ਅਸ਼ੋਕ ਵਰਮਾ
ਮਾਨਸਾ, 30 ਅਕਤੂਬਰ 2020 - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਮਾਨਸਾ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਅਤੇ ਡੀਸੀ ਦੀ ਕੋਠੀ ਅੱਗੇਵੱਡੀ ਗਿਣਤੀ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਆਪਣੀ ਮੰਗ ਤੇ ਅੜੇ ਹੋਏ ਹਨ ਜਦੋਂਕਿ ਪ੍ਰਸ਼ਾਸਨ ਕਿਸਾਨਾਂ ਨੂੰ ਅਣਗੌਲਿਆ ਕਰ ਰਿਹਾ ਹੈ। ਕਿਸਾਨ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਬੁਢਲਾਡਾ ਦੇ ਰੇਲਵੇ ਟਰੈਕ ਉਪਰ ਚੱਲ ਰਹੇ ਧਰਨੇ ਦੌਰਾਨ ਪਿੰਡ ਬਰੇ ਦੀ ਬਜ਼ੁਰਗ ਮਾਤਾ ਤੇਜ ਕੌਰ ਜਿਸ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ ਜੋ ਹਾਲੇ ਤੱਕ ਨਹੀਂ ਮੰਨੀ ਹੈ।
ਉਹਨਾਂ ਕਿਹਾ ਕਿ ਸਰਕਾਰ ਦੇ ਰੋਸ ਵਜੋਂ ਕਿਸਾਨ 12 ਅਕਤੂਬਰ ਤੋਂ ਪੱਕਾ ਮੋਰਚਾ ਲਗਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਪ੍ਰਸ਼ਾਸਨ ਅਤੇ ਸਰਕਾਰ ਮੰਗਾਂ ਨਹੀਂ ਮੰਨਦੀ ਉਦੋਂ ਤਕ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਮਹਿੰਦਰ ਸਿੰਘ ਮਾਣਾ ਨੇ ਦੱਸਿਆ ਕਿ ਹਾਲੇ ਤਕ ਮਿ੍ਰਤਕ ਮਾਤਾ ਦਾ ਸਸਕਾਰ ਵੀ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਿੰਨਾ ਚਿਰ ਉਨਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ ਅਤੇ ਮ੍ਰਿਤਕ ਮਾਤਾ ਸਸਕਾਰ ਨਹੀਂ ਕੀਤਾ ਜਾਏਗਾ। ਇਸ ਮੌਕੇ ਉੱਤਮ ਸਿੰਘ ,ਭੋਲਾ ਸਿੰਘ ਮਾਖਾ, ਭਾਨ ਸਿੰਘ ਬਰਨਾਲਾ ,ਹਰਿੰਦਰ ਸਿੰਘ ਟੋਨੀ, ਬੱਲਮ ਸਿੰਘ ,ਜਗਸੀਰ ਸਿੰਘ ਕਾਲਾ ,ਕਾਕਾ ਸਿੰਘ ਭੈਣੀਬਾਘਾ ,ਮਨਪ੍ਰੀਤ ਕੌਰ, ਬਲਜੀਤ ਕੌਰ, ਗੁਰਦੀਪ ਸਿੰਘ ਪੱਪੀ, ਦਰਸ਼ਨ ਸਿੰਘ ਅਲੀਸ਼ੇਰ, ਲਾਭ ਸਿੰਘ ਖੋਖਰ ਆਦਿ ਨੇ ਵੀ ਸੰਬੋਧਨ ਕੀਤਾ।