ਹਰੀਸ ਕਾਲੜਾ
- ਸਥਾਨਕ ਲੋਕਾਂ ਨਾਲ ਮੁਲਾਕਾਤ ਕਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਜ਼ਰੂਰੀ ਸਹਾਇਤਾ ਲਈ ਦਿੱਤੇ ਨਿਰਦੇਸ਼
ਸ਼੍ਰੀ ਚਮਕੌਰ ਸਾਹਿਬ, 31 ਮਾਰਚ 2020 - ਡੀ.ਸੀ.ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਐਸ.ਡੀ.ਐਮ ਦਫਤਰ ਸ਼੍ਰੀ ਚਮਕੌਰ ਸਾਹਿਬ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਦੌਰਾ ਕੀਤਾ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ। ਇਸ ਮੌਕੇ ਤੇ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਮਨਕਮਲ ਸਿੰਘ ਚਾਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕੰਟਰੋਲ ਰੂਮ ਵਿਖੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਟਰੋਲ ਰੂਮ ਵਿਖੇ ਇੱਕ ਰਜਿਸਟਰ ਮੈਨਟੇਨ ਕੀਤਾ ਜਾਵੇ ਅਤੇ ਸਹਾਇਤਾ ਦੇ ਲਈ ਜ਼ਿਨ੍ਹੀਆਂ ਵੀ ਟੈਲੀਫੋਨ ਆ ਰਹੇ ਹਨ ਉਨ੍ਹਾਂ ਨੂੰ ਨੋਟ ਕਰਕੇ ਸਹਾਇਤਾ ਪਹੁੰਚਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਸ ਨੰਬਰ ਤੋਂ ਕਾਲ ਆਈ ਹੈ ਉਸ ਨੰਬਰ ਤੇ ਰਾਬਤਾ ਕਾਇਮ ਕਰਕੇ ਜਿਹੜੀਆਂ- ਜਿਹੜੀਆਂ ਵਸਤੂਆਂ ਚਾਹੀਦੀਆਂ ਹਨ ਉਸਨੂੰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਰਣਜੀਤਗੜ੍ਹ ਵਿਖੇ ਵੰਡੀ ਜਾ ਰਹੀ ਕਣਕ ਸਬੰਧੀ ਜਾਣਕਾਰੀ ਵੀ ਹਾਸਿਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਜ਼ਰੂਰਤਮੰਦਾਂ ਨੂੰ ਕਣਕ ਆਟਾ ਅਤੇ ਹੋਰ ਜ਼ਰੂਰੀ ਵਸਤੂਆਂ ਸਰਕਾਰੀ ਕਰਮਚਾਰੀਆਂ ਅਤੇ ਵਲੰਟੀਅਰਸ ਵੱਲੋਂ ਵੰਡੀਆਂ ਜਾਣ ਅਤੇ ਹੋਰ ਕਿਸੇ ਦੀ ਦਖਲਅੰਦਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀ ਸੇਵਾ ਭਾਵਨਾ ਨਾਲ ਕੰਮ ਕਰਨ ਅਤੇ ਬਿਨ੍ਹਾਂ ਕਿਸੇ ਨਾਲ ਭੇਦਭਾਵ ਕੀਤੇ ਜ਼ਰੂਰਤਮੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਚਮਕੌਰ ਸਾਹਿਬ ਵਿਖੇ ਰੱਖੇ ਗਏ 13 ਕਸ਼ਮੀਰੀ ਵਿਅਕਤੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਨੂੰ ਜਿਸ ਚੀਜ਼ ਦੀ ਵੀ ਜ਼ਰੂਰਤ ਹੈ ਉਸਨੂੰ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਸਥਾਨਕ ਲੋਕਾਂ ਦੇ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਲੈਂਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਜ਼ਰੂਰੀ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਕਿਹਾ ਕਿ ਸ਼੍ਰੀ ਚਮਕੌਰ ਸਾਹਿਬ ਦੇ ਨਿਵਾਸੀਆਂ ਦੇ ਲਈ ਇੱਕ ਕੰਟਰੋਲ ਰੂਮ ਨੰਬਰ 01881-261600 ਵੀ ਜਾਰੀ ਕੀਤਾ ਗਿਆ ਹੈ। ਲੋਕ ਇਸ ਨੰਬਰ ਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇ ਲਈ ਸੰਪਰਕ ਕਰ ਸਕਦੇ ਹਨ।