ਅਸ਼ੋਕ ਵਰਮਾ
ਬਠਿੰਡਾ, 29 ਅਪ੍ਰੈਲ 2020 - ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਬਲਜਿੰਦਰ ਸਿੰਘ ,ਵਿੱਤ ਸਕੱਤਰ ਬਲਵਿੰਦਰ ਸ਼ਰਮਾ,ਮੀਤ ਪ੍ਰਧਾਨ ਪਰਵਿੰਦਰ ਸਿੰਘ ਅਤੇ ਸਹਾਇਕ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਦੱਸਿਆ ਕਿ ਡੈਮੋਕਰੈਟਿਕ ਟੀਚਰਜ ਫਰੰਟ ਪੰਜਾਬ ਦੇ ਸੱਦੇ ਤੇ ਬਠਿੰਡਾ ਜ਼ਿਲ੍ਹੇ ਵਿੱਚ ਅਧਿਆਪਕਾਂ ਨੇ ਲੌਕਡਾਉਨ ਅਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਦਿਆਂ ਪਹਿਲ਼ੀ ਮਈ ਨੂੰ ਮਜਦੂਰ ਦਿਵਸ ਮਨਾਉਣ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਪ੍ਰੈਯ ਬਿਆਨ ਰਾਹੀਂ ਦੱਸਿਆ ਕਿ ਇਸ ਦਿਨ ਹੱਥ ਦੀ ਲੜਾਈ ਦੌਰਾਨ ਸ਼ਹੀਦ ਹੋਏ ਮਜਦੂਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਹਾਲਤਾਂ ਵਿਚ ਮਨਾਏ ਜਾ ਰਹੇ ਮਈ ਦਿਵਸ ਦੀ ਮਹੱਤਤਾ ਇਸ ਕਰਕੇ ਬਹੁਤ ਜਿਆਦਾ ਵਧ ਜਾਂਦੀ ਹੈ ਕਿਉਂਕਿ ਕੇਂਦਰ ਤੇ ਸੂਬਾ ਸਰਕਾਰਾਂ ਕੋਰੋਨਾ ਸੰਕਟ ਦੇ ਬਹਾਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਵਿਰਾਸਤ ਨਾਲ ਪ੍ਰਾਪਤ ਕੀਤੇ ਹੱਕਾਂ ਉੱਪਰ ਡਾਕਾ ਵਿੱਢ ਦਿੱਤਾ ਹੈ। ਇਸੇ ਬਹਾਨੇ ਸਰਕਾਰਾਂ ਆਪਣੇ ਕਾਰਪੋਰੇਟ ਪੱਖੀ ਨਵ ਉਦਾਰਵਾਦੀ ਏਜੰਡੇ ਨੂੰ ਬਹੁਤ ਤੇਜੀ ਨਾਲ ਲਾਗੂ ਕਰਨ ਲਈ ਉਤਾਵਲੀਆਂ ਹਨ। ਉਨਾਂ ਦੱਸਿਆ ਕਿ ਸਰਕਾਰਾਂ ਨਿਰੋਲ ਠੇਕੇਦਾਰੀ ਸਿਸਟਮ ਲਾਗੂ ਕਰਕੇ ਕੰਮ ਦੇ ਨਿਸਚਿਤ 8 ਘੰਟਿਆਂ ਤੋਂ ਵਧਾ ਕੇ 12 ਘੰਟੇ ਕਰਨ ਦੀ ਤਿਆਰੀ ਅਤੇ ਯੂਨੀਅਨ ਬਣਾਉਣ ਤੇ ਹੜਤਾਲ ਕਰਨ ਦਾ ਹੱਕ ਖੋਹਣ ਲਈ ਕਮਰਕੱਸ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦਾ ਡੀ.ਏ. ਜਾਮ ਕਰਨ, ਵਿੱਤੀ ਐਮਰਜੈਸੀ ਲਗਾ ਕੇ 50 ਸਾਲ ਦੀ ਉਮਰ ਵਾਲੇ ਮੁਲਾਜ਼ਮਾਂ ਨੂੰ ਸੇਵਾ ਮੁਕਤ ਕਰਨ ਦੀਆਂ ਵਿਉਤਾਂ ਘੜੇ ਜਾਣ ਦੇ ਚਰਚੇ ਵੀ ਹਨ। ਕਾਮਿਆਂ ਨੂੰ ਰੈਗੂਲਰ ਤੇ ਕੰਟਰੈਕਟ ਬੇਸ ਤੇ ਮਗਨਰੇਗਾ ਮਜ਼ਦੂਰਾਂ ਵਾਂਗ ਕੇਵਲ 202 ਰੁਪਏ ਦਿਹਾੜੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਮੇਂ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਕਰਨ ਵਾਲੇ ਬੁੱਧੀਜੀਵੀਆਂ, ਪੱਤਰਕਾਰਾਂ, ਲੇਖਕਾਂ, ਯੂਨੀਅਨ ਆਗੂਆਂ ਅਤੇ ਸਮਾਜਿਕ ਕਾਰਕੁੰਨਾਂ ਨੂੰ ਜ਼ੇਲਾਂ ਅੰਦਰ ਬੰਦ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਇਸ ਨਾਜੁਕ ਦੌਰ ਵਿਚ ਮਈ ਦਿਵਸ ਦੇ ਸ਼ਹੀਦਾਂ ਦੀ ਵਿਰਾਸਤ ਨੂੰ ਉੱਚਾ ਕਰਨ ਅਤੇ ਸੰਘਰਸ਼ਾਂ ਦੇ ਅਖਾੜੇ ਮਘਾਉਣ ਦਾ ਹੋਕਾ ਦਿੱਤਾ ਜਾਵੇਗਾ। ਜਿਲੇ ਦੇ ਅਧਿਆਪਕ ਆਗੂਆਂ ਨੇ ਐਲਾਨ ਕੀਤਾ ਕਿ ਉਨਾਂ ਦੇ ਵਰਕਰ ਪਹਿਲੀ ਮਈ ਨੂੰ ਜਿਲੇ ਭਰ ਵਿਚ ਹਰ ਸੰਭਵ ਸਥਾਨਾਂ ਤੇ ਸਮਾਜਿਕ ਦੂਰੀ ਬਣਾ ਕੇ ਅਤੇ ਹਰ ਸਾਵਧਾਨੀ ਵਰਤਦੇ ਹੋਏ 1 ਮਈ ਨੂੰ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਯਾਦ ਕਰਨਗੇ।
ਇਸ ਮੌਕੇ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਭੋਲਾਰਾਮ,ਬਲਾਕ ਸੰਗਤ ਦੇ ਪ੍ਰਧਾਨ ਰਤਨਜੋਤ ਸ਼ਰਮਾ, ਬਲਾਕ ਗੋਨਿਆਨਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਵਿਰਕ ,ਬਲਾਕ ਬਠਿੰਡਾ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਇਸਰਖਾਨਾ,ਬਲਾਕ ਭਗਤਾ ਦੇ ਪ੍ਰਧਾਨ, ਰਾਜਵਿੰਦਰ ਸਿੰਘ ਜਲਾਲ, ਬਲਾਕ ਰਾਮਪੁਰਾ ਦੇ ਪ੍ਰਧਾਨ ਨਵਚਰਨਪ੍ਰੀਤ, ਬਲਾਕ ਮੌੜ ਦੇ ਪ੍ਰਧਾਨ ਅੰਗਰੇਜ ਸਿੰਘ ਅਤੇ ਜਿਲਾ ਕਮੇਟੀ ਮੈਂਬਰ ਬਲਜਿੰਦਰ ਕੌਰ, ਜਸਵਿੰਦਰ ਬੌਕਸਰ,ਬੱਗਾ ਸਿੰਘ ,ਹਰਮੰਦਰ ਸਿੰਘ ਗਿੱਲ ਅਤੇ ਮਨਜੀਤ ਸਿੰਘ ਬਾਜਕ ਆਗੂਆਂ ਨੇ ਆਪਣੇ ਅਧਿਆਪਕਾਂ ਨੂੰ ਮਈ ਦਿਵਸ ਮਨਾਉਣ ਦਾ ਸੱਦਾ ਦਿੱਤਾ।