- ਕਿਸਾਨ ਅੰਦੋਲਨ ਨਾਲ ਜੁੜੇ ਨੌਜਵਾਨਾਂ ’ਤੇ ਦਰਜ ਕੇਸ ਵਾਪਸ ਲੈਂਦਿਆਂ ਸਭ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ।
- ਦੀਪ ਸਿੱਧੂ ਦੀ ਗ੍ਰਿਫ਼ਤਾਰੀ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਚੁੱਪੀ ਲਈ ਜਤਾਇਆ ਅਫ਼ਸੋਸ।
ਮਹਿਤਾ ਚੌਕ / ਅੰਮ੍ਰਿਤਸਰ 9 ਫਰਵਰੀ 2021 - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੇ ਹੱਕ ’ਚ ਲੜਾਈ ਲੜ ਰਹੇ ਨੌਜਵਾਨ ਆਗੂ ਦੀਪ ਸਿੱਧੂ ਦੀ ਗ੍ਰਿਫ਼ਤਾਰੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਦੀਪ ਸਿੱਧੂ ਦਾ ਜਾਨੀ ਜਾਂ ਜਿਸਮਾਨੀ ਨੁਕਸਾਨ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।ਉਨ੍ਹਾਂ ਮਜ਼ਦੂਰਾਂ ਦੇ ਹਿਤਾਂ ਦੀ ਰਖਵਾਲੀ ਕਰਨ ਵਾਲੀ ਬੀਬੀ ਨੌਦੀਪ ਕੌਰ ਨਾਲ ਪੁਲੀਸ ਹਿਰਾਸਤ ਵਿਚ ਹੋ ਰਹੇ ਅਣਮਨੁੱਖੀ ਤਸ਼ੱਦਦ ਅਤੇ ਅਨਿਆਂ ਦਾ ਵੀ ਸਖ਼ਤ ਨੋਟਿਸ ਲਿਆ ਹੈ।
ਪ੍ਰੋ: ਸਰਚਾਂਦ ਸਿੰਘ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਦੀਪ ਸਿੱਧੂ ਕੋਈ ਵੱਡਾ ਆਰੋਪੀ ਨਹੀਂ ਹੈ ਉਸ ਨੂੰ ਝੂਠੇ ਕੇਸ ’ਚ ਫਸਾਇਆ ਜਾ ਰਿਹਾ ਹੈ। ਉਸ ਦਾ ਕਸੂਰ ਸਿਰਫ਼ ਇੰਨਾ ਹੈ ਕਿ ਉਸ ਨੇ ਕਿਸਾਨਾਂ ਦੇ ਹਿਤ ’ਚ ਖੇਤੀ ਬਾਰੇ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤਾ ਅਤੇ ਸੰਘਰਸ਼ ਵਿੱਢਦਿਆਂ ਕੇਂਦਰ ਸਰਕਾਰ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕੇਸਰੀ ਨਿਸ਼ਾਨ ਸਾਹਿਬ ਦਾ ਸਭ ਤਨੋ ਮਨੋਂ ਸਤਿਕਾਰ ਕਰਦੇ ਹਨ। ਕਿਸੇ ਨੂੰ ਵੀ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਸੇ ਕੇਸਰੀ ਨਿਸ਼ਾਨ ਸਾਹਿਬ ਦੀ ਰਹਿਨੁਮਾਈ ਹੇਠ ਹਿੰਦੁਸਤਾਨ ਦੀ ਸਦੀਆਂ ਤੋਂ ਚਲੀ ਆ ਰਹੀ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਕੱਟਿਆ ਗਿਆ।
ਰਾਜ ਸਭਾ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਿੱਖ ਕੌਮ ਨਾਲ ਜਿਤਾਏ ਗਏ ਹੇਜ ਸੰਬੰਧੀ ਬੋਲਦਿਆਂ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਮੋਦੀ ਨੂੰ ਸਿੱਖਾਂ ਦੀ ਵਾਕਿਆ ਹੀ ਕਦਰ ਹੈ ਤਾਂ ਉਹ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨੀ ਬਾਰੇ ਤਿੰਨੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਂਦਿਆਂ ਕਿਸਾਨ ਸਮੱਸਿਆ ਦਾ ਤੁਰੰਤ ਹੱਲ ਕਰਨ ਅਤੇ ਕਿਸਾਨੀ ਅੰਦੋਲਨ ਨਾਲ ਜੁੜੇ ਨੌਜਵਾਨਾਂ ’ਤੇ ਪਾਏ ਗਏ ਕੇਸ ਵਾਪਸ ਲੈਦਿਆਂ ਉਨਾਂ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਨੌਜਵਾਨਾਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਵਿਦੇਸ਼ ’ਚ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ। ਮਾਹੌਲ ਖ਼ਰਾਬ ਹੋਣ ਤੋਂ ਬਚਾਉਣਾ ਸਰਕਾਰ ਦੇ ਹੱਥ ਹੈ।
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੀਪ ਸਿੱਧੂ ਦੀ ਗ੍ਰਿਫ਼ਤਾਰੀ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੈਰਾਨੀਜਨਕ ਚੁੱਪੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੰਘਰਸ਼ਸ਼ੀਲ ਹਰੇਕ ਵਿਅਕਤੀ ਦੀ ਸੁਰੱਖਿਆ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਸਰੋਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਦੀਪ ਸਿੱਧੂ ਸਮੇਤ ਕਿਸਾਨ ਅੰਦੋਲਨ ’ਚ ਹਿੱਸਾ ਪਾ ਰਹੇ ਹਰੇਕ ਵਿਅਕਤੀ ਦੀ ਗ੍ਰਿਫ਼ਤਾਰੀ ਅਤੇ ਝੂਠੇ ਕੇਸ ਪਾਏ ਜਾਣ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮੂਕ ਦਰਸ਼ਨ ਬਣੇ ਰਹਿਣ ਦੀ ਥਾਂ ਜਬਰ ਜ਼ੁਲਮ ਵਿਰੁੱਧ ਮਜ਼ਬੂਤ ਆਵਾਜ਼ ਉਠਾਉਣ ਅਤੇ ਸਰਕਾਰ ਨੂੰ ਸਖ਼ਤ ਤਾੜਨਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਇਕ ਦੂਜੇ ਪ੍ਰਤੀ ਦੂਸ਼ਣਬਾਜ਼ੀ ਬੰਦ ਕਰਨ ਅਤੇ ਆਪਸੀ ਮਤਭੇਦ ਭੁੱਲਾ ਕੇ ਕਿਸਾਨੀ ਸਰੋਕਾਰਾਂ ਲਈ ਇਕ ਜੁੱਟ ਹੋਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਮੁਤਾਬਿਕ ਚੱਲ ਰਹੇ ਕਿਸਾਨ ਸੰਘਰਸ਼ ਨੂੰ ਬਲ ਪੂਰਵਕ ਜਾਂ ਕਿਸੇ ਵੀ ਗ਼ਲਤ ਤਰੀਕੇ ਨਾਲ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।