ਡੀ ਸੀ ਪਟਿਆਲਾ ਵੱਲੋਂ ਕੋਵਿਡ ਟੀਕਾਕਰਨ 'ਚ ਸੇਵਾਵਾਂ ਨਿਭਾਅ ਰਹੇ ਸਟਾਫ਼ ਅਤੇ ਵਿਦਿਆਰਥੀਆਂ ਦਾ ਸਨਮਾਨ
ਜਗਤਾਰ ਸਿੰਘ
ਪਟਿਆਲਾ, 2 ਜੂਨ 2021 - ਕੋਵਿਡ ਤੋਂ ਬਚਾਅ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ 'ਚ ਆਪਣੀਆਂ ਸੇਵਾਵਾਂ ਦੇਣ ਵਾਲੇ ਸਰਕਾਰੀ ਅਤੇ ਪ੍ਰਾਈਵੇਟ ਸਟਾਫ਼ ਅਤੇ ਵਿਦਿਆਰਥੀਆਂ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਕੋਵਿਡ ਟੀਕਾਕਰਨ 'ਚ ਸੇਵਾਵਾਂ ਦੇਣ ਵਾਲੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਨਿਲ ਗਰਗ ਅਤੇ ਅਸ਼ੋਕਾ ਕਾਲਜ ਆਫ਼ ਨਰਸਿੰਗ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਿਵਲ ਸਰਜਨ ਡਾ. ਸਤਿੰਦਰ ਸਿੰਘ, ਅਸ਼ੋਕਾ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਇੰਜ ਰਮਿੰਦਰ ਮਿੱਤਲ, ਸੰਯੁਕਤ ਡਾਇਰੈਕਟਰ ਉਪਾਸਨਾ ਮਿੱਤਲ, ਡਾ. ਪਰਨੀਤ ਕੌਰ ਅਤੇ ਡਾ. ਸੁਖਰਾਜ ਕੌਰ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅਸ਼ੋਕਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਕੋਵਿਡ ਤੋਂ ਬਚਾਅ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ 'ਚ ਪਾਏ ਯੋਗਦਾਨ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਸਿਹਤ ਵਿਭਾਗ ਨਾਲ ਆਊਟ ਰੀਚ ਕੈਂਪਾਂ 'ਚ ਨਿਭਾਈ ਡਿਊਟੀ ਸ਼ਲਾਘਾ ਯੋਗ ਹੈ, ਇਸ ਨਾਲ ਜਿਥੇ ਉਨ੍ਹਾਂ ਨੂੰ ਮਹਾਂਮਾਰੀ 'ਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਉਥੇ ਹੀ ਅਜਿਹੀਆਂ ਸਥਿਤੀਆਂ 'ਚ ਕੰਮ ਕਰਨ ਦਾ ਤਜ਼ਰਬਾ ਵੀ ਹਾਸਲ ਹੋਇਆ ਹੈ। ਉਨ੍ਹਾਂ ਨਰਸਿੰਗ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆ ਕਿਹਾ ਕਿ ਭਵਿੱਖ 'ਚ ਵੀ ਕਾਲਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸੇ ਤਰ੍ਹਾਂ ਦਾ ਸਹਿਯੋਗ ਬਣਿਆ ਰਹੇਗਾ।
ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅਸ਼ੋਕਾ ਕਾਲਜ ਆਫ਼ ਨਰਸਿੰਗ ਦੇ 150 ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਮੈਡੀਕਲ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਦੀ ਨਿਗਰਾਨੀ 'ਚ ਲਗਾਤਾਰ ਤਿੰਨ ਮਹੀਨੇ ਤੋਂ ਕੋਵਿਡ ਟੀਕਾਕਰਨ 'ਚ ਸਿਹਤ ਵਿਭਾਗ ਨਾਲ ਮਿਲਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਊਟ ਰੀਚ ਕੈਂਪਾਂ 'ਚ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਿਨਾਂ ਕਿਸੇ ਛੁੱਟੀ ਦੇ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।