ਪਰਵਿੰਦਰ ਸਿੰਘ ਕੰਧਾਰੀ
- ਸਿਹਤ ਵਿਭਾਗ ਨੂੰ ਟੀਕਾਕਰਨ ਤੇ ਸੈਪਲਿੰਗ ਵਧਾਉਣ ਲਈ ਕਿਹਾ
ਫਰੀਦਕੋਟ, 16 ਅਪ੍ਰੈਲ- ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਦੇ ਵੱਖ ਵੱਖ ਪਹਿਲੂਆਂ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਦਾ ਪ੍ਰਸਾਰ ਅੱਗੇ ਨਾਲੋਂ ਵਧਿਆ ਹੈ, ਇਸ ਲਈ ਸਮੂਹ ਐਸ.ਡੀ.ਐਮਜ਼ ਤੇ ਸਿਹਤ ਵਿਭਾਗ ਦੇ ਨੋਡਲ ਅਫਸਰ ਆਪਸੀ ਤਾਲਮੇਲ ਹੋਰ ਮਜ਼ਬੂਤ ਕਰਨ ਅਤੇ ਆਪਣੀ-ਆਪਣੀ ਸਬ ਡਵੀਜਨ ਵਿਖੇ ਸੈਂਪਲਿੰਗ, ਕਾਨਟੈਕਟ ਟਰੇਸਿੰਗ, ਹੋਮ ਆਈਸੋਲੇਸ਼ਨ ਅਤੇ ਵੈਕਸੀਨੇਸ਼ਨ ਕਰਵਾਉਣ ਸਬੰਧੀ ਲੋਕਾਂ ਵਿਚ ਜਾਗਰੂਕਤਾ ਲਿਆਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਤੋਂ ਲੈ ਕੇ ਵੈਕਸੀਨੇਸ਼ਨ ਤੱਕ ਸਾਰੇ ਪਹਿਲੂਆਂ 'ਤੇ ਨਜ਼ਰਸਾਨੀ ਜ਼ਰੂਰੀ ਹੈ। ਇਸ ਲਈ ਹਰੇਕ ਵਿਸ਼ੇ 'ਤੇ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੂੰ ਲਛਣ ਨਜ਼ਰ ਆਉਂਦੇ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਟੈਸਟ ਕਰਵਾਉਣ ਦੀ, ਜ਼ੋ ਪਾਜੀਟਿਵ ਕਿਸੇ ਦੇ ਸੰਪਰਕ ਵਿਚ ਆਇਆ ਹੈ ਤਾਂ ਉਸਨੂੰ ਟਰੇਸ ਕਰਨ ਅਤੇ ਵਧੇਰੇ ਉਮਰ ਦੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਜ਼ਰੂਰਤ ਹੈ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਟੀਮਾਂ ਜੰਗੀ ਪੱਧਰ 'ਤੇ ਹੋ ਕੇ ਕੋਵਿਡ ਪ੍ਰਤੀ ਲੋਕਾਂ ਨੂੰ ਟੈਸਟਿੰਗ ਅਤੇ ਵੈਕਸੀਨੇਸ਼ਨ ਪ੍ਰਤੀ ਸੁਚੇਤ ਕਰਨ। ਉਨ੍ਹਾਂ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਨੂੰ ਕੋਵਿਡ ਪ੍ਰਤੀ ਜਨ ਜਾਗਰੂਕਤਾ ਗਤੀਵਿਧੀਆਂ 'ਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ।ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਪ੍ਰਾਇਵੇਟ ਹਸਪਤਾਲਾਂ ਨਾਲ ਵੀ ਕੋਵਿਡ ਪ੍ਰਤੀ ਮੀਟਿੰਗ ਕੀਤੀਆਂ ਜਾਣ ਅਤੇ ਲੋਕਾਂ ਵਿਚ ਵੈਕਸੀਨੇਸ਼ਨ ਕਰਵਾਉਣ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਜਾਗਰੂਕਤਾ ਪੈਦਾ ਹੋਵੇ।
ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜਿਲ੍ਹੇ ਵਿੱਚ 48029 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ ਤੇ ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਦੇ ਕਰੀਬ ਲੋਕਾਂ ਦੀ ਸੈਪਲਿੰਗ ਕੀਤੀ ਜਾ ਚੁੱਕੀ ਹੈ ਤੇ ਜਿਲ੍ਹੇ ਵਿੱਚ 598 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੈਕਸੀਨੇਸ਼ਨ, ਟੈਸਟਿੰਗ, ਟਰੈਕਿੰਗ, ਟਰੀਟਮੈਂਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌੋਕੇ ਸਹਾਇਕ ਸਿਵਲ ਸਰਜਨ ਡਾ. ਮਨਜੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸੇਖਰ ਕੱਕੜ, ਡਾ. ਰਾਜੀਵ ਭੰਡਾਰੀ ਸਮੇਤ ਹੋਰ ਮੈਡੀਕਲ ਅਫਸਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।