ਡੀ.ਆਈ.ਜੀ ਪਟਿਆਲਾ ਰੇਂਜ ਨੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮਖਿਆ ਅਤੇ ਪੋਲਿੰਗ ਬੂਥਾਂ ਦਾ ਕੀਤਾ ਦੌਰਾ
* ਪੁਲਿਸ ਪ੍ਰਸਾਸ਼ਨ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ, ਸਮਾਜ ਵਿਰੋਧੀ ਅਨਸਰਾਂ ਤੇ ਬਾਜ ਦੀ ਨਜਰ- ਭੁੱਲਰ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 01 ਜੂਨ :2024 - ਡੀ.ਆਈ.ਜੀ ਪਟਿਆਲਾ ਰੇਂਜ, ਪਟਿਆਲਾ ਸ. ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਵਲੋਂ ਜਿਲ੍ਹਾ ਮਾਲੇਰਕੋਟਲਾ ਵਿਖੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਅਤੇ ਨਿਰਪੱਖ ਚੋਣਾਂ ਦੇ ਮੰਤਵ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ ਸਿਮਰਤ ਕੌਰ, ਐਸ.ਪੀ.ਵੈਭਵ ਸਹਿਗਲ, ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ,ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ ।
ਡੀ.ਆਈ.ਜੀ ਪਟਿਆਲਾ ਰੇਂਜ, ਪਟਿਆਲਾ ਸ. ਹਰਚਰਨ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਰੱਖਿਆ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾਂ ਕਰਦਿਆ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਵੋਟਾਂ ਪੂਰੇ ਅਮਨ ਅਮਾਨ ਨਾਲ ਪੈ ਰਹੀਆਂ ਹਨ ਅਤੇ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਚੋਣ ਡਿਊਟੀ ਤੇ ਤਾਇਨਾਤ ਸਮੁੱਚੇ ਨਫ਼ਰੀ ਨੂੰ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ ਲਈ ਪਹਿਲਾ ਹੀ ਹਦਾਇਤਾਂ ਕੀਤੀਆਂ ਗਈਆਂ ਹਨ । ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਜ਼ਿਲ੍ਹਾ ਪੁਲਿਸ ,ਅਰਧ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਜ਼ਿਲ੍ਹੇ ਨੂੰ ਜੋਨਾਂ ਵਿੱਚ ਵੰਡਕੇ ਐਸ.ਪੀਜ ਅਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਕਰਨ ਤੋਂ ਰੋਕਿਆ ਜਾ ਸਕੇ ਅਤੇ ਸਖ਼ਤੀ ਨਾਲ ਨਜਿੱਠਿਆ ਜਾ ਸਕੇ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ । ਸੁਰੱਖਿਆ ਦੇ ਲਿਹਾਜ਼ ਨਾਲ ਪੋਲਿੰਗ ਬੂਥਾਂ 'ਤੇ ਮਾਈਕਰੋ ਅਬਜ਼ਰਵਰ, ਵੈਬ ਕਾਸਟਿੰਗ ਤੇ ਵਿਸ਼ੇਸ਼ ਵੀਡੀਓਗ੍ਰਾਫ਼ੀ ਕਰਵਾਉਣ ਲਈ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਵੋਟਰ ਨਿਰਭੈਅ ਹੋ ਕੇ ਵੋਟਾਂ ਪਾ ਸਕਣ। ਜ਼ਿਲ੍ਹੇ ਦੇ ਸਾਰੇ ਹਲਕਿਆਂ ਅੰਦਰ ਤਾਇਨਾਤ ਟੀਮਾਂ ਫਲਾਇੰਗ ਸੁਕੈਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਜੀ.ਪੀ.ਐਸ. ਤੇ ਕੈਮਰਿਆਂ ਨਾਲ ਲੈਸ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਜੋਕਿ ਹਰ ਗਤੀਵਿਧੀ 'ਤੇ ਨਜ਼ਰ ਰੱਖਣਗੀਆਂ।
ਜਿਲ੍ਹਾ ਪੁਲਿਸ ਮੁਖੀ ਡਾ. ਸਿਮਰਤ ਕੌਰ ਆਈ.ਪੀ.ਐਸ ਨੇ ਕਿਹਾ ਕਿ ਜਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।