ਹਰਿੰਦਰ ਨਿੱਕਾ
- ਸਮਾਰਟ ਰਾਸ਼ਨ ਕਾਰਡ ਸਕੀਮ ਤੋਂ ਵਾਂਝੇ ਪਰਿਵਾਰਾਂ ਨੂੰ ਵੰਡੀ ਜਾ ਰਹੀ ਹੈ ਖਾਧ ਸਮੱਗਰੀ: ਤੇਜ ਪ੍ਰਤਾਪ ਸਿੰਘ ਫੂਲਕਾ
- ਰੋਜ਼ਾਨਾ ਪੱਧਰ ’ਤੇ ਲਗਭਗ 2 ਹਜ਼ਾਰ ਪੈਕੇਟ ਰਾਸ਼ਨ ਪਿੰਡਾਂ ਤੇ ਸ਼ਹਿਰਾਂ ਨੂੰ ਭੇਜਣ ਦਾ ਪ੍ਰਬੰਧ
ਬਰਨਾਲਾ, 4 ਅਪ੍ਰੈਲ 2020 - ਕੋਵਿਡ 19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਘਰੋ-ਘਰੀ ਮੁਫਤ ਰਾਸ਼ਨ ਵੰਡਿਆ ਜਾ ਰਿਹਾ ਹੈ ਤਾਂ ਜੋ ਇਸ ਔਖੀ ਘੜੀ ਵਿਚ ਕਿਸੇ ਗਰੀਬਾਂ/ਜ਼ਰੂਰਤਮੰਦਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਤਪਾ ਸ਼ਹਿਰ ਤੋਂ ਇਲਾਵਾ ਪਿੰਡ ਮਹਿਤਾ, ਤਾਜੋਕੇ ਤੇ ਤਾਜੋਕੇ ਖੁਰਦ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਮੌਕੇ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮਹਿਤਾ ਦੇ 40 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਸ਼ੁਰੂ ਕਰਵਾਈ ਗਈ ਤੇ ਪਿੰਡ ਵਾਸੀਆਂ ਤੇ ਸਬੰਧਤ ਪਰਿਵਾਰਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੇ ਇਹਤਿਆਤ ਵਰਤਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਅਸੀਂ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਸਕੀਏ। ਇਸ ਮਗਰੋਂ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਤਾਜੋਕੇ ਅਤੇ ਤਾਜੋਕੇ ਖੁਰਦ ਦੇ 123 ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਵੰਡ ਕੀਤੀ ਗਈ। ਪਿੰਡ ਤਾਜੋਕੇ ਵਿੱਚ ਝੁੱਗੀਆਂ-ਝੌਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਦੇ ਨਾਲ ਨਾਲ ਉਨਾਂ ਪਰਿਵਾਰਾਂ ਦਾ ਹਾਲ ਜਾਣਿਆ ਅਤੇ ਆਖਿਆ ਕਿ ਰਾਸ਼ਨ ਤੇ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਪਾ ਮੰਡੀ ਵਿਖੇ ਵੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੇ ਵੱਖ ਵੱਖ ਪਿੰਡਾਂ/ਸ਼ਹਿਰਾਂ ਵਿਚ ਹਰ ਰੋਜ਼ ਲਗਭਗ 2000 ਪੈਕੇਟ ਰਾਸ਼ਨ ਭੇਜਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਰਫਿੳੂ ਦੌਰਾਨ ਪਹਿਲੇ ਪੜਾਅ ਵਿਚ ਲੋੜਵੰਦ ਪਰਿਵਾਰਾਂ ਨੂੰ 10 ਕਿਲੋ ਆਟਾ, 2 ਕਿਲੋ ਚੀਨੀ ਤੇ 2 ਕਿਲੋ ਦਾਲ ਦੀ ਵੰਡ ਕੀਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਰਾਸ਼ਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਆਰਥਿਕ ਪੱਖੋਂ ਗਰੀਬ ਪਰਿਵਾਰਾਂ, ਬੇਘਰਾਂ, ਅੰਗਹੀਣਾਂ, ਅਪਾਹਜਾਂ, ਬੇਸਹਾਰਾ ਬਜ਼ੁਰਗਾਂ, ਵਿਧਵਾ ਔਰਤਾਂ, ਦਿਹਾੜੀਦਾਰਾਂ, ਪਰਵਾਸੀ ਮਜ਼ਦੂਰਾਂ, ਝੁੱਗੀ ਝੌਂਪੜੀ ਵਾਲੇ ਪਰਿਵਾਰਾਂ ਵਿਚੋਂ ਉਨਾਂ ਲਾਭਪਾਤਰੀਆਂ ਨੂੰ ਵੰਡਿਆ ਜਾ ਰਿਹਾ ਹੈ, ਜੋ ਸਮਾਰਟ ਰਾਸ਼ਨ ਕਾਰਡ ਸਕੀਮ (ਐਨਐਫਐਸਏ) ਤੋਂ ਵਾਂਝੇ ਰਹਿ ਗਏ ਹਨ। ਪੇਂਡੂ ਖੇਤਰਾਂ ਵਿੱਚ ਇਹ ਰਾਸ਼ਨ ਪੰਚਾਇਤੀ ਰਾਜ ਵਿਭਾਗ ਦੇ ਅਮਲੇ ਰਾਹੀਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ/ਪੰਚਾਇਤ ਅਧਿਕਾਰੀਆਂ ਰਾਹੀਂ ਵੰਡਿਆ ਜਾ ਹੈ। ਜ਼ਿਲਾ ਪੱਧਰ ’ਤੇ ਰੈੱਡ ਕ੍ਰਾਸ ਸੁਸਾਇਟੀ ਤੇ ਐਨਐਸਐਸ ਵਲੰਟੀਅਰ ਘਰੋ-ਘਰੀ ਇਹ ਰਾਸ਼ਨ ਪਹੁੰਚਾਉਣ ਵਿਚ ਡਟੇ ਹੋਏ ਹਨ।
ਇਸ ਮੌਕੇ ਉਨਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਆਖਿਆ ਕਿ ਕਰੋਨਾ ਵਾਇਰਸ ਖ਼ਿਲਾਫ਼ ਜੰਗ ਜਿੱਤਣ ਲਈ ਸਮਾਜਿਕ ਦੂਰੀ ਕਾਇਮ ਰੱਖਣਾ ਸਭ ਤੋਂ ਵੱਡਾ ਉਪਾਅ ਹੈ, ਇਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਲੋੜਵੰਦਾਂ ਨੂੰ ਘਰੋ-ਘਰੀ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਉੁਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ ਯਕੀਨੀ ਬਣਾਉਣ, ਕਿਉਕਿ ਕੋਵਿਡ 19 ਵਿਰੁਧ ਲੜਾਈ ਪਰਹੇਜ਼ ਨਾਲ ਹੀ ਜਿੱਤੀ ਜਾ ਸਕਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਜਿੰਦਲ, ਬੀਡੀਪੀਓ ਭੂਸ਼ਣ ਕੁਮਾਰ ਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।