰਕੂ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਦੇ ਗੰਭੀਰ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਰੋਨਾ ਵਾਇਰਸ ਕਾਰਨ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਆਪੋ ਆਪਣੇ ਵਿਚਾਰ ਸ਼ਾਝੇ ਕੀਤੇ।
ਸ਼੍ਰੀ ਵਿਜੇ ਸ਼ਰਮਾ ਟਿੰਕੂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਮਸਿਆਵਾਂ ਸਬੰਧੀ ਜਾਣੂ ਕਰਵਾਉਂਦਿਆਂ ਉਹਨਾਂ ਨੂੰ ਦੱਸਿਆ ਕਿ ਜਿਲ੍ਹੇ ਦੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਧਾਉਣ, ਸੜਕਾਂ ਦੀ ਹਾਲਤ ‘ਚ ਸੁਧਾਰ ਅਤੇ ਓਵਰ ਬਰਿਜ ਖਰੜ, ਸੀਵਰੇਜ ਆਦਿ ਦੇ ਕੰਮਾਂ ਤੇ ਹੋਰ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਅਸੀਂ ਕੋਵਿਡ 19 ਕਾਰਨ ਆ ਰਹੀਆਂ ਸਮੱਸਿਆਵਾਂ ਲਈ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ।
ਵਿਤ ਮੰਤਰੀ ਨੇ ਉਪਰੋਕਤ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਆਈ ਏ ਐਸ ਪ੍ਰਮੁਖ ਸਕੱਤਰ ਵਿਤ ਤੇ ਯੋਜਨਾ, ਦਲਜੀਤ ਸਿੰਘ ਮਾਂਗਟ ਵਿਸ਼ੇਸ਼ ਸਕੱਤਰ ਯੋਜਨਾ ਆਦਿ ਹਾਜ਼ਰ ਸਨ ।