ਨਵਾਂ ਸ਼ਹਿਰ: ਜ਼ਿਲ੍ਹੇ ਵਿਚ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣਾ ਸਮੇਂ ਦੀ ਲੋੜ: ਡਾ ਕਪੂਰ
ਨਵਾਂ ਸ਼ਹਿਰ, 20 ਮਈ 2021 - ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ਉੱਤੇ ਸੈਪਲਿਿੰਗ ਕਰਨ ਦੇ ਮੰਤਵ ਨਾਲ ਮਿਸ਼ਨ ਫ਼ਤਿਹ-2 ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਂਜੀਟਿਵ ਮਰੀਜਾ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਅਤੇ ਮਿਸ਼ਨ ਫ਼ਤਿਹ-2 ਦੇ ਟੀਚੇ ਨੂੰ ਹਾਸਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣਾ ਸਮੇਂ ਦੀ ਲੋੜ ਹੈ, ਇਸ ਲਈ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਈਰਸ ਦੀ ਲੜੀ ਨੂੰ ਤੋੜਨ ਲਈ ਆਸ਼ਾ ਵਰਕਰਾਂ ਵੱਲੋਂ ਘਰ-ਘਰ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਸਰਵੇਖਣ ਅਗਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਰ ਪਿੰਡ ਵਿੱਚ ਬੁਖਾਰ ਅਤੇ ਸਾਹ ਸਬੰਧੀ ਗੰਭੀਰ ਲਾਗ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ, ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸ਼ਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡਾਂ ਵਿਚ ਵੱਸਦੇ ਲੋਕਾਂ ਨੂੰ ਜ਼ਿਲ੍ਹੇ ਵਿਚੋਂ ਕੋਰੋਨਾ ਦੇ ਖਾਤਮੇ ਲਈ ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਇਸ ਕੰਮ ਵਿਚ ਆਮ ਲੋਕਾਂ ਨੂੰ ਵੀ ਸਿਹਤ ਵਿਭਾਗ ਨਾਲ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਰਾਕੇਸ਼ ਚੰਦਰ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਪੀਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।