ਚੰਡੀਗੜ੍ਹ, 31 ਜਨਵਰੀ 2021 - 26 ਜਨਵਰੀ ਦੌਰਾਨ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਕਿਸਾਨਾਂ ਦੇ ਕੇਸ ਪੰਜਾਬ ਸਰਕਾਰ ਲੜੇਗੀ। ਇਸ ਗੱਲ ਦਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬੂਸ਼ਾਹੀ ਨੂੰ ਫੋਨ 'ਤੇ ਗੱਲਬਾਤ ਕਰਦਿਆਂ ਐਲਾਨ ਕੀਤਾ। ਇਸ ਤੋਂ ਬਿਨਾਂ ਉਨ੍ਹਾਂ ਨੇ ਦੱਸਿਆ ਕਿ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਲਾਪਤਾ ਨੌਜਵਾਨਾਂ ਦਾ ਪਤਾ ਲਾਉਣ ਲਈ ਸਰਕਾਰ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਸੁਖਜਿੰਦਰ ਰੰਧਾਵਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਵੀ ਮੰਗਿਆ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਹੁਣ ਤੱਕ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੀਆਂ ਜੇਲ੍ਹਾਂ 'ਚ ਕਰੀਬ 65 ਤੋਂ 70 ਕਿਸਾਨ ਬੰਦ ਹਨ।