ਰਾਮ ਰਹੀਮ ਸਮੇਤ 10 ਦੋਸ਼ੀਆਂ ਖਿਲਾਫ ਪੇਸ਼ ਕੀਤਾ ਚਲਾਨ -ਬੇਅਦਬੀ ਕੇਸ 'ਚ
ਦੀਪਕ ਗਰਗ
ਫਰੀਦਕੋਟ 27 ਜਨਵਰੀ 2022 - ਰੋਹਤਕ ਦੀ ਸੁਨਾਰੀਆ ਜੇਲ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਖਿਲਾਫ ਵੀਰਵਾਰ ਨੂੰ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ 63 ਨੰਬਰ FIR ਫਰੀਦਕੋਟ ਦੀ ਅਦਾਲਤ 'ਚ ਚਲਾਨ ਪੇਸ਼ ਕੀਤਾ। ਇਹ ਚਲਾਨ ਬੇਅਦਬੀ ਮਾਮਲੇ 'ਚ ਪੇਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਐਸਆਈਟੀ ਰਾਮ ਰਹੀਮ ਤੋਂ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ।
ਬਰਗਾੜੀ ਬੇਅਦਬੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ 10 ਖਿਲਾਫ ਫਰੀਦਕੋਟ ਦੀ ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ। ਇਸ ਮਾਮਲੇ ਵਿੱਚ ਐਸਆਈਟੀ ਨੇ ਜੁਲਾਈ 2020 ਵਿੱਚ ਡੇਰੇ ਦੇ ਸੱਤ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਪੁਲੀਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਤੋਂ ਇਲਾਵਾ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਸੀ ਅਤੇ ਸਾਰੇ 11 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਜਾਂਚ ਨੂੰ ਲੈ ਕੇ ਸੀਬੀਆਈ ਨਾਲ ਹੋਏ ਵਿਵਾਦ ਕਾਰਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੁਲੀਸ ਨੂੰ ਸੀਬੀਆਈ ਤੋਂ ਦਸਤਾਵੇਜ਼ ਲੈ ਕੇ ਮਾਮਲੇ ਵਿੱਚ ਸਪਲੀਮੈਂਟਰੀ ਚਲਾਨ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਪੁਲਿਸ ਦੀ ਐਸਆਈਟੀ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਰਾਮ ਰਹੀਮ ਤੋਂ ਦੋ ਵਾਰ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਵੀਰਵਾਰ ਨੂੰ ਡੇਰਾ ਮੁਖੀ ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਲਾਨ ਦਾਇਰ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।
ਜਿਕਰਯੋਗ ਹੈ ਕਿ ਸਾਲ 2015 ਵਿੱਚ ਪੰਜਾਬ ਦੇ ਬਰਗਾੜੀ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸਨ। ਇਹ ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਸੀ। ਦੋਸ਼ ਹੈ ਕਿ ਪੋਸਟਰ ਵਿੱਚ ਅਪਸ਼ਬਦ ਲਿਖੇ ਗਏ ਹਨ।
Also Read: Breaking in Sacrilege case: Four Dera followers granted bail by the court
Also Read: Bargari Sacrilege case: SIT presents challan against 6 Dera followers accused
ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਵਿਸ਼ੇਸ਼ ਜਾਂਚ ਟੀਮ ਦੀ ਪਟੀਸ਼ਨ 'ਤੇ 25 ਅਕਤੂਬਰ ਨੂੰ ਫਰੀਦਕੋਟ ਦੀ ਅਦਾਲਤ ਤੋਂ ਰਾਮ ਰਹੀਮ ਦੇ ਖਿਲਾਫ 29 ਅਕਤੂਬਰ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਦੇ ਖਿਲਾਫ ਰਾਮ ਰਹੀਮ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਵਿਸ਼ੇਸ਼ ਜਾਂਚ ਟੀਮ ਨੂੰ ਸੁਨਾਰੀਆ ਜੇਲ 'ਚ ਹੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਸੀ। ਟੀਮ ਨੇ 9 ਨਵੰਬਰ ਨੂੰ ਰਾਮ ਰਹੀਮ ਤੋਂ ਜੇਲ 'ਚ ਪੁੱਛਗਿੱਛ ਕੀਤੀ ਸੀ ਪਰ ਜਾਂਚ ਟੀਮ ਪੁੱਛਗਿੱਛ ਤੋਂ ਸੰਤੁਸ਼ਟ ਨਹੀਂ ਸੀ। ਇਸ ਤੋਂ ਬਾਅਦ ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕੀਤੀ ਗਈ।