ਡੀ ਸੀ ਫਰੀਦਕੋਟ ਫੇਸਬੁੱਕ ਲਾਈਵ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਹੋਏ ਰੂਬਰੂ
ਪਰਵਿੰਦਰ ਸਿੰਘ ਕੰਧਾਰੀ
- ਵੱਧ ਤੋਂ ਵੱਧ ਟੈਸਟਿੰਗ ਅਤੇ ਵੈਕਸੀਨੇਸ਼ਨ ਕਰਵਾਉਣ ਦੀ ਕੀਤੀ ਅਪੀਲ
- ਕੋਵਿਡ ਦੇ ਖਾਤਮੇ ਲਈ ਸਮੂਹਿਕ ਯਤਨਾਂ ਲਈ ਕਿਹਾ
ਫ਼ਰੀਦਕੋਟ 20 ਮਈ 2021 - ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਬੀਤੀ ਸ਼ਾਮ ਆਪਣੇ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਦੇ ਰੂਬਰੂ ਹੋ ਕੇ ਕਰੋਨਾ ਸਬੰਧੀ ਤਾਜ਼ਾ ਸਥਿਤੀ, ਇਸ ਤੋਂ ਬਚਾਅ ਆਦਿ ਸਮੇਤ ਹੋਰ ਮੁੱਦਿਆਂ ਬਾਰੇ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਕਰੋਨਾ ਜੋ ਕਿ ਹੁਣ ਬਹੁਤ ਭਿਆਨਕ ਰੂਪ ਧਾਰ ਚੁੱਕਾ ਹੈ ਅਤੇ ਹੁਣ ਇਸ ਨੇ ਪਿੰਡਾਂ ਵਿੱਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਾਰੇ ਪਿੰਡਾਂ ਵਿੱਚ ਟਰੇਸਿੰਗ, ਟੈਸਟਿੰਗ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵੱਡੇ ਪੱਧਰ ਤੇ ਚਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ, ਪੰਚਾਇਤਾਂ ਦੀ ਮੱਦਦ ਨਾਲ ਅਸੀਂ ਇਸ ਬਿਮਾਰੀ ਤੇ ਕਾਬੂ ਕਰਨਾ ਚਾਹੁੰਦੇ ਹਾਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਇਹ ਕਿਹਾ ਹੈ ਕਿ ਜਿਹੜੇ ਪਿੰਡ 100 ਪ੍ਰਤੀਸ਼ਤ ਟੀਕਾਕਰਨ ਕਰਵਾ ਲੈਣਗੇ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 10 ਲੱਖ ਰੁਪਏ ਤੱਕ ਦੀ ਵਿਕਾਸ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਦੇ ਖਾਤਮੇ ਲਈ ਬਲਾਕ ਵਾਈਜ ਪਿੰਡਾਂ ਦੇ ਪੰਚਾਂ, ਸਰਪੰਚਾਂ ਨਾਲ ਪੜਾਅਵਾਰ ਮੀਟਿੰਗਾਂ ਫਿਰ ਤੋਂ ਸ਼ੁਰੂ ਕੀਤੀਆਂ ਗਈਆ ਹਨ ਅਤੇ ਇਹ ਮੀਟਿੰਗਾਂ ਜਾਰੀ ਰਹਿਣਗੀਆਂ।
ਉਨਾਂ ਦੱਸਿਆ ਕਿ ਟੀਕਾਕਰਨ ਲਈ ਜਿਲ੍ਹੇ ਵਿੱਚ 86 ਸਥਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਸਾਰੇ ਸਰਕਾਰੀ ਟੀਕਾਕਰਨ ਕੇਂਦਰ ਵਿੱਚ ਕਰੋਨਾ ਵੈਕਸੀਨੇਸ਼ਨ ਦੀ ਡੋਜ਼ ਬਿਲਕੁਲ ਮੁਫਤ ਲਗਾਈ ਜਾਂਦੀ ਹੈ। ਉਨ੍ਹਾਂ 18-45 ਸਾਲ ਦੀ ਉਮਰ ਤੋਂ ਵੱਧ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਦਾ ਸਿਹਤ ਉੱਪਰ ਕੋਈ ਨੁਕਸਾਨ ਨਹੀਂ ਹੁੰਦਾ।
ਜ਼ਿਲ੍ਹੇ ਵਿੱਚ ਕਰੋਨਾ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਦੇ ਨਾਲ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਬਹੁਤ ਜ਼ਰੂਰੀ ਹੈ। ਇਸ ਲਈ ਸਾਵਧਾਨੀਆਂ ਵਰਤਣ ਵਿੱਚ ਢਿੱਲ ਨਾ ਕੀਤੀ ਜਾਵੇ, ਅਤੇ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣੇ ਮੂੰਹ ਤੇ ਹਮੇਸ਼ਾ ਮਾਸਕ ਲਗਾ ਕੇ ਰੱਖੋਂ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰੋ। ਇਸ ਸਬੰਧੀ ਅਣਗਹਿਲੀ ਸਾਡੇ ਲਈ ਘਾਤਕ ਹੋ ਸਕਦੀ ਹੈ।
ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿਚ ਖੰਘ, ਜ਼ੁਕਾਮ ਬੁਖਾਰ ਆਦਿ ਦੇ ਲੱਛਣ ਦਿਸਣ ਤਾਂ ਤੁਰੰਤ ਇਸ ਦਾ ਨੇੜੇ ਦੇ ਫਲੂ ਕਾਰਨਰਾਂ ਵਿਖੇ ਸੈਂਪਲ ਦੇ ਕੇ ਟੈਸਟ ਕਰਵਾਓ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਸ ਦਾ ਖਾਤਮਾ ਕੀਤਾ ਜਾ ਸਕੇ। ਇਸ ਲਈ ਵੱਧ ਤੋਂ ਵੱਧ ਟੈਸਟਿੰਗ, ਵੈਕਸੀਨੇਸ਼ਨ ਕਰਵਾਉ। ਹੋਰ ਜ਼ਿਆਦਾ ਜਾਣਕਾਰੀ ਲਈ ਸਿਹਤ ਵਿਭਾਗ ਦੇ ਟੋਲ ਫਰੀ ਹੈਲਪ ਲਾਈਨ ਨੰ: 104 ਤੇ ਸੰਪਰਕ ਕੀਤਾ ਜਾ ਸਕਦਾ ਹੈ।