ਨਵੀਂ ਦਿੱਲੀ, 15 ਜਨਵਰੀ 2021 - ਜੰਤਰ-ਮੰਤਰ ਵਿਖ਼ੇ ਪਿਛਲੇ 40 ਦਿਨਾਂ ਤੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਧਰਨੇ ’ਤੇ ਬੈਠੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਕੁਝ ਹੋਰ ਆਗੂਆਂ ਨੂੰ ਅੱਜ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਇਹ ਕਾਰਵਾਈ ਅੱਜ ਜੰਤਰ ਮੰਤਰ ਵਿਖ਼ੇ ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿਅੰਕਾ ਗਾਂਧੀ ਦੀ ਫ਼ੇਰੀ ਤੋਂ ਬਾਅਦ ਕੀਤੀ ਗਈ।
ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਤੋਂ ਕਈ ਸੰਸਦ ਮੈਂਬਰ ਅਤੇ ਵਿਧਾਇਕ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਹੋਏ ਹਨ। 'ਅਜੀਤ' ਨਾਲ ਗੱਲਬਾਤ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੂੰਹ-ਤੋੜਵਾਂ ਜਵਾਬ ਦਿੱਤਾ ਜਾਵੇਗਾ ਅਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।