ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਨੂੰ ਤਣਾਅ ਮੁਕਤ ਕਰਨ ਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਹੈਲਪਲਾਈਨ ਸਥਾਪਤ: ਡਾ ਰੂਹੀ ਦੁੱਗ
ਪਰਵਿੰਦਰ ਸਿੰਘ ਕੰਧਾਰੀ
- ਬੈਂਗਲੌਰੂ ਦੀ ਸੰਸਥਾ ਮੁਕਤਾ ਫਾਊਂਡੇਸ਼ਨ ਦੇ ਮਨੋਵਿਗਿਆਨੀਆਂ ਵੱਲੋਂ ਡਾਕਟਰਾਂ ਨੂੰ ਹੈਲਪਲਾਈਨ ਰਾਹੀਂ ਦਿੱਤੀਆਂ ਜਾਣਗੀਆਂ ਸੇਵਾਵਾਂ
- ਸੇਵਾਵਾਂ ਜਾਂ ਕਿਸੇ ਵੀ ਜਾਣਕਾਰੀ ਲਈ ਮੋਬਾਇਲ ਨੰਬਰ 95677-68078 (ਸੋਮਵਾਰ ਤੋਂ ਸ਼ੁੱਕਰਵਾਰ) ਅਤੇ 88614-31673 (ਸ਼ਨੀਵਾਰ ਤੋਂ ਐਤਵਾਰ) ਕੀਤਾ ਜਾ ਸਕਦਾ ਹੈ ਸੰਪਰਕ
ਫ਼ਰੀਦਕੋਟ 21 ਮਈ 2021 - ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਡਾਕਟਰਾਂ, ਸਿਹਤ ਕਰਮਚਾਰੀਆਂ ਤੋਂ ਇਲਾਵਾ ਇਸ ਖੇਤਰ ਵਿੱਚ ਕੰਮ ਕਰ ਰਹੇ ਹੋਰ ਡਾਕਟਰ ਤੇ ਸਿਹਤ ਕਰਮਚਾਰੀਆਂ ਨੂੰ ਤਣਾਅ ਮੁਕਤ ਕਰਨ ਤੇ ਉਨ੍ਹਾਂ ਦੀਆਂ ਮਾਨਸਿਕ ਪ੍ਰੇਸ਼ਾਨੀਆਂ ਦੇ ਹੱਲ ਲਈ ਨਿਵੇਕਲੀ ਪਹਿਲ ਕਰਦਿਆਂ ਹੈਲਪਲਾਈਨ ਸਥਾਪਿਤ ਕੀਤਾ ਹੈ ਜੋ ਕਿ ਡਾਕਟਰਾਂ ਤੇ ਸਿਹਤ ਕਰਮੀਆਂ ਨੂੰ ਤਣਾਅ ਮੁਕਤ ਕਰਨ ਲਈ ਆਨਲਾਈਨ ਟ੍ਰੇਨਿੰਗ ਦੇਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ ਰੂਹੀ ਦੁੱਗ ਆਈ.ਏ.ਐੱਸ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਲਗਾਤਾਰ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਵੱਲੋਂ ਸੇਵਾਵਾਂ ਦੇਣੀਆਂ, ਫਰੰਟ ਲਾਈਨ ਵਿਚ ਕੰਮ ਕਰਨ, ਤਣਾਅਪੂਰਨ, ਭਾਵਨਾਤਮਕ ਅਤੇ ਮਾਨਸਿਕ ਤੌਰ ਤੇ ਥਕਾ ਦੇਣ ਵਾਲਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਚ ਯੂਨੀਵਰਸਿਟੀ ਨੇ ਇਹ ਪਹਿਲ ਕਰਦਿਆਂ ਡਾਕਟਰਾਂ ਅਤੇ ਸਿਹਤ ਸੰਭਾਲ ਕਰਮੀਆਂ ਨੂੰ ਮਾਨਸਿਕ ਥਕਾਵਟ ਜਾਂ ਪ੍ਰੇਸ਼ਾਨੀਆਂ ਵਿੱਚੋਂ ਕੱਢਣ ਅਤੇ ਉਨ੍ਹਾਂ ਦੀ ਸਰੀਰਕ ਸਿਹਤ ਤੋਂ ਇਲਾਵਾ ਉਨ੍ਹਾਂ ਦੇ ਮਾਨਸਿਕ ਸਿਹਤ ਵੱਲ ਧਿਆਨ ਦੇਣਾ ਪਹਿਲਾਂ ਕੰਮ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੌਰਾਨ ਲੋਕਾਂ ਦੀਆਂ ਚਿੰਤਾਵਾਂ, ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਕਈ ਤਰ੍ਹਾਂ ਦੇ ਹੈਲਪਲਾਈਨ ਹਨ, ਪਰ ਯੂਨੀਵਰਸਿਟੀ ਵੱਲੋਂ ਸਥਾਪਿਤ ਕੀਤਾ ਗਿਆ ਹੈਲਪਲਾਈਨ ਸਿਰਫ਼ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਤੇ ਵਿਸ਼ੇਸ਼ ਤੌਰ ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਹੈਲਪਲਾਈਨ ਡਾਕਟਰਾਂ ਨੂੰ ਆਪਣੀਆਂ ਚਿੰਤਾਵਾਂ ਸਾਂਝੀਆਂ ਕਰਨ ਅਤੇ ਉਨ੍ਹਾਂ ਦੀਆਂ ਭਾਵਨਾਤਮਕ, ਸਿਹਤ ਦੇ ਮੁੱਦਿਆਂ ਨੂੰ ਉਠਾਉਣ ਲਈ ਵਿਸ਼ੇਸ਼ ਸਹਾਇਤਾ ਪ੍ਰਦਾਨ ਕਰੇਗੀ।
ਡਾ ਰੂਹੀ ਦੁੱਗ ਨੇ ਅੱਗੇ ਦੱਸਿਆ ਕਿ ਇਸ ਸੰਬੰਧ ਵਿੱਚ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਬੈਂਗਲੌਰੂ ਦੀ ਮੁਕਤਾ ਫਾਊਂਡੇਸ਼ਨ ਦੇ ਫਾਊਂਡਰ ਡਾ ਅਸ਼ਵਨੀ ਤੇ ਉਨ੍ਹਾਂ ਦੇ ਸਾਥੀ ਮਨੋਵਿਗਿਆਨੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਜੋ ਕਿ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਨੂੰ ਆਨਲਾਈਨ ਸੇਵਾਵਾਂ ਰੋਜ਼ਾਨਾ ਦੁਪਹਿਰ ਬਾਅਦ ਤਿੰਨ ਵਜੇ ਤੋਂ ਸ਼ਾਮ ਸੱਤ ਵਜੇ ਤੱਕ ਦੇਣਗੇ ਤੇ ਡਾਕਟਰ ਜਾਂ ਪੈਰਾ ਮੈਡੀਕਲ ਸਟਾਫ ਆਪਣੀ ਸੁਵਿਧਾ ਅਨੁਸਾਰ ਇਨ੍ਹਾਂ ਹੈਲਪਲਾਈਨ ਨੰਬਰਾਂ ਤੋ ਸਹਾਇਤਾ ਲੈ ਸਕਣਗੇ। ਸੇਵਾਵਾਂ ਜਾਂ ਕਿਸੇ ਵੀ ਜਾਣਕਾਰੀ ਲਈ ਮੋਬਾਇਲ ਨੰਬਰ 95677-68078 (ਸੋਮਵਾਰ ਤੋਂ ਸ਼ੁੱਕਰਵਾਰ) ਅਤੇ 88614-31673 (ਸ਼ਨੀਵਾਰ ਤੋਂ ਐਤਵਾਰ) ਸੰਪਰਕ ਕੀਤਾ ਜਾ ਸਕਦਾ ਹੈ ਤੇ ਇਹ ਸੇਵਾ 22 ਮਈ 2021 ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਉਮੀਦ ਕੀਤੀ ਕਿ ਇਹ ਹੈਲਪਲਾਈਨ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨੂੰ ਮਾਨਸਿਕ ਤੌਰ ਤੇ ਹੋਰ ਮਜ਼ਬੂਤ ਕਰਨ ਤੇ ਉਨ੍ਹਾਂ ਦੇ ਲਗਾਤਾਰ ਡਿਊਟੀ ਦੇਣ ਦੌਰਾਨ ਦਰਪੇਸ਼ ਸਮੱਸਿਆਵਾਂ ਪਰੇਸ਼ਾਨੀਆਂ ਨੂੰ ਦੂਰ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮੁਕਤਾ ਫਾਊਂਡੇਸ਼ਨ ਵੱਲੋਂ ਇਹ ਹੈਲਪਲਾਈਨ ਸੇਵਾਵਾਂ ਬਿਲਕੁਲ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ।