- ਸਰਪੰਚਾਂ-ਪੰਚਾਂ ਅਤੇ ਕੌਂਸਲਰਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਦਿੱਤਾ ਸੱਦਾ
ਜਲੰਧਰ, 1 ਅਪ੍ਰੈਲ 2021 - ਜ਼ਿਲ੍ਹੇ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਮੁਹਿੰਮ ਦੇ ਦਾਇਰੇ ਵਿੱਚ ਲਿਆਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਸ਼੍ਰੀ ਜੈ ਇੰਦਰ ਸਿੰਘ ਨੇ ਅੱਜ ਆਦਮਪੁਰ ਵਿਖੇ ਲੋਕ ਪ੍ਰਤੀਨਿਧੀਆਂ ਸਰਪੰਚਾਂ-ਪੰਚਾਂ ਅਤੇ ਕੌਂਸਲਰਾਂ ਨਾਲ ਯੋਗ ਲਾਭਪਾਤਰੀਆਂ ਨੂੰ ਕੋਵਿਡ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਮੀਟਿੰਗ ਕੀਤੀ ।
ਮੀਟਿੰਗ ਦੌਰਾਨ ਸਰਪੰਚਾਂ-ਪੰਚਾਂ ਅਤੇ ਕੌਂਸਲਰਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਐਸ.ਡੀ.ਐਮ. ਨੇ ਕਿਹਾ ਕਿ ਕੋਵਿਡ-19 ਦੇ ਸਾਹਮਣੇ ਆ ਰਹੇ ਕੇਸਾਂ ਦੇ ਮੱਦੇਨਜ਼ਰ ਸਾਰੇ ਯੋਗ ਲਾਭਪਾਤਰੀਆਂ ਦਾ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਇਆ ਜਾਣਾ ਸਮੇਂ ਦੀ ਮੁੱਖ ਲੋੜ ਹੈ, ਜੋ ਕਿ ਸਿਰਫ਼ ਲੋਕਾਂ ਦੀ ਭਾਗੀਦਾਰੀ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਖਿਲਾਫ਼ ਲੜੀ ਜਾ ਰਹੀ ਜੰਗ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ।
ਉਨ੍ਹਾਂ ਲੋਕ ਪ੍ਰਤੀਨਿਧੀਆਂ ਨੂੰ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਇਸ ਨਾਲ ਉਨ੍ਹਾਂ ਦੀ ਪ੍ਰਤੀਰੋਧੀ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਉਹ ਕੋਵਿਡ ਦੇ ਮਾੜੇ ਪ੍ਰਭਾਵਾਂ ਤੋਂ ਬਚੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਟੀਕਾ ਲਗਵਾ ਸਕਦੇ ਹਨ ਕਿਉਂਕਿ ਸਰਕਾਰ ਵੱਲੋਂ ਇਸ ਉਮਰ ਸਮੂਹ ਦੇ ਲੋਕਾਂ ਲਈ ਸਹਿ-ਰੋਗ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ।ਉਨ੍ਹਾਂ ਇਸ ਮੌਕੇ ਕੋਵਿਡ ਵਾਇਰਸ ਤਂਾ ਬਚਾਅ ਲਈ ਕੋਵਿਡ ਸੁਰੱਖਿਆ ਸਾਵਧਾਨੀਆਂ ਜਿਵੇਂ ਮਾਸਕ ਪਹਿਨਣਾ, ਸਮਾਜਿਕ ਦੂਰੀ ਕਾਇਮ ਰੱਖਣਾ ਅਤੇ ਹੱਥ ਧੋਣਾ ਆਦਿ ਦੀ ਪਾਲਣਾ ਕਰਨ 'ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ ਗੁਰਦੀਪ ਸਿੰਘ, ਨਾਇਬ ਤਹਿਸੀਲਦਾਰ ਵਰਿੰਦਰ ਭਾਟੀਆ, ਐਸ.ਐਮ.ਓ. ਡਾ. ਰੀਮਾ ਗੋਗੀਆ ਅਤੇ ਹੋਰ ਮੌਜੂਦ ਸਨ।