ਪਰਵਿੰਦਰ ਸਿੰਘ ਕੰਧਾਰੀ
- ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 66565 ਮੀਟਰਕ ਟਨ ਕਣਕ ਦੀ ਖਰੀਦ
ਫਰੀਦਕੋਟ 15 ਅਪ੍ਰੈਲ 2021 - ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਮੰਡੀ ਬੋਰਡ,ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕਰੋਨਾ ਤੋਂ ਬਚਾਅ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ/ਹਦਾਇਤਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਰੋਨਾ ਦੀ ਲਾਗ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਸਮੂਹ ਮੁਲਾਜ਼ਮਾਂ ਆਦਿ ਨੂੰ ਵੀ ਕਿਹਾ ਕਿ ਕਰੋਨਾ ਸਾਵਧਾਨੀਆਂ ਪ੍ਰਤੀ ਵਰਤੀ ਜਾਣ ਵਾਲੀ ਅਣਗਹਿਲੀ ਸਾਡੇ ਸਾਰਿਆਂ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਇਸ ਲਈ ਖ਼ਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣਾ, ਸੈਨੇਟਾਈਜ਼ਰ ਦੀ ਵਰਤੋ ਸਮੇਤ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਜਿਲ੍ਹੇ ਵਿੱਚ ਕਰੋਨਾ ਦੇ ਮਰੀਜਾਂ ਦਾ ਦਿਨੋਂ ਦਿਨ ਵਾਧਾ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੀ ਰੋਕਥਾਮ ਦਾ ਇਕੋ ਇਕ ਤਰੀਕਾ ਹੈ ਕਿ ਅਸੀਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਜਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰੀਏ। ਇਸ ਨਾਲ ਅਸੀਂ ਖੁੱਦ ਵੀ ਸੁਰੱਖਿਅਤ ਹੋਵਾਗੇ ਅਤੇ ਦੂਜਿਆਂ ਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਾਂਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ 80 ਹਜ਼ਾਰ ਮੀਟਰ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 66565 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 25005 ਮੀਟਰਕ ਟਨ, ਮਾਰਕਫੈੱਡ ਵੱਲੋਂ 15447 ਮੀਟਰਕ ਟਨ, ਪਨਸਪ 15578 ਮੀਟਰਕ ਟਨ, ਪੰਜਾਬ ਵੇਅਰਹਾਊਸ ਵੱਲੋਂ 10310 ਮੀਟਰਕ ਟਨ, ਐਫ.ਸੀ.ਆਈ. ਵੱਲੋਂ 225 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਰਹੀ ਹੈ।
ਜਿਲ੍ਹਾ ਮੰਡੀ ਅਫਸਬ ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਉਣ ਸਮੇਤ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾਉਣ ਦੀ ਅਪੀਲ ਸਾਰਿਆਂ ਨੂੰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੂਪਨ ਸਿਸਟਮ ਰਾਹੀਂ ਹੀ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇ਼ਸ਼ਾਨੀ ਨਾ ਹੋਵੇ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ, ਸਫਾਈ ਆਦਿ ਦੇ ਪੁਖਤਾ ਪ੍ਰਬੰਧ ਹਨ ਤੇ ਉਨ੍ਹਾਂ ਲਈ ਮਾਸਕ,ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ।