ਅਸ਼ੋਕ ਵਰਮਾ
ਬਠਿੰਡਾ, 01 ਜੂਨ 2020: ਕੇਂਦਰ ਸਰਕਾਰ ਵੱਲੋਂ ਸਾਲ 2020- 21 ਦੌਰਾਨ ਝੋਨੇ ਦੇ ਭਾਅ ’ਚ 53 ਰੁਪਏ ਅਤੇ ਨਰਮੇਂ- ਕਪਾਹ, ਦਾਲਾਂ ਸਮੇਤ 14 ਫਸਲਾਂ ਦੀ ਐੱਮ.ਐੱਸ.ਪੀ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਮੁੱਢੋਂ ਰੱਦ ਕੀਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਉਨਾਂ ਦੀਆਂ ਫਸਲਾਂ ਦਾ ਭਾਅ ਲਾਗਤ ਖਰਚਿਆਂ ਮੁਤਾਬੁਕ ਨਹੀ ਦਿੱਤਾ, ਸਗੋਂ ਹਰ ਸਾਲ ਸਿਰਫ ਸਿਆਸੀ ਭਾਅ ਦੇ ਕੇ ਕਿਸਾਨਾਂ ਨੂੰ ਕਰਜ਼ੇ ਵੱਲ ਧੱਕ ਦਿੱਤਾ ਹੈ। ਉਨਾਂ ਕਿਹਾ ਕਿ ਖਾਦਾਂ, ਬੀਜ਼ਾਂ, ਮਜ਼ਦੂਰੀ ,ਕੀਟਨਾਸ਼ਕ ਦਵਾਈਆਂ, ਡੀਜ਼ਲ ਆਦਿ ਦੀਆਂ ਕੀਮਤਾਂ ਆਏ ਦਿਨ ਵਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਫਸਲਾਂ ‘ਤੇ ਹਰ ਸਾਲ ਜਿਆਦਾ ਪੈਸੇ ਖਰਚਨੇ ਪੈਂਦੇ ਹ।
ਉਨਾਂ ਕਿਹਾ ਕਿ ਕੇਂਦਰ ਸਰਕਾਰ ਹਰ ਵਾਰ ਫਸਲਾਂ ਦੇ ਨਿਗੂਣੇ ਭਾਅ ਤੈਅ ਕਰ ਦਿੰਦੀ ਹੈ। ਇਸ ਨਾਲ ਕਿਸਾਨਾਂ ਤੇ ਭਾਰੀ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਕਿਸਾਨ ਦਿਨੋਂ ਦਿਨ ਕਰਜ਼ਾਈ ਹੋਕੇ ਖੁਦਕੁਸ਼ੀਆਂ ਕਰ ਰਿਹਾ ਹੈ। ਉਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡਾ. ਰਮੇਸ਼ ਚੰਦ ਦੀ ਅਗਵਾਈ ‘ਚ ਸਮਰਥਨ ਮੁੱਲ ਸੰਬੰਧੀ ਪ੍ਰਣਾਲੀ ਬਾਰੇ ਜਾਂਚ ਕਮੇਟੀ ਦੀ ਰਿਪੋਰਟ ਲਾਗੂ ਕਰਕੇ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ( ਸੀਟੂ ) ਰਿਪੋਰਟ ਮੁਤਾਬਕ ਦਿੱਤੇ ਜਾਣ। ਉਨਾਂ ਕਿਹਾ ਕਿ ਘੱਟੋ- ਘੱਟ ਸਮਰੱਥਨ ਮੁੱਲ ਜੋ ਸਵਾਮੀਨਾਥਨ ਦੀ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਝੋਨੇ ਦਾ ਭਾਅ 3000 ਰੁਪਏ ਪ੍ਰਤੀ ਕੁਇੰਟਲ ਅਤੇ ਨਰਮੇਂ- ਕਪਾਹ ਦੀ ਫਸਲ ਦਾ ਭਾਅ 8500 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਣਾ ਚਾਹੀਦਾ ਹੈ। ਇਸ ਸਮੇਂ ਉਨਾਂ ਨਾਲ ਯੂਨੀਅਨ ਜਿਲਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ, ਜਿਲਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਵੀ ਮੌਜੂਦ ਸਨ।