ਨਵਾਂਸ਼ਹਿਰ: ਪੁਲਿਸ ਨੇ ਬਿਨਾਂ ਮਾਸਕ ਵਾਲੇ 887 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 66 ਦੇ ਕੀਤੇ ਚਲਾਨ
- ਟੋਲ ਪਲਾਜ਼ਾ ਮਜਾਰੀ ਵਿਖੇ ਮੈਡੀਕਲ ਟੀਮ ਦੁਆਰਾ ਕੋਵਿਡ ਟੈਸਟ ਕਰਵਾਉਂਦੀ ਹੋਈ ਥਾਣਾ ਸਦਰ ਬਲਾਚੌਰ ਦੀ ਪੁਲਿਸ ਪਾਰਟੀ।
ਨਵਾਂਸ਼ਹਿਰ, 22 ਮਈ :ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 887 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 66 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਸਰਕਾਰ ਵੱਲੋਂ ਨਾੜ ਨੂੰ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ। ਜੇਕਰ ਫਿਰ ਵੀ ਕੋਈ ਵਿਅਕਤੀ ਅਜਿਹੀ ਗ਼ਲਤੀ ਜਾਣ-ਬੁੱਝ ਕੇ ਕਰਦਾ ਹੈ, ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।