ਅਸ਼ੋਕ ਵਰਮਾ
ਮਾਨਸਾ, 6 ਦਸੰਬਰ 2020 - ਖੇਤੀਬਾੜੀ ਦੇ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਵਿੱਚ ਆਪਣੀ ਜਾਨ ਗਵਾਉਣ ਵਾਲੇ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਕਲਾਂ ਪਿੰਡ ਦੇ ਕਿਸਾਨ ਧੰਨਾ ਸਿੰਘ ਦੇ ਭੋਗ ਸਮਾਗਮ ਵਿੱਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸ਼ਿਰਕਤ ਕੀਤੀ ਅਤੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਕਿਸਾਨ ਸਵ. ਧੰਨਾ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਵੀ ਸੌਂਪਿਆ ਜੋ ਕਿ ਮ੍ਰਿਤਕ ਕਿਸਾਨ ਦੀ ਧਰਮਪਤਨੀ ਸ਼੍ਰੀਮਤੀ ਮਨਜੀਤ ਕੌਰ, ਭਰਾ ਅਤੇ ਬੱਚਿਆਂ ਨੇ ਪ੍ਰਾਪਤ ਕੀਤਾ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਪੰਜ ਯੋਧਿਆਂ ਨੇ ਪਹਿਲਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ ਅਤੇ ਹੁਣ ਕਿਸਾਨ ਧੰਨਾ ਸਿੰਘ ਕਿਸਾਨ ਹੱਕਾਂ ਲਈ ਸ਼ਹੀਦ ਹੋ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਦੇ ਬੱਚਿਆਂ ਦੀ ਮਿਆਰੀ ਸਿੱਖਿਆ ਅਤੇ ਦੋਵੇਂ ਜ਼ਖ਼ਮੀ ਕਿਸਾਨ ਵੀਰਾਂ ਬਲਜਿੰਦਰ ਸਿੰਘ ਅਤੇ ਜਗਤਾਰ ਸਿੰਘ ਦੇ ਇਲਾਜ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।
ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਵਾਸਤੇ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਅਤੇ ਨਾਲ ਹੀ ਨਾਲ ਨਵਾਂ ਕਾਨੂੰਨ ਬਣਾਇਆ ਗਿਆ ਜਿਸ ਤਹਿਤ ਕੋਈ ਵੀ ਵਿਅਕਤੀ ਜੋ ਐਮ ਐਸ ਪੀ ਤੋਂ ਘੱਟ ਮੁੱਲ ਉੱਤੇ ਖ਼ਰੀਦ ਕਰਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ ਅਤੇ ਤਿੰਨ ਸਾਲ ਤੱਕ ਦੀ ਸਜ਼ਾ ਹੋਵੇਗੀ।
ਕੈਬਨਿਟ ਮੰਤਰੀ ਸਿੰਗਲਾ, ਜੋ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨੂੰ ਹੌਂਸਲਾ ਦੇਣ ਲਈ ਪੁੱਜੇ ਸਨ, ਨੇ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਨਾਬਾਰਡ ਦੀ ਤਰਫੋਂ ਸੜਕ ਨੂੰ ਚੌੜਾ ਕਰਵਾਉਣ, ਸਰਕਾਰੀ ਪ੍ਰਾਇਮਰੀ ਸਕੂਲ ਨੂੰ ਮਿਡਲ ਸਕੂਲ ਦਾ ਦਰਜਾ ਦੇਣ ਦਾ ਐਲਾਨ ਕੀਤਾ ਅਤੇ ਪਾਰਕ ਬਣਵਾਉਣ ਸਬੰਧੀ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਤਜਵੀਜ਼ ਭੇਜਣ ਦੀ ਵੀ ਹਦਾਇਤ ਕੀਤੀ।
ਇਸ ਮੌਕੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਸੰਦੀਪ ਭੁੱਲਰ ਇੰਚਾਰਜ ਪੰਜਾਬ ਯੂਥ ਕਾਂਗਰਸ ਚੰਡੀਗੜ੍ਹ, ਅਰਸ਼ਦੀਪ ਸਿੰਘ ਗਾਗੋਵਾਲ, ਕੁਲਵੰਤ ਰਾਏ ਸਿੰਗਲਾ, ਪੱਪੀ ਮਾਨ, ਮਨਜੀਤ ਸਿੰਘ ਧਨੇਰ, ਜਗਰਾਜ ਸਿੰਘ ਬਰੇਟਾ, ਵਿਨੋਦ ਸਿੰਗਲਾ, ਰਮੇਸ਼ ਟੈਨੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ, ਸਿਆਸੀ ਆਗੂ ਅਤੇ ਪਿੰਡਾਂ ਦੇ ਲੋਕ ਵੀ ਮੌਜੂਦ ਸਨ।