ਅਸ਼ੋਕ ਵਰਮਾ
ਮਾਨਸਾ, 20 ਮਾਰਚ 2021 - ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਅਤੇ ਐਸ ਐਸ ਪੀ ਸ੍ਰੀ ਸੁਰੇਂਦਰ ਲਾਂਬਾ ਵੱਲੋਂ ਜਾਰੀ ਸਖ਼ਤ ਹਦਾਇਤਾਂ ਉਤੇ ਅਮਲ ਕਰਦਿਆਂ ਅੱਜ ਸਾਰਾ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਪੁਲਿਸ ਵੱਲੋਂ ਕੋਰੋਨਾ ਸਬੰਧੀ ਸਿਹਤ ਸਲਾਹਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਤੇਜ਼ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਸ਼ਹਿਰਾਂ ਵਿੱਚ ਚੌਕਸੀ ਵਧਾਉਂਦੇ ਹੋਏ 135 ਅਜਿਹੇ ਨਾਗਰਿਕਾਂ ਦੇ ਚਲਾਨ ਕੱਟੇ ਗਏ, ਜਿਨ੍ਹਾਂ ਦੁਆਰਾ ਮਾਸਕ ਨਾ ਪਾਉਣ ਕਰਕੇ ਹੋਰਨਾਂ ਦੀ ਸਿਹਤ ਸੁਰੱਖਿਆ ਨੂੰ ਖਤਰੇ ਵਿਚ ਪਾਇਆ ਗਿਆ ਸੀ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਪਾਸਾਰ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ ਅਤੇ ਲੋਕਾਂ ਕੋਲੋਂ ਵੀ ਪੂਰਨ ਸਹਿਯੋਗ ਦੀ ਉਮੀਦ ਕੀਤੀ ਜਾਂਦੀ ਹੈ।
ਮਾਨਸਾ ਸ਼ਹਿਰ ਵਿੱਚ ਐਸ ਐਚ ਓ ਸਿਟੀ 1 ਅਤੇ ਐਸ ਐਚ ਓ ਸਿਟੀ 2 ਦੁਆਰਾ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਭਵਿੱਖ ਵਿੱਚ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਇਸ ਦੌਰਾਨ ਪੁਲਿਸ ਨੇ ਸ਼ਹਿਰ ਵਿੱਚ 100 ਮਾਸਕ ਮੁਫ਼ਤ ਵੀ ਵੰਡੇ। ਵਾਹਨਾਂ ਦੇ ਚਾਲਕਾਂ ਨੂੰ ਮਾਸਕ ਪਾ ਕੇ ਰੱਖਣ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿੱਚ ਨਾਗਰਿਕਾਂ ਦੇ ਕੋਰੋਨਾ ਜਾਂਚ ਸਬੰਧੀ ਸੈਂਪਲ ਲੈਣ ਦੀ ਪ੍ਰਕਿਰਿਆ ਜਾਰੀ ਰਹੀ।
ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 740 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 9 ਪਾਜ਼ਿਟਿਵ ਕੇਸ ਆਉਣ ਨਾਲ ਜ਼ਿਲ੍ਹਾ ਮਾਨਸਾ ਵਿੱਚ ਐਕਟਿਵ ਕੇਸਾਂ ਦੀ ਗਿਣਤੀ 118 ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਰ ਵਾਰ ਹੱਥ ਧੋਣੇ ਯਕੀਨੀ ਬਣਾਏ ਜਾਣ, ਮਾਸਕ ਪਾ ਕੇ ਰੱਖਿਆ ਜਾਵੇ ਅਤੇ ਸਮਾਜਿਕ ਦੂਰੀ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ।