ਟੀਕਾਕਰਨ ਕਰਵਾ ਚੁੱਕੇ ਪਿੰਡ ਨਿਵਾਸੀਆਂ ਨੇ ਮਾਨਸਾ ਦੇ ਪਿੰਡ ਬੁਰਜ ਹਰੀ ’ਚ ਕੀਤੀ ਜਾਗਰੂਕਤਾ ਰੈਲੀ
ਸੰਜੀਵ ਜਿੰਦਲ
- ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ
- 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕਰਵਾਉਣ ਦੀ ਮੁਹਿੰਮ ਜ਼ੋਸ਼ੋ ਖਰੋਸ਼ ਨਾਲ ਜਾਰੀ: ਡਿਪਟੀ ਕਮਿਸ਼ਨਰ
ਮਾਨਸਾ, 25 ਜੂਨ 2021 : ਮਾਨਸਾ ਜ਼ਿਲ੍ਹੇ ਵਿੱਚ ਇਨ੍ਹੀਂ ਦਿਨੀਂ ਪ੍ਰਸ਼ਾਸਨ ਵੱਲੋਂ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕਰਵਾਏ ਜਾਣ ਦੀ ਮੁਹਿੰਮ ਪੂਰੇ ਜੋਸ਼ੋ ਖਰੋਸ਼ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਉਦੇਸ਼ ਤਹਿਤ ਹਰੇਕ ਵਰਗ, ਹਰੇਕ ਸਮਾਜਿਕ ਸੰਗਠਨ, ਹਰੇਕ ਕਿੱਤੇ ਨਾਲ ਜੁੜੇ ਵਿਅਕਤੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਂਦੇ ਹੋਏ ਹਰ ਨਾਗਰਿਕ ਨੂੰ ਟੀਕਾਕਰਨ ਕਰਵਾਉਣ ਲਈ ਸਵੈ ਇੱਛਾ ਨਾਲ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਬੁਰਜ ਹਰੀ ਵਿਖੇ ਅੱਜ ਸਵੇਰੇ ਟੀਕਾਕਰਨ ਕਰਵਾਉਣ ਦਾ ਹੋਕਾ ਘਰ ਘਰ ਪਹੁੰਚਾਉਣ ਦੇ ਉਦੇਸ਼ ਨਾਲ ਹੱਥਾਂ ਵਿੱਚ ਵੱਖੋ ਵੱਖ ਨਾਅਰੇ ਵਾਲੀਆਂ ਤਖ਼ਤੀਆਂ ਫੜ ਕੇ ਇੱਕ ਚੇਤਨਾ ਰੈਲੀ ਕੀਤੀ ਗਈ ਜਿਸ ਵਿੱਚ ਪਿੰਡ ਦੇ ਹੀ ਉਨ੍ਹਾਂ ਵਸਨੀਕਾਂ ਅਤੇ ਨੋਡਲ ਅਫ਼ਸਰਾਂ ਨੇ ਹਿੱਸਾ ਲਿਆ ਜੋ ਖੁਦ ਟੀਕਾਕਰਨ ਕਰਵਾ ਚੁੱਕੇ ਹਨ। ਰੈਲੀ ਦੀ ਅਗਵਾਈ ਕਰਦਿਆਂ ਐਸ.ਡੀ.ਐਮ ਡਾ. ਸ਼ਿਖਾ ਭਗਤ ਨੇ ਕਿਹਾ ਕਿ ਜਲਦੀ ਹੀ ਇਸ ਪਿੰਡ ਦੇ 18 ਸਾਲ ਤੋਂ ਵੱਧ ਉਮਰ ਦੇ ਸੌ ਫੀਸਦੀ ਨਾਗਰਿਕਾਂ ਦਾ ਟੀਕਾਕਰਨ ਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਤੋਂ ਇਲਾਵਾ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਘਰ ਘਰ ਜਾ ਕੇ ਲੋਕਾਂ ਨੂੰ ਟੀਕਾਕਰਨ ਤੇ ਸੈਂਪਲਿੰਗ ਦੇ ਫਾਇਦਿਆਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਪਿਛਲੇ ਦਿਨੀਂ ਲਗਾਏ ਗਏ ਕੈਂਪਾਂ ਦੌਰਾਨ ਵੀ ਬਹੁ ਗਿਣਤੀ ਲੋਕਾਂ ਨੇ ਟੀਕਾਕਰਨ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਨਾ ਜਾ ਸਕਣ, ਇਸ ਲਈ ਪ੍ਰਸ਼ਾਸਨ ਦੀ ਤਰਫੋਂ ਜ਼ਿਲ੍ਹੇ ਦੇ ਹਰੇਕ ਪਿੰਡ, ਹਰੇਕ ਕਸਬੇ ਤੇ ਹਰੇਕ ਸ਼ਹਿਰ ਵਿੱਚ ਪਹੁੰਚ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਪਿੰਡ ਵਿੱਚੋਂ ਵਧੀਆ ਹੁੰਗਾਰਾ ਮਿਲਿਆ ਹੈ ਅਤੇ ਹੌਲੀ ਹੌਲੀ ਅਸੀਂ ਲੋਕਾਂ ਨੂੰ ਸਮਝਾਉਣ ਵਿੱਚ ਸਫ਼ਲ ਸਾਬਤ ਹੋ ਰਹੇ ਹਾਂ ਅਤੇ ਜਲਦੀ ਹੀ ਪਿੰਡ ਬੁਰਜ ਹਰੀ ਦੇ ਸਾਰੇ ਨਿਵਾਸੀਆਂ ਦਾ ਟੀਕਾਕਰਨ ਕਾਰਜ ਨੇਪਰੇ ਚੜ੍ਹ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਨੂੰ 9 ਵਾਰਡਾਂ ਵਿੱਚ ਵੰਡਿਆ ਗਿਆ ਹੈ ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਨੋਡਲ ਅਧਿਕਾਰੀ ਲਗਾਤਾਰ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ਲਗਾਇਆ ਜਾਵੇਗਾ ਜਿਸ ਤੋਂ ਬਾਅਦ ਅਜਿਹੇ ਹੀ ਹੋਰ ਕੈਂਪ ਸਮੇਂ ਸਮੇਂ ’ਤੇ ਉਲੀਕੇ ਜਾਣਗੇ ਤਾਂ ਜੋ ਨਿਰਧਾਰਿਤ ਟੀਚਾ ਪੂਰਾ ਕੀਤਾ ਜਾ ਸਕੇ।